ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਜਥੇਦਾਰ ਭਾਈ ਗੁਰਦੇਵ ਸਿੰਘ ਕਾਂਉਂਕੇ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ।
'ਕੁਰਬਾਨੀ ਨੂੰ ਕੌਮ ਹਮੇਸ਼ਾ ਸਤਿਕਾਰ ਦਿੰਦੀ ਰਹੇਗੀ'
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਸਿੱਖ ਸ਼ਹੀਦਾਂ ਦੇ ਦਿਨ ਹਮੇਸ਼ਾਂ ਹੀ ਚੜ੍ਹਦੀ ਕਲਾ ਨਾਲ ਮਨਾਉਂਦੀ ਹੈ। ਇਸੇ ਤਹਿਤ ਹੀ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਅਨੁਸਾਰ ਸਿੱਖ ਕੌਮ ਦੀ ਸਤਿਕਾਰਤ ਸਖ਼ਸ਼ੀਅਤ ਸ਼ਹੀਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸਾਲਾਨਾ ਬਰਸੀ ਮਨਾਈ ਗਈ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਜਥੇਦਾਰ ਕਾਉਂਕੇ ਪੰਥਪ੍ਰਸਤ ਅਤੇ ਸਿੱਖੀ ਨੂੰ ਸਮਰਪਤ ਗੁਰਸਿੱਖ ਸਨ, ਜਿਨ੍ਹਾਂ ਦੀ ਕੁਰਬਾਨੀ ਨੂੰ ਕੌਮ ਹਮੇਸ਼ਾ ਸਤਿਕਾਰ ਦਿੰਦੀ ਰਹੇਗੀ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਗੁਰਦੇਵ ਸਿੰਘ ਕਾਉਂਕੇ ਜਿਹੜੇ ਕਿ ਕਹਿਣੀ ਅਤੇ ਕਰਨੀ ਦੇ ਪੱਕੇ ਸਨ, ਜਿਨ੍ਹਾਂ ਨੂੰ ਗੁਰੂ ਸਾਹਿਬ ਨੇ ਜਿੱਥੇ ਸਿੱਖੀ ਬਖਸ਼ੀਸ਼ ਤੇ ਚੜਦੀ ਕਲਾ ਬਖਸ਼ੀ ਉੱਥੇ ਬਹੁਤ ਮਹਾਨ ਸੇਵਾ ਵੀ ਬਖ਼ਸੀ ਸੀ। ਜੂਨ 84 ਤੋਂ ਬਾਅਦ ਉਹਨਾਂ ਨੇ ਸ੍ਰੀ ਅਕਾਲ ਤਖ਼ਤ ਦੀ ਉਸਾਰੀ ਲਈ ਮੁੜ ਸੇਵਾ ਅਰੰਭ ਕਰਵਾਈ ਸੀ ਜੋ ਇੰਦਰਾ ਗਾਂਧੀ ਦੇ ਹੁਕਮਾਂ ਤੋਂ ਬਾਅਦ ਢਹਿ ਢੇਰੀ ਕਰ ਦਿੱਤਾ ਗਿਆ। ਉਹਨਾਂ ਦੀ ਅਗਵਾਈ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੁੜ ਤੋਂ ਸੇਵਾ ਜੋ ਆਰੰਭ ਹੋਈ ਇਹ ਬਹੁਤ ਮਹਾਨ ਸੇਵਾ ਸੀ। ਗੁਰਚਰਨ ਸਿੰਘ ਗਰੇਵਾਲ ਨੇ ਕਿਸਾਨੀ ਅੰਦੋਲਨ ਬਾਰੇ ਬੋਲਦੇ ਕਿਹਾ ਕਿ ਡੱਲੇਵਾਲ ਪਿਛਲੇ 33 ਦਿਨ ਤੋਂ ਭੁੱਖ ਹੜਤਾਲ ਉੱਤੇ ਬੈਠੇ ਹਨ, ਸਰਕਾਰ ਉਹਨਾਂ ਦੀ ਕੋਈ ਸਾਰ ਨਹੀਂ ਲੈ ਰਹੀ ਹੈ ਅਤੇ ਪੰਜਾਬੀਆਂ ਨਾਲ ਧੱਕਾ ਹੋ ਰਿਹਾ ਹੈ। ਉਹਨਾਂ ਨੇ ਕਿਹਾ ਕਿ ਐਸਜੀਪੀਸੀ ਕਿਸਾਨੀ ਅੰਦੋਲਨ ਦੇ ਨਾਲ ਹੈ, ਜਿੱਥੇ ਵੀ ਲੋੜ ਪਈ ਅਸੀਂ ਹਾਜ਼ਰ ਹੋਵਾਂਗੇ।