ਪੰਜਾਬ/ਹਰਿਆਣਾ/ਚੰਡੀਗੜ੍ਹ/ਦਿੱਲੀ: 13 ਫ਼ਰਵਰੀ ਨੂੰ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵਿਖੇ ਕੀਤੇ ਜਾਣ ਵਾਲੇ ਸੰਘਰਸ਼ ਲਈ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਰਦਾਸ ਕਰਕੇ ਸੈਂਕੜੇ ਕਿਸਾਨਾਂ ਦਾ ਜੱਥਾ ਟਰੈਕਟਰ ਟਰਾਲੀਆਂ ਉੱਤੇ ਰਵਾਨਾ ਹੋਇਆ। ਕਿਸਾਨ ਆਗੂਆਂ ਨੇ ਦੱਸਿਆ ਕਿ ਜੋ ਕਮੀਆਂ ਪਿਛਲੇ ਸਮੇਂ ਵਿੱਚ ਰਹਿ ਗਈਆਂ ਸਨ, ਉਨ੍ਹਾਂ ਨੂੰ ਇਸ ਵਾਰ ਪੂਰਾ ਕਰਵਾਉਣ ਲਈ ਹੀ ਕਾਫਲਾ ਰਵਾਨਾ ਕੀਤਾ ਗਿਆ ਹੈ।
ਇਹ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ: ਬੀਕੇਯੂ ਸਿੱਧੂਪੁਰ ਦੇ ਜ਼ਿਲਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਵਿੱਚ ਮੁੱਖ ਤੌਰ ਉੱਤੇ ਐਮਐਸਪੀ ਦੀ ਗਰੰਟੀ ਕਾਨੂੰਨ ਬਣਾਉਣਾ, ਲਖੀਮਪੁਰ ਖੀਰੀ ਮਾਮਲੇ ਵਿੱਚ ਸਖ਼ਤ ਕਾਰਵਾਈ, ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ, ਕਿਸਾਨਾਂ 'ਤੇ ਦਰਜ ਕੀਤੇ ਮਾਮਲੇ ਰੱਦ ਕਰਨ ਤੋਂ ਇਲਾਵਾ ਸਮੂਹ ਮੰਗਾਂ ਨੂੰ ਪੂਰਾ ਕਰਾਉਣ ਲਈ ਦਿੱਲੀ ਵਿਖੇ ਪੱਕੇ ਮੋਰਚੇ ਲਗਾਏ ਜਾਣਗੇ। ਕਿਸਾਨਾਂ ਆਗੂ ਨੇ ਕਿਹਾ ਕਿ ਸਰਕਾਰ ਕਿੰਨੀਆਂ ਵੀ ਰੋਕਾਂ ਕਿਉਂ ਨਾ ਲਗਾਵੇ, ਪਰ ਉਹ ਹੁਣ ਦਿੱਲੀ ਦੀ ਹਿੱਕ ਉੱਤੇ ਪੱਕਾ ਮੋਰਚਾ (Delhi Chalo) ਲਗਾ ਕੇ ਹੀ ਰਹਿਣਗੇ। ਕਿਸਾਨਾਂ ਵੱਲੋਂ ਆਪਣੀਆਂ ਟਰਾਲੀਆਂ ਨੂੰ ਪੂਰੀ ਤਰ੍ਹਾਂ ਰਹਿਣ ਸਹਿਣ ਲਈ ਤਿਆਰ ਕੀਤਾ ਗਿਆ ਹੈ।
ਸੋਮਵਾਰ ਨੂੰ ਕਿਸਾਨ ਆਗੂਆਂ ਨਾਲ ਮੀਟਿੰਗ: ਹਰਿਆਣਾ ਸਰਕਾਰ ਨੇ ਦਿੱਲੀ ਵੱਲ ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਇਸ ਦੌਰਾਨ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦੂਜੇ ਦੌਰ ਦੀ ਗੱਲਬਾਤ ਲਈ ਚੰਡੀਗੜ੍ਹ ਬੁਲਾਇਆ ਹੈ। ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੇ ਕਿਸਾਨਾਂ ਨੂੰ ਇੱਕ ਪੱਤਰ ਜਾਰੀ ਕਰਕੇ ਗੱਲਬਾਤ ਲਈ ਸੱਦਾ ਦਿੱਤਾ ਹੈ। ਇਹ ਮੀਟਿੰਗ ਸੋਮਵਾਰ ਨੂੰ ਸ਼ਾਮ 5 ਵਜੇ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਹੋਵੇਗੀ। ਮੀਟਿੰਗ ਵਿੱਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਵੀ ਮੌਜੂਦ ਰਹਿਣਗੇ।
ਕੇਂਦਰ ਸਰਕਾਰ ਉੱਤੇ ਭੜਕੇ ਸੀਐਮ ਮਾਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਉੱਤੇ ਨਿਸ਼ਾਨੇ ਸਾਧੇ। ਕਿਸਾਨੀ ਮਸਲੇ ਆਪਸੀ ਗੱਲਬਾਤ ਰਾਹੀਂ ਹੱਲ ਕਰਨ ਉੱਤੇ ਦਿੱਤਾ ਜ਼ੋਰ ਦਿੱਤਾ। ਉੱਥੇ ਹੀ, ਪੰਜਾਬ ਅਤੇ ਭਾਰਤ ਵਿਚਕਾਰ ਕੰਡਿਆਲੀ ਵਾੜ ਖੜ੍ਹੀ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਗਈ ਅਤੇ ਕਿਹਾ ਕਿ ਵੱਡੇ-ਵੱਡੇ ਕਿੱਲ ਤੇ ਕੰਡਿਆਲੀਆਂ ਤਾਰਾਂ ਲੱਗਾ ਕੇ ਤੁਸੀਂ ਇੰਡੀਆ ਤੇ ਪੰਜਾਬ ਦਾ ਬਾਰਡਰ ਨਾ ਬਣਾਓ।
ਧਾਰਾ 144 ਲਾਗੂ : ਕਿਸਾਨਾਂ ਦੇ ਕੂਚ ਤੋਂ ਪਹਿਲਾਂ ਦਿੱਲੀ-ਯੂਪੀ ਦੀ ਗਾਜ਼ੀਪੁਰ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ। ਨਾਲ ਹੀ, ਸਰਹੱਦੀ ਖੇਤਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਗਾਜ਼ੀਪੁਰ ਸਰਹੱਦ 'ਤੇ ਲੋਹੇ ਅਤੇ ਕੰਕਰੀਟ ਦੇ ਬੈਰੀਕੇਡ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਪੁਰਾਣੇ ਵਾਹਨ ਵੀ ਇਕੱਠੇ ਕੀਤੇ ਜਾ ਰਹੇ ਹਨ, ਤਾਂ ਜੋ ਉਨ੍ਹਾਂ ਦੀ ਵਰਤੋਂ ਬਾਰਡਰ ਨੂੰ ਸੀਲ ਕਰਨ ਲਈ ਕੀਤੀ ਜਾ ਸਕੇ। ਇਸ ਤੋਂ ਇਲਾਵਾ ਕਈ ਥਾਵਾਂ 'ਤੇ ਲੋਹੇ ਦੀਆਂ ਗਰਿੱਲਾਂ ਲਗਾਉਣ ਦੇ ਵੀ ਪ੍ਰਬੰਧ ਕੀਤੇ ਜਾ ਰਹੇ ਹਨ।
ਸ਼ੰਭੂ ਸਰਹੱਦ 'ਤੇ ਛੱਡੇ ਹੰਝੂ ਗੈਸ ਦੇ ਗੋਲੇ: ਭਾਵੇਂ ਕਿਸਾਨ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨਗੇ, ਪਰ ਹੁਣ ਤੋਂ ਤਣਾਅ ਵਧਦਾ ਦੇਖਿਆ ਜਾ ਸਕਦਾ ਹੈ। ਅੰਬਾਲਾ ਦੇ ਸ਼ੰਭੂ ਬਾਰਡਰ 'ਤੇ ਹਾਲਾਤ ਅਜਿਹੇ ਬਣ ਗਏ ਕਿ ਐਤਵਾਰ (11 ਫਰਵਰੀ) ਨੂੰ ਪੁਲਿਸ ਨੂੰ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ। ਦਰਅਸਲ, ਇੱਥੇ ਪਹਿਲਾਂ ਹੀ ਲੋਕਾਂ ਦੀ ਭੀੜ ਇਕੱਠੀ ਹੋ ਗਈ ਸੀ ਅਤੇ ਪੁਲਿਸ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ। ਨਾਅਰੇਬਾਜ਼ੀ ਨੂੰ ਦੇਖਦੇ ਹੋਏ ਪੁਲਿਸ-ਪ੍ਰਸ਼ਾਸਨ ਨੇ ਲੋਕਾਂ ਨੂੰ ਕਈ ਵਾਰ ਪਿੱਛੇ ਹਟਣ ਲਈ ਕਿਹਾ, ਪਰ ਜਦੋਂ ਉਹ ਨਾ ਮੰਨੇ ਤਾਂ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਭੀੜ ਨੂੰ ਪਿੱਛੇ ਧੱਕ ਦਿੱਤਾ।
ਟਿੱਕਰੀ ਬਾਰਡਰ 'ਤੇ ਕੰਡਿਆਲੀ ਤਾਰ ਸਣੇ ਬੈਰੀਕੇਡਿੰਗ: ਝੱਜਰ ਦੀ ਗੱਲ ਕਰੀਏ ਤਾਂ ਟਿੱਕਰੀ ਬਾਰਡਰ 'ਤੇ ਇੱਕ ਵਾਰ ਫਿਰ ਕਿਸਾਨਾਂ ਦੇ ਅੰਦੋਲਨ ਦੀਆਂ ਆਵਾਜ਼ਾਂ ਸੁਣਾਈ ਦੇਣ ਲੱਗ ਪਈਆਂ ਹਨ। ਟਿੱਕਰੀ ਸਰਹੱਦ 'ਤੇ ਕੰਡਿਆਲੀ ਤਾਰ, ਲੋਹੇ ਅਤੇ ਸੀਮਿੰਟ ਦੇ ਭਾਰੀ ਬੈਰੀਕੇਡ ਵਾਪਸ ਆ ਗਏ ਹਨ। ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਪੂਰੀ ਤਿਆਰੀ ਕਰ ਲਈ ਹੈ। ਇੱਥੋਂ ਦੇ ਕੁਝ ਲੋਕਾਂ ਨੇ ਜਿੱਥੇ ਅੰਦੋਲਨ ਨੂੰ ਜਾਇਜ਼ ਦੱਸਿਆ, ਉੱਥੇ ਹੀ ਕੁਝ ਲੋਕਾਂ ਨੇ ਕਿਹਾ ਕਿ ਸੜਕ ਜਾਮ ਹੋਣ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।
ਜ਼ਿਕਰਯੋਗ ਹੈ ਕਿ ਪਿਛਲੀ ਵਾਰ ਜਦੋਂ ਕਿਸਾਨਾਂ ਨੇ ਅੰਦੋਲਨ ਕੀਤਾ ਸੀ, ਤਾਂ ਉਹ ਆਪਣੀਆਂ ਮੰਗਾਂ ਦੀ ਪੂਰਤੀ ਲਈ 26 ਨਵੰਬਰ 2020 ਤੋਂ 9 ਦਸੰਬਰ 2021 ਤੱਕ ਲਗਭਗ 13 ਮਹੀਨੇ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਰਹੇ ਸਨ।