ਬਰਨਾਲਾ: ਪੰਜਾਬ ਦੀਆਂ ਜ਼ਿਮਨੀ ਚੋਣਾਂ ਦੇ ਚੱਲਦੇ ਬਰਨਾਲਾ ਵਿੱਚ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਕਾਂਗਰਸ ਪਾਰਟੀ ਵਲੋਂ ਬਰਨਾਲਾ ਸ਼ਹਿਰ ਵਿੱਚ ਸ਼ਕਤੀ ਪ੍ਰਦਰਸ਼ਨ ਵੀ ਕੀਤਾ। ਬਰਨਾਲਾ ਦੇ ਫ਼ਰਵਾਹੀ ਬਾਜ਼ਾਰ ਵਿੱਚ ਚੋਣ ਰੈਲੀ ਕੀਤੀ ਗਈ।
ਨਾਮਜ਼ਦਗੀ ਤੋਂ ਪਹਿਲਾਂ ਚੋਣ ਰੈਲੀ
ਇਸ ਰੈਲੀ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪ ਸਰਕਾਰ 'ਤੇ ਜੰਮ ਕੇ ਸਿਆਸੀ ਨਿਸ਼ਾਨੇ ਸਾਧੇ। ਰੈਲੀ ਉਪਰੰਤ ਕਾਲਾ ਢਿੱਲੋਂ, ਸੀਨੀਅਰ ਕਾਂਗਰਸ ਆਗੂ ਵਿਜੈਇੰਦਰ ਸਿੰਗਲਾ ਨਾਲ ਨਾਮਜ਼ਦਗੀ ਦਾਖ਼ਲ ਕਰਨ ਐਸਡੀਐਮ ਦਫ਼ਤਰ ਬਰਨਾਲਾ ਪੁੱਜੇ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਉਪਰੰਤ ਵਿਜੈਇੰਦਰ ਸਿੰਗਲਾ ਅਤੇ ਉਮੀਦਵਾਰ ਕਾਲਾ ਢਿੱਲੋਂ ਨੇ ਕਾਂਗਰਸ ਦੀ ਜਿੱਤ ਦਾ ਦਾਅਵਾ ਕੀਤਾ।
'ਆਪ' ਸਰਕਾਰ ਨੇ ਨਹੀਂ ਕੀਤਾ ਕੋਈ ਕੰਮ
ਇਸ ਮੌਕੇ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਉਹ ਆਪਣੀ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ, ਜਿਹਨਾਂ ਨੇ ਉਹਨਾਂ ਉਪਰ ਭਰੋਸਾ ਕਰਕੇ ਉਹਨਾਂ ਨੂੰ ਉਮੀਦਵਾਰ ਬਣਾਇਆ ਹੈ। ਉਹ ਪੂਰੀ ਤਨਦੇਹੀ ਨਾਲ ਇਹ ਚੋਣ ਲੜ ਕੇ ਜਿੱਤ ਪਾਰਟੀ ਦੀ ਝੋਲੀ ਪਾਉਣਗੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵੱਡੇ ਵਾਅਦੇ ਕਰਕੇ ਲੋਕਾਂ ਨਾਲ ਧੋਖਾ ਕੀਤਾ। ਸਿਹਤ ਅਤੇ ਸਿੱਖਿਆ ਦਾ ਕੋਈ ਵਾਅਦਾ ਪੂਰਾ ਨਹੀਂ ਕੀਤਾ। ਕਿਸਾਨਾਂ ਅਤੇ ਵਪਾਰੀਆਂ ਦੇ ਮੁੱਦਿਆਂ ਦਾ ਕੋਈ ਹੱਲ ਨਹੀਂ ਕੀਤਾ।
ਕਾਂਗਰਸ ਦੀ ਝੋਲੀ ਪਵੇਗੀ ਬਰਨਾਲਾ ਸੀਟ
ਇਸ ਦੇ ਨਾਲ ਹੀ ਕਾਲਾ ਢਿੱਲੋਂ ਨੇ ਕਿਹਾ ਕਿ ਉਹ ਬਰਨਾਲਾ ਹਲਕੇ ਦੇ ਲੋਕਾਂ ਦੇ ਪੀਣ ਵਾਲੇ ਪਾਣੀ, ਸੀਵਰੇਜ ਸਮੇਤ ਹਰ ਤਰ੍ਹਾਂ ਦੇ ਮੁੱਦੇ ਵਿਧਾਨ ਸਭਾ ਵਿੱਚ ਚੁੱਕਣਗੇ। ਉਹਨਾਂ ਕਿਹਾ ਕਿ ਵੈਸੇ ਤਾਂ ਹਰ ਵਿਰੋਧੀ ਉਮੀਦਵਾਰ ਨਾਲ ਹੀ ਮੁਕਾਬਲਾ ਹੁੰਦਾ ਹੈ, ਪਰ ਮੁੱਖ ਮੁਕਾਬਲਾ ਉਹਨਾਂ ਦਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਾਲ ਹੀ ਹੋਵੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਸ ਵਿੱਚ ਹੀ ਲੜ ਰਹੀ ਹੈ ਅਤੇ ਅਜਿਹੇ ਹਾਲਾਤ ਵਿੱਚ ਸਾਡਾ ਕਿਸੇ ਨਾਲ ਕੋਈ ਮੁਕਾਬਲਾ ਹੀ ਨਹੀਂ ਰਹਿਣਾ ਅਤੇ ਕਾਂਗਰਸ ਪਾਰਟੀ ਦੀ ਜਿੱਤ ਹੋਵੇਗੀ। ਉਹਨਾਂ ਕਿਹਾ ਕਿ ਸੱਤਾਧਿਰ ਆਮ ਆਦਮੀ ਪਾਰਟੀ ਤੋਂ ਹਰ ਵਰਗ ਦੁਖੀ ਹੈ ਅਤੇ ਲੋਕ ਕਾਂਗਰਸ ਪਾਰਟੀ ਦਾ ਸਾਥ ਦੇਣ ਲਈ ਤਿਆਰ ਹਨ।
ਲੋਕ ਸਭਾ ਵਾਂਗ ਕਾਂਗਰਸ ਦੇ ਹੱਕ 'ਚ ਆਵੇਗਾ ਫੈਸਲਾ
ਉਥੇ ਇਸ ਮੌਕੇ ਕਾਂਗਰਸ ਦੇ ਕੌਮੀ ਕੈਸ਼ੀਅਰ ਅਤੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਇਹਨਾਂ ਜਿਮਨੀ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਹੋਵੇਗੀ ਕਿਉਂਕਿ ਸੂਬਾ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋਈ ਹੈ। ਚਾਰੇ ਸੀਟਾਂ ਉਪਰ ਕਾਂਗਰਸ ਦੇ ਉਮੀਦਵਾਰ ਜਿੱਤ ਦਰਜ ਕਰਨਗੇ। ਉਹਨਾਂ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 13 ਸੀਟਾਂ ਜਿੱਤਣ ਦਾ ਦਾਅਵਾ ਕਰਦੀ ਸੀ, ਜਿਸ ਦੇ ਨਤੀਜੇ ਉਸ ਦੇ ਉਲਟ ਆਏ। ਇਸੇ ਤਰ੍ਹਾ ਇਹਨਾਂ ਜ਼ਿਮਨੀ ਚੋਣਾਂ ਦੇ ਨਤੀਜੇ ਵੀ ਕਾਂਗਰਸ ਦੇ ਹੱਕ ਵਿੱਚ ਰਹਿਣਗੇ। ਉਹਨਾਂ ਕਿਹਾ ਕਿ ਅੱਜ ਕਿਸਾਨ, ਮਜ਼ਦੂਰ, ਦੁਕਾਨਦਾਰ, ਆੜਤੀਏ ਸਮੇਤ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹਨ। ਜਿਸ ਕਰਕੇ ਸਰਕਾਰ ਹੁਣ ਕਾਂਗਰਸ ਪਾਰਟੀ ਦਾ ਸਾਥ ਇਹਨਾਂ ਚੋਣਾਂ ਵਿੱਚ ਦੇਣਗੇ।