ਬਰਨਾਲਾ: ਬਰਨਾਲਾ ਜਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ 90 ਫ਼ੀਸਦੀ ਮਾਮਲੇ ਘਟੇ ਹਨ। ਡੀਸੀ ਬਰਨਾਲਾ ਨੇ ਪਰਾਲੀ ਪ੍ਰਬੰਧਨ ਵਿੱਚ ਸਾਥ ਦੇਣ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਪ੍ਰੋਗਰਾਮ ਰੱਖਿਆ ਗਿਆ। ਜਿਸ ਵਿੱਚ ਚੰਗੀ ਕਾਰਗੁਜ਼ਾਰੀ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਆਂ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਲਗਾਤਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਕੰਮ ਕਰ ਰਿਹਾ ਸੀ। ਪ੍ਰਸ਼ਾਸਨ ਦੇ ਇਸ ਯਤਨਾਂ ਸਦਕਾ ਬਰਨਾਲਾ ਜ਼ਿਲ੍ਹੇ ਵਿੱਚ ਇਸ ਵਾਰ ਪਹਿਲਾਂ ਦੇ ਮੁਕਾਬਲੇ 90 ਫੀਸਦੀ ਘੱਟ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ।
ਪਰਾਲੀ ਨਾ ਸਾੜਨ ਵਾਲੇ ਜ਼ਿਲ੍ਹਿਆਂ ਵਿੱਚ ਬਰਨਾਲਾ ਦਾ ਨਾਮ
ਡੀਸੀ ਬਰਨਾਲਾ ਨੇ ਕਿਹਾ ਕਿ ਇਸ ਮਾਮਲੇ 'ਤੇ ਸਿਵਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮਿਲ ਕੇ ਕੰਮ ਕੀਤਾ ਹੈ, ਜਿਸਦਾ ਨਤੀਜਾ ਸਭ ਦੇ ਸਾਹਮਣੇ ਹੈ। ਡੀਸੀ ਬਰਨਾਲਾ ਨੇ ਕਿਹਾ ਕਿ ਪਹਿਲਾਂ ਬਰਨਾਲਾ ਜ਼ਿਲ੍ਹਾ ਪਰਾਲੀ ਸਾੜਨ ਵਾਲੇ ਪਹਿਲੇ ਪੰਜ ਜ਼ਿਲ੍ਹਿਆਂ ਵਿੱਚ ਸ਼ਾਮਿਲ ਹੁੰਦਾ ਸੀ, ਜਦਕਿ ਇਸ ਵਾਰ ਪਰਾਲੀ ਨਾ ਸਾੜਨ ਵਾਲੇ ਜ਼ਿਲ੍ਹਿਆਂ ਵਿੱਚ ਬਰਨਾਲਾ ਦਾ ਨਾਮ ਆਇਆ ਹੈ। ਜਿਸ ਦਾ ਸਮੁੱਚੇ ਬਰਨਾਲਾ ਜ਼ਿਲ੍ਹੇ ਦੇ ਪ੍ਰਸ਼ਾਸਨ ਅਤੇ ਆਪਣੀ ਟੀਮ ਉੱਪਰ ਉਨ੍ਹਾਂ ਨੂੰ ਮਾਣ ਹੈ। ਉਨ੍ਹਾਂ ਨੇ ਬਰਨਾਲਾ ਜ਼ਿਲ੍ਹੇ ਦੇ ਕਿਸਾਨਾਂ ਤੋਂ ਹਰ ਵਾਰ ਇਸੇ ਤਰ੍ਹਾਂ ਦੇ ਸਹਿਯੋਗ ਦੀ ਮੰਗ ਕੀਤੀ।
ਇਸ ਮੌਕੇ ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਜਗਦੀਸ਼ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਬਰਨਾਲਾ ਦੀ ਅਗਵਾਈ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਸ਼ਲਾਘਾਯੋਗ ਕੰਮ ਕੀਤਾ ਹੈ। ਇਸ ਮਾਮਲੇ ਵਿੱਚ ਉਨ੍ਹਾਂ ਦੇ ਖੇਤੀਬਾੜੀ ਵਿਭਾਗ ਨੇ ਵੀ ਪੂਰੀ ਤਨਦੇਹੀ ਨਾਲ ਕੰਮ ਕੀਤਾ। ਜਿਸ ਤਹਿਤ ਪਰਾਲੀ ਦੇ ਨਿਪਟਾਰੇ ਸਬੰਧੀ ਸਬਸਿਡੀ ਉੱਪਰ ਦਿੱਤੀ ਜਾਣ ਵਾਲੀ ਮਸ਼ੀਨਰੀ ਸਮੇਂ ਸਿਰ ਕਿਸਾਨਾਂ ਨੂੰ ਮੁਹੱਈਆ ਕਰਵਾਈ ਗਈ ਅਤੇ ਕਿਸਾਨਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਗਿਆ, ਜਿਸਦਾ ਨਤੀਜਾ ਸਾਡੇ ਸਭ ਦੇ ਸਾਹਮਣੇ ਹੈ। ਇਸ ਮੌਕੇ ਚੰਗੀ ਕਾਰਗੁਜ਼ਾਰੀ ਬਦਲੇ ਸਨਮਾਨ ਹਾਸਿਲ ਕਰਨ ਵਾਲੇ ਡੀਐਸਪੀ ਬਲਜੀਤ ਸਿੰਘ ਢਿੱਲੋ ਨੇ ਕਿਹਾ ਕਿ ਡੀਸੀ ਬਰਨਾਲਾ ਅਤੇ ਐਸਐਸਪੀ ਬਰਨਾਲਾ ਦੀ ਅਗਵਾਈ ਵਿੱਚ ਸਮੂਹ ਪ੍ਰਸ਼ਾਸਨ ਨੇ ਮਿਲ ਕੇ ਪਰਾਲੀ ਦੇ ਮਾਮਲੇ ਵਿੱਚ ਕੰਮ ਕੀਤਾ। ਜਿਸ ਸਦਕਾ ਬਰਨਾਲਾ ਜ਼ਿਲ੍ਹੇ ਵਿੱਚ ਸਭ ਤੋਂ ਘੱਟ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ।
ਹਾਜ਼ਰੀਆਂ ਦਾ ਧੰਨਵਾਦ
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸਤਵੰਤ ਸਿੰਘ ਵੱਲੋਂ ਸਾਰੇ ਹਾਜ਼ਰੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਅਧਿਕਾਰੀਆਂ ਕਰਮਚਾਰੀਆਂ, ਸੀ ਆਈ ਡੀ ਵਿੰਗ, ਮਾਲ ਵਿਭਾਗ ਤੋਂ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ, ਪ੍ਰਦੂਸ਼ਣ ਕੰਟਰੋਲ ਬੋਰਡ, ਸਹਿਕਾਰਤਾ ਵਿਭਾਗ, ਕਲੱਸਟਰ ਇੰਚਾਰਜ, ਖੇਤੀਬਾੜੀ ਵਿਕਾਸ ਅਫਸਰ ਅਤੇ ਟੀਮਾਂ, ਡੀਆਰਏ ਸ਼ਾਖਾ ਸਣੇ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਪ੍ਰਸੰਸਾ ਪੱਤਰਾਂ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਐੱਸਪੀ ਐਚ ਸ੍ਰੀ ਸੌਰਭ ਜਿੰਦਲ, ਐੱਸ ਡੀ ਐਮ ਬਰਨਾਲਾ ਸ. ਗੁਰਬੀਰ ਸਿੰਘ ਕੋਹਲੀ, ਐੱਸ ਡੀ ਐਮ ਤਪਾ ਸ੍ਰੀ ਰਿਸ਼ਭ ਬਾਂਸਲ, ਜ਼ਿਲ੍ਹਾ ਮਾਲ ਅਫਸਰ ਗੁਰਜਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਰਿੰਦਰ ਪਾਲ ਸਿੰਘ, ਡਿਪਟੀ ਸੀਈਓ ਜਗਤਾਰ ਸਿੰਘ ਸਿੱਧੂ, ਜ਼ਿਲ੍ਹਾ ਮੰਡੀ ਅਫ਼ਸਰ ਬੀਰਇੰਦਰ ਸਿੰਘ ਤੇ ਹੋਰ ਅਧਿਕਾਰੀ/ ਕਰਮਚਾਰੀ ਹਾਜ਼ਰ ਸਨ।