ਪਠਾਨਕੋਟ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਪਠਾਨਕੋਟ ਦਾ ਦੌਰਾ ਕੀਤਾ। ਇੱਥੇ ਪਹੁੰਚ ਕੇ ਉਨ੍ਹਾਂ ਨੇ ਸਾਈਬਰ ਕ੍ਰਾਈਮ ਥਾਣੇ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਪਾਕਿਸਤਾਨ ਸਰਹੱਦ ਦੀ ਸੁਰੱਖਿਆ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਠਾਨਕੋਟ ਵਿਖੇ ਸਾਈਬਰ ਕ੍ਰਾਈਮ ਨਾਲ ਨਜਿੱਠਣ ਦੇ ਲਈ ਸਾਈਬਰ ਕ੍ਰਾਈਮ ਥਾਣੇ ਦੀ ਸ਼ੁਰੂਆਤ ਕੀਤੀ ਗਈ ਹੈ। ਜਿੱਥੇ ਸਾਈਬਰ ਠੱਗਾਂ ਦੇ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਇੱਕ ਸਾਈਬਰ ਥਾਣਾ ਖੋਲ੍ਹਿਆ ਜਾਵੇਗਾ। ਪਠਾਨਕੋਟ ਵਿਖੇ ਜੋ ਸਾਈਬਰ ਥਾਣਾ ਖੋਲ੍ਹਿਆ ਗਿਆ ਹੈ ਪੂਰੇ ਜ਼ਿਲ੍ਹੇ ਦੇ ਕੈਮਰਿਆਂ ਦਾ ਕੰਟਰੋਲ ਇਸ ਸਾਈਬਰ ਥਾਣੇ ਵਿੱਚ ਹੋਵੇਗਾ।
'ਪਠਾਨਕੋਟ ਵਿੱਚ ਹੋਰ ਵੀ ਸੀਸੀਟੀਵੀ ਕੈਮਰੇ ਲਗਾਏ ਜਾਣਗੇ'
ਇਸ ਦੌਰਾਨ ਉਨ੍ਹਾਂ ਕਿਹਾ ਕਿ ਪਠਾਨਕੋਟ ਵਿਖੇ ਹੋਰ ਵੀ ਸੀਸੀਟੀਵੀ ਕੈਮਰੇ ਲਗਾਏ ਜਾਣਗੇ ਤਾਂ ਜੋ ਸੁਰੱਖਿਆ ਨੂੰ ਪੁਖਤਾ ਬਣਾਇਆ ਜਾ ਸਕੇ। ਦੂਜੇ ਪਾਸੇ ਸਰਹੱਦੀ ਇਲਾਕੇ ਬਾਰੇ ਉਹਨਾਂ ਕਿਹਾ ਕਿ ਪਠਾਨਕੋਟ ਤੋਂ ਲੈ ਕੇ ਫਾਜ਼ਿਲਕਾ ਤੱਕ ਸੁਰੱਖਿਆ ਨੂੰ ਪੁੱਖਤਾ ਕਰਨ ਦੇ ਲਈ ਵੱਡੇ ਪੱਧਰ ’ਤੇ ਕੰਮ ਕੀਤੇ ਜਾ ਰਹੇ ਹਨ ਅਤੇ ਹੋਰ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ।
'ਖਰੀਦੇ ਜਾ ਰਹੇ ਹਨ ਨਵੇਂ ਹਥਿਆਰ ਤਾਂ ਜੋ ਪੰਜਾਬ ਪੁਲਿਸ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ'
ਉਹਨਾਂ ਦੱਸਿਆ ਕਿ ਪੰਜਾਬ ਪੁਲਿਸ ਨੂੰ ਅਪਗ੍ਰੇਡ ਕਰਨ ਦੇ ਲਈ ਜਿੱਥੇ ਇੱਕ ਪਾਸੇ ਥਾਣਿਆਂ ਵਿੱਚ ਨਵੀਆਂ ਗੱਡੀਆਂ ਦਿੱਤੀਆਂ ਜਾ ਰਹੀਆਂ ਨੇ ਉੱਥੇ ਹੀ ਦੂਜੇ ਪਾਸੇ ਨਵੇਂ ਹਥਿਆਰ ਵੀ ਖਰੀਦੇ ਜਾ ਰਹੇ ਹਨ ਤਾਂ ਜੋ ਪੰਜਾਬ ਪੁਲਿਸ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਠਾਨਕੋਟ ਦੇ ਸਰਹੱਦੀ ਇਲਾਕੇ ਵਿਖੇ ਤਾਇਨਾਤ ਸੈਕਿੰਡ ਡਿਫੈਂਸ ਆਫ ਲਾਈਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਸਰਹੱਦੀ ਇਲਾਕੇ ਵਿੱਚ ਕਿਸੇ ਵੀ ਘਟਨਾ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਸਕੇ।