ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਨਵੀਂ ਖੇਤੀ ਨੀਤੀ ਇਸ ਦਿਸ਼ਾ ਵਿੱਚ ਸਕਾਰਾਤਮਕ ਪਹਿਲ ਹੋਵੇਗੀ। ਬੀਕੇਯੂ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਨੀਤੀ ਦਾ ਖਰੜਾ ਤਿਆਰ ਹੈ ਪਰ ਇਸ ਨੂੰ ਕਿਸਾਨਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 30 ਸਤੰਬਰ ਤੱਕ ਖਰੜਾ ਕਿਸਾਨਾਂ ਨਾਲ ਸਾਂਝਾ ਕੀਤਾ ਜਾਵੇਗਾ ਅਤੇ ਨੀਤੀ ਬਾਰੇ ਉਨ੍ਹਾਂ ਦੇ ਸੁਝਾਅ ਮੰਗੇ ਜਾਣਗੇ।
ਓ.ਟੀ.ਐਸ. ਸ਼ੁਰੂ ਕਰਨ 'ਤੇ ਵਿਚਾਰ
ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਸੁਝਾਵਾਂ ਨੂੰ ਨੀਤੀ ਵਿੱਚ ਸ਼ਾਮਲ ਕੀਤਾ ਜਾਵੇਗਾ ਕਿਉਂਕਿ ਸੂਬਾ ਸਰਕਾਰ ਅਨਾਜ ਉਤਪਾਦਕਾਂ 'ਤੇ ਕੁਝ ਥੋਪਣਾ ਨਹੀਂ ਚਾਹੁੰਦੀ, ਸਗੋਂ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਉਨ੍ਹਾਂ ਨਾਲ ਸਲਾਹ ਕਰਨ ਲਈ ਵਚਨਬੱਧ ਹੈ। ਇਕ ਹੋਰ ਏਜੰਡੇ 'ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸਹਿਕਾਰੀ ਬੈਂਕਾਂ ਦੇ ਕਰਜ਼ੇ ਮੋੜਨ ਲਈ ਜਦੋ-ਜਹਿਦ ਕਰ ਰਹੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਨੂੰ ਲੋੜੀਂਦੀ ਰਾਹਤ ਦੇਣ ਲਈ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਸ਼ੁਰੂ ਕਰਨ 'ਤੇ ਵੀ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਚੱਲ ਰਹੇ ਖੇਤੀ ਸੰਕਟ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਨਾਜ ਉਤਪਾਦਕਾਂ ਦੇ ਨਾਲ ਡਟ ਕੇ ਖੜੀ ਹੈ, ਜਿਨ੍ਹਾਂ ਨੇ ਸਖ਼ਤ ਮਿਹਨਤ ਅਤੇ ਲਗਨ ਨਾਲ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ।
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਦੀ ਸੰਭਾਵਨਾ ਤਲਾਸ਼ਣ
ਕਿਸਾਨ ਯੂਨੀਅਨਾਂ ਦੇ ਆਗੂਆਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਲੈਣ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਦੀ ਸੰਭਾਵਨਾ ਤਲਾਸ਼ਣ ਅਤੇ ਕੋਈ ਢੰਗ-ਤਰੀਕਾ ਲੱਭਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕਿਸਾਨਾਂ-ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਦੇ ਮਾਮਲਿਆਂ ਵਿੱਚ ਮੁਆਵਜ਼ੇ ਦੇ ਰੱਦ ਹੋਏ ਗਏ ਕੇਸਾਂ ਨੂੰ ਮੁੜ ਘੋਖੇਗੀ।
ਭਗਵੰਤ ਮਾਨ ਨੇ ਸਬੰਧਤ ਅਧਿਕਾਰੀਆਂ ਨੂੰ ਲੋੜਵੰਦ ਵਿਅਕਤੀਆਂ ਨੂੰ ਦਿੱਤੇ ਜਾਣ ਵਾਲੇ ਪੰਜ ਮਰਲੇ ਦੇ ਪਲਾਟਾਂ ਦੇ ਕੇਸਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਸੂਬੇ ਭਰ ਵਿੱਚ ਪੰਜ ਮਰਲੇ ਦੇ ਪਲਾਟਾਂ ਨੂੰ ਤਿੰਨ ਤੋਂ ਛੇ ਮਹੀਨਿਆਂ ਦੇ ਅੰਦਰ-ਅੰਦਰ ਨਾਜ਼ਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਵਫ਼ਦ ਨੂੰ ਡੇਅਰੀ ਪਸ਼ੂਆਂ ਦੀ ਮੌਤ ਦੇ ਮੁਆਵਜ਼ੇ, ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ, ਪਾਣੀ ਦੇ ਪ੍ਰਦੂਸ਼ਣ ਅਤੇ ਬੁੱਢੇ ਨਾਲੇ ਆਦਿ ਵਰਗੇ ਮੁੱਦਿਆਂ ਨੂੰ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ ਵੀ ਦਿੱਤਾ।
- ਪੰਜਾਬੀਆਂ ਨੂੰ ਸਰਕਾਰ ਵੱਲੋਂ ਵੱਡਾ ਝਟਕਾ, ਮਹਿੰਗੀ ਹੋਈ ਬਿਜਲੀ, ਕਿਸ ਨੂੰ ਕਿੰਨਾਂ ਆਵੇਗਾ ਬਿੱਲ, ਜਾਣਨ ਲਈ ਪੜ੍ਹੋ ਪੂਰੀ ਖ਼ਬਰ - ELECTRICITY EXPENSIVE
- ਸੀਐੱਮ ਦੀ ਕੋਠੀ ਅੱਗੇ ਅਧਿਆਪਕਾਂ 'ਤੇ ਅਧਿਆਪਕ ਦਿਹਾੜੇ 'ਤੇ ਹੀ ਵਰੀਆਂ ਡਾਂਗਾਂ, ਲੱਥੀਆਂ ਪੱਗਾਂ, ਦੇਖੋ ਤਾਂ ਜਰਾ ਵੀਡੀਓ - Teachers protest in Sangrur
- ਪੰਜਾਬ ਸਰਕਾਰ ਨੇ ਦਿੱਤਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੀਤਾ ਵਾਧੇ ਦਾ ਐਲਾਨ - Punjab Petrol Price Hike