ਬਰਨਾਲਾ: ਡੀ.ਆਈ.ਜੀ.ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਵੱਲੋਂ ਬਰਨਾਲਾ ਪੁਲਿਸ ਪ੍ਰਸ਼ਾਸਨ ਨਾਲ ਕ੍ਰਾਈਮ ਅਤੇ ਲੋਕ ਸਭਾ ਚੋਣਾਂ ਸਬੰਧੀ ਮੀਟਿੰਗ ਕੀਤੀ ਗਈ। ਪੁਲਿਸ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਅਤੇ ਡੀ.ਜੀ.ਪੀ.ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਥੇ ਉਨ੍ਹਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਅਫਵਾਹਾਂ ਸਬੰਧੀ ਮੀਡੀਆ ਤੋਂ ਵੀ ਸਹਿਯੋਗ ਦੀ ਮੰਗ ਕੀਤੀ।
ਅਸਲਾ ਜਮ੍ਹਾਂ ਕਰਵਾਉਣ ਦੀਆਂ ਹਦਾਇਤਾਂ: ਇਸ ਮੌਕੇ ਗੱਲਬਾਤ ਕਰਦਿਆਂ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਅਤੇ ਜ਼ਿਲ੍ਹਾ ਬਰਨਾਲਾ ਦੀ ਕ੍ਰਾਈਮ ਰੀਵਿਊ ਸਬੰਧੀ ਜ਼ਿਲ੍ਹੇ ਦੇ ਐਸ.ਐਸ.ਪੀ, ਐਸ.ਪੀਜ਼, ਡੀ.ਐਸ.ਪੀਜ਼, ਐਸ.ਐਚ.ਓਜ਼ ਅਤੇ ਚੌਕੀ ਇੰਚਾਰਜਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਚੋਣ ਕਮਿਸ਼ਨ ਅਤੇ ਡੀਜੀਪੀ ਪੰਜਾਬ ਵੱਲੋਂ ਜਾਰੀ ਹਦਾਇਤਾਂ ਨੂੰ ਪੁਲਿਸ ਅਧਿਕਾਰੀਆਂ ਨਾਲ ਸਾਂਝਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੁਲੀਸ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਰਹੇਗਾ। ਉਨ੍ਹਾਂ ਦੱਸਿਆ ਕਿ ਪੁਲੀਸ ਅਧਿਕਾਰੀਆਂ ਨੂੰ ਅਸਲਾ ਧਾਰਕਾਂ ਦੇ ਅਸਲਾ ਜਮ੍ਹਾਂ ਕਰਵਾਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।
ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ: ਇਸ ਦੇ ਨਾਲ ਹੀ ਜ਼ਿਲ੍ਹੇ ਦੇ ਵੱਖ-ਵੱਖ ਕੇਸਾਂ ਵਿੱਚ ਭਗੌੜੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਵੀ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਅਣਗਹਿਲੀ ਜਾਂ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਦਾ ਵੀ ਪੂਰਾ ਖਿਆਲ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੈਰੋਲ ’ਤੇ ਆਏ ਵਿਅਕਤੀਆਂ ਅਤੇ ਜ਼ਮਾਨਤ ’ਤੇ ਰਿਹਾਅ ਹੋਣ ਵਾਲੇ ਵਿਅਕਤੀਆਂ ਤੋਂ ਇਲਾਵਾ ਪੁਲੀਸ ਪ੍ਰਸ਼ਾਸਨ ਵੱਲੋਂ ਮਾਹੌਲ ਖ਼ਰਾਬ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕੇ ਵਿੱਚ ਅੰਤਰਰਾਜੀ ਹਰਿਆਣਾ ਦੇ ਨਾਲ ਚਾਰ ਪੁਲੀਸ ਨਾਕੇ ਹਨ। ਜਦੋਂ ਕਿ ਬਰਨਾਲਾ ਅਤੇ ਸੰਗਰੂਰ ਵਿੱਚ ਅੰਤਰ-ਜ਼ਿਲ੍ਹਾ ਨਾਕਾਬੰਦੀ ਵੀ ਕੀਤੀ ਗਈ ਹੈ। ਉੱਕਤ ਨਾਕਿਆਂ ਉੱਪਰ ਚੈਕਿੰਗ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
- ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਬਲਵੀਰ ਸਿੱਧੂ ਨੇ ਵਿਰੋਧੀ ਪਾਰਟੀਆਂ ਨੂੰ ਕੀਤਾ ਟਾਰਗੇਟ, ਕਿਹਾ- ਮੈਦਾਨ ਛੱਡ ਭੱਜੇ ਵਿਰੋਧੀ, 'ਆਪ' ਦੀ ਹੋਵੇਗੀ ਇੱਕ ਪਾਸੜ ਜਿੱਤ
- 23 ਮਾਰਚ ਨੂੰ ਮੁਹਾਲੀ ਦੇ ਨਵੇਂ ਸਟੇਡੀਅਮ 'ਚ ਆਈਪੀਐੱਲ ਮੈਚ; ਰੋਡ ਮੈਪ ਜਾਰੀ ਕਰਕੇ ਟ੍ਰੈਫਿਕ ਕੀਤੀ ਗਈ ਡਾਇਵਰਟ, ਸੁਰੱਖਿਆ ਦੇ ਸਖ਼ਤ ਇੰਤਜ਼ਾਮ
- ਵਕਫ ਬੋਰਡ ਦਾ ਅਧਿਕਾਰੀ ਚੜਿਆ ਵਿਜੀਲੈਂਸ ਅੜਿੱਕੇ, ਰਿਸ਼ਵਤ ਲੈਂਦੇ ਰੰਗੇ ਹੱਥੀ ਹੋਈ ਗ੍ਰਿਫ਼ਤਾਰੀ
ਅਫਵਾਹਾਂ ਤੋਂ ਸੁਚੇਤ ਰਹੋ: ਚੋਣਾਂ ਦੌਰਾਨ ਕਿਸੇ ਵੀ ਕਿਸਮ ਦੇ ਪੈਸੇ ਜਾਂ ਨਸ਼ੇ ਦੀ ਵਰਤੋਂ ਨਹੀਂ ਹੋਣ ਦਿੱਤੀ ਜਾਵੇਗੀ। ਇਸ ਸਬੰਧੀ ਸਿਵਲ ਪ੍ਰਸ਼ਾਸਨ ਅਤੇ ਆਮਦਨ ਕਰ ਵਿਭਾਗ ਤੋਂ ਇਲਾਵਾ ਹੋਰ ਗਠਿਤ ਟੀਮਾਂ ਨਾਲ ਸੰਪਰਕ ਕਰਕੇ ਕਾਰਵਾਈ ਕੀਤੀ ਜਾਵੇਗੀ। ਡੀ.ਆਈ.ਜੀ. ਪਟਿਆਲਾ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ ਅਰਧ ਸੈਨਿਕ ਬਲਾਂ ਦੀ ਟੁਕੜੀ ਪਹੁੰਚ ਗਈ ਹੈ, ਜਿਸ ਦੇ ਨਾਲ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਫਲੈਗ ਮਾਰਚ ਕੀਤੇ ਜਾ ਰਹੇ ਹਨ। ਇਸਤੋਂ ਇਲਾਵਾ ਚੋਣਾਂ ਦੌਰਾਨ ਬਰਨਾਲਾ ਜ਼ਿਲ੍ਹੇ ਵਿੱਚ ਦੋ ਹੋਰ ਅਰਧ ਸੈਨਿਕ ਬਲ ਤਾਇਨਾਤ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਚੋਣਾਂ ਦੌਰਾਨ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਅਫਵਾਹਾਂ ਸਬੰਧੀ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਤੁਰੰਤ ਬਰਨਾਲਾ ਪੁਲਿਸ ਪ੍ਰਸ਼ਾਸਨ ਨਾਲ ਸੰਪਰਕ ਕਰਨ ਤਾਂ ਜੋ ਸਮਾਜ ਵਿੱਚ ਅਫਵਾਹਾਂ ਬਾਰੇ ਕੋਈ ਵੀ ਗਲਤ ਜਾਣਕਾਰੀ ਨਾ ਫੈਲ ਸਕੇ।