ਲੁਧਿਆਣਾ: ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਿਚਕਾਰ ਕ੍ਰੈਡਿਟ ਵਾਰ ਸ਼ੁਰੂ ਹੋ ਗਿਆ ਹੈ। ਲੁਧਿਆਣਾ ਵਿੱਚ ਦੋਵੇਂ ਹੀ ਪਾਰਟੀਆਂ ਦੇ ਆਗੂ ਇੱਕ ਦੂਜੇ ਦੇ ਸਾਹਮਣੇ ਹਨ। ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਚੁੱਕਾ ਹੈ। ਬੀਤੇ ਦਿਨੀ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਅਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾਰ ਨੂੰ ਨਜ਼ਰਬੰਦ ਕਰਨ ਤੋਂ ਬਾਅਦ ਨਵਾਂ ਮਾਮਲਾ ਉਜਾਗਰ ਹੋਇਆ ਹੈ। ਜਿਸ ਨੂੰ ਲੈ ਕੇ ਦੋਵੇਂ ਹੀ ਪਾਰਟੀਆਂ ਦੇ ਆਗੂ ਇੱਕ ਦੂਜੇ ਉੱਤੇ ਇਲਜ਼ਾਮ ਲਗਾ ਰਹੇ ਹਨ ਅਤੇ ਆਪੋ ਆਪਣੇ ਕਾਰਜਕਾਲ ਦੇ ਵਿਚਕਾਰ ਹੋਏ ਕੰਮਾਂ ਦੇ ਉਦਘਾਟਨ ਨੂੰ ਲੈ ਕੇ ਆਹਮੋ ਸਾਹਮਣੇ ਹਨ।
ਇਸ ਤੋਂ ਪਹਿਲਾਂ ਲੁਧਿਆਣਾ ਦੇ ਇੰਦਰਾਪੁਰੀ ਚੰਡੀਗੜ੍ਹ ਰੋਡ ਉੱਤੇ ਸਥਿਤ ਸਰਕਾਰੀ ਸਕੂਲ ਨੂੰ ਲੈ ਕੇ ਵੀ ਵਿਵਾਦ ਹੋਇਆ ਸੀ, ਜਿਸ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਦਘਾਟਨ ਕੀਤਾ ਸੀ। ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਇਹ ਸਕੂਲ ਵੀ ਪਹਿਲਾਂ ਹੀ ਬਣ ਕੇ ਤਿਆਰ ਹੋ ਗਿਆ ਸੀ ਅਤੇ ਇਹ ਪ੍ਰੋਜੈਕਟ ਕਾਂਗਰਸ ਦੀ ਸਰਕਾਰ ਦੇ ਵੇਲੇ ਲਿਆਂਦਾ ਗਿਆ ਸੀ, ਜਿਸ ਨੂੰ ਮੌਜੂਦਾ ਪੰਜਾਬ ਸਰਕਾਰ ਨੇ ਆਪਣਾ ਨਾਂ ਦੇ ਕੇ ਉਸ ਦਾ ਉਦਘਾਟਨ ਕਰ ਦਿੱਤਾ। ਹੁਣ ਪੰਜ ਕਰੋੜ ਰੁਪਏ ਦੀ ਲਾਗਤ ਦੇ ਨਾਲ ਸ਼ਹੀਦ ਊਧਮ ਸਿੰਘ ਦੇ ਨਾਂ ਉੱਤੇ ਕਮਿਊਨਿਟੀ ਸੈਂਟਰ ਨੂੰ ਲੈ ਕੇ ਵਿਵਾਦ ਹੋ ਗਿਆ ਹੈ।
ਕਮਿਊਨਿਟੀ ਸੈਂਟਰ ਵਿਵਾਦ: ਲੁਧਿਆਣਾ ਦੇ ਹਲਕਾ ਪੂਰਬੀ ਵਿੱਚ ਸ਼ਹੀਦ ਊਧਮ ਸਿੰਘ ਜੀ ਦੇ ਨਾਮ ਉੱਤੇ ਲਗਭਗ 2 ਏਕੜ ਥਾਂ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਚੰਡੀਗੜ੍ਹ ਰੋਡ ਉੱਤੇ ਕਮਿਊਨਿਟੀ ਸੈਂਟਰ ਤਿਆਰ ਕੀਤਾ ਗਿਆ ਹੈ, ਜਿਸ ਦਾ ਜਾਇਜ਼ਾ ਲੈਣ ਲਈ ਬੀਤੇ ਦਿਨ 12 ਵਜੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਲੁਧਿਆਣਾ ਦੇ ਪ੍ਰਧਾਨ ਸੰਜੇ ਤਲਵਾੜ ਪਹੁੰਚਿਆ ਜਾਣਾ ਸੀ। ਇਹਨਾਂ ਦੋਵਾਂ ਹੀ ਆਗੂਆਂ ਨੂੰ ਪੁਲਿਸ ਵੱਲੋਂ ਘਰ ਦੇ ਵਿੱਚ ਹੀ ਨਜ਼ਰ ਬੰਦ ਕਰ ਲਿਆ ਗਿਆ, ਜਿਸ ਤੋਂ ਬਾਅਦ ਇਹਨਾਂ ਦੋਵਾਂ ਹੀ ਆਗੂਆਂ ਨੇ ਸਵਾਲ ਖੜ੍ਹੇ ਕੀਤੇ ਗਏ ਸਾਡੀ ਸਰਕਾਰ ਸਮੇਂ ਪ੍ਰੋਜੈਕਟ ਲਿਆਂਦਾ ਗਿਆ ਸੀ ਅਤੇ 5 ਕਰੋੜ ਰੁਪਏ ਗਲਾਡਾ ਤੋਂ ਲੈ ਕੇ ਲਗਾਏ ਗਏ ਸਨ। ਲੁਧਿਆਣਾ ਵਿਧਾਨ ਸਭਾ ਹਲਕਾ ਪੂਰਬੀ ਤੋਂ ਸਾਬਕਾ ਵਿਧਾਇਕ ਨੇ ਕਿਹਾ ਕਿ ਅਸੀਂ ਸਿਰਫ ਮੌਕੇ ਦਾ ਜਾਇਜ਼ਾ ਲੈਣ ਜਾਣਾ ਸੀ ਅਤੇ ਵਿਕਾਸ ਪ੍ਰੋਜੈਕਟ ਪੂਰਾ ਹੋ ਚੁੱਕਾ ਹੈ ਉਸ ਨੂੰ ਜਾਣ ਬੁਝ ਕੇ ਲੋਕ ਸਮਰਪਿਤ ਨਹੀਂ ਕੀਤਾ ਜਾ ਰਿਹਾ ਕਿਉਂਕਿ ਉਸ ਦਾ ਉਦਘਾਟਨ ਕੀਤਾ ਜਾਣਾ ਹੈ ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਸਕੂਲ ਦਾ ਵੀ ਉਦਘਾਟਨ ਮੁੱਖ ਮੰਤਰੀ ਪੰਜਾਬ ਨੇ ਕੀਤਾ ਸੀ ਜੋ ਕਿ ਸਾਡੀ ਸਰਕਾਰ ਵੇਲੇ ਬਣਾਇਆ ਗਿਆ ਸੀ।
ਆਪ ਦੀ ਸਫ਼ਾਈ: ਹਾਲਾਂਕਿ ਇਸ ਸਬੰਧੀ ਜਦੋਂ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਸਵਾਲ ਕੀਤਾ ਗਿਆ ਤਾਂ ਉਹਨਾਂ ਕਿਹਾ ਕਿ ਕਾਂਗਰਸ ਦੇ ਐਮਐਲਏ ਪੰਜ ਸਾਲ ਘਰ ਤੋਂ ਬਾਹਰ ਹੀ ਨਹੀਂ ਨਿਕਲੇ, ਜਦੋਂ ਕਿ ਮੌਜੂਦਾ ਸਰਕਾਰ ਦੇ ਵਿਧਾਇਕ ਅਤੇ ਮੁੱਖ ਮੰਤਰੀ ਪੰਜਾਬ ਖੁਦ ਪੰਜਾਬ ਦੇ ਲੋਕਾਂ ਦੇ ਵਿੱਚ ਦਿਨ-ਰਾਤ ਰਹਿ ਕੇ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸ ਨੇ ਕੋਈ ਪ੍ਰੋਜੈਕਟ ਨਹੀਂ ਲਿਆਂਦੇ, ਜਿੰਨੇ ਵੀ ਪ੍ਰੋਜੈਕਟ ਇਹਨਾਂ ਦੇ ਸਮੇਂ ਵਿੱਚ ਲਿਆਂਦੇ ਗਏ ਉਹ ਸਾਰੇ ਹੀ ਪੈਂਡਿੰਗ ਪਏ ਸਨ, ਜਿਨਾਂ ਨੂੰ ਪੰਜਾਬ ਸਰਕਾਰ ਵੇਲੇ ਪੂਰਾ ਕੀਤਾ ਗਿਆ ਹੈ ਅਤੇ ਉਹਨਾਂ ਉੱਤੇ ਕਰੋੜਾਂ ਰੁਪਏ ਖਰਚ ਕਰਕੇ ਉਹਨਾਂ ਨੂੰ ਤਿਆਰ ਕੀਤਾ ਗਿਆ ਹੈ। ਕਾਂਗਰਸ ਦੀ ਸਰਕਾਰ ਵੇਲੇ ਕੋਈ ਕੰਮ ਨਹੀਂ ਹੋਏ ਅਤੇ ਜੋ ਵੀ ਦਾਅਵੇ ਕਾਂਗਰਸੀ ਆਗੂ ਕਰ ਰਹੇ ਹਨ ਉਬ ਬੇਬੁਨਿਆਦ ਹਨ।
ਪਹਿਲਾਂ ਵੀ ਹੋਇਆ ਵਿਵਾਦ: ਉਦਘਾਟਨ ਨੂੰ ਲੈ ਕੇ ਇਹ ਕੋਈ ਪਹਿਲਾਂ ਵਿਵਾਦ ਨਹੀਂ ਹੈ, ਇਸ ਤੋਂ ਪਹਿਲਾਂ ਵੀ ਸਕੂਲ ਆਫ ਐਮੀਨੈਂਸ ਡੇ ਉਦਘਾਟਨ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ ਜਦੋਂ ਸੰਜੇ ਤਲਵਾਰ ਨੇ ਦਾਅਵਾ ਕੀਤਾ ਸੀ ਕਿ ਇਹ ਸਕੂਲ ਕਾਂਗਰਸ ਸਰਕਾਰ ਵੇਲੇ ਬਣਾਇਆ ਗਿਆ ਸੀ ਅਤੇ ਇਸਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਨੇ ਕੀਤਾ। ਉਹਨਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਤਿਆਰ ਹੋਏ ਪ੍ਰੋਜੈਕਟ ਲੋਕਾਂ ਨੂੰ ਸਪੁਰਦ ਕੀਤਾ ਜਾਣੇ ਚਾਹੀਦੇ ਹਨ ਅਤੇ ਇਹਨਾਂ ਉੱਤੇ ਸਿਆਸਤ ਹੋਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਲੁਧਿਆਣਾ ਦੇ ਕਾਰਕਸ ਪਲਾਂਟ ਨੂੰ ਲੈ ਕੇ ਵੀ ਕਾਫੀ ਵਿਵਾਦ ਹੋਇਆ ਸੀ, ਜਿਸ ਨੂੰ ਕਾਂਗਰਸ ਸਰਕਾਰ ਵੇਲੇ ਬਣਾਇਆ ਗਿਆ ਸੀ ਪਰ ਰਵਨੀਤ ਬਿੱਟੂ ਨੇ ਖੁਦ ਜਾ ਕੇ ਉੱਥੇ ਪਿੰਡ ਵਾਸੀਆਂ ਦੇ ਵਿਰੋਧ ਦੇ ਚਲਦਿਆਂ ਤਾਲਾ ਲਗਾ ਦਿੱਤਾ ਸੀ। ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸਵਾਲ ਖੜ੍ਹੇ ਕੀਤੇ ਸਨ ਅਤੇ ਕਿਹਾ ਸੀ ਕਿ ਇਹ ਚਿੱਟਾ ਹਾਥੀ ਸਾਬਿਤ ਹੋ ਰਿਹਾ ਹੈ ਅਤੇ ਜਨਤਾ ਦੇ ਪੈਸਿਆਂ ਦੀ ਬਰਬਾਦੀ ਹੋ ਰਹੀ ਹੈ।