ਹੁਸ਼ਿਆਰਪੁਰ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੱਦੇ ਉੱਤੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ,ਪੰਜਾਬ ਬਿਜਲੀ ਵਿਭਾਗਾਂ ਦੇ ਆਊਟਸੋਰਸ ਮੁਲਾਜ਼ਮ, ਸੀ ਐਚ ਬੀ ਡਬਲਿਉ ਠੇਕਾ ਮੁਲਾਜ਼ਮਾਂ ਅਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਦੇਸ਼ ਵਿਆਪੀ ਇੱਕ ਰੋਜ਼ਾ ਹੜਤਾਲ ਦੇ ਸੱਦੇ ਉੱਤੇ ਸਮੁੱਚੇ ਪੰਜਾਬ ਵਿੱਚ ਸਰਕਾਰੀ ਅਦਾਰਿਆਂ ਦੇ ਮੁੱਖ ਗੇਟਾਂ ਅਤੇ ਦਫ਼ਤਰਾਂ ਅੱਗੇ ਰੈਲੀਆਂ-ਮੁਜ਼ਾਹਰੇ ਕਰਨ ਉਪਰੰਤ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ ਪ੍ਰਦਰਸ਼ਨ।
ਭਾਜਪਾ ਵਿਰੁੱਧ ਕੱਢੀ ਭੜਾਂਸ: ਮੋਰਚੇ ਦੇ ਜ਼ਿਲ੍ਹਾ ਆਗੂ ਇੰਦਰਪ੍ਰੀਤ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਵਿਸ਼ਵ ਵਪਾਰ ਸੰਸਥਾ,ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ ਦੇ ਇਸ਼ਾਰਿਆਂ ਉੱਤੇ ਲੋਕਾਂ ਨੂੰ ਸਸਤੀਆਂ ਸਹੂਲਤਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਜਿਵੇਂ ਕਿ ਬਿਜਲੀ,ਪਾਣੀ,ਸਿਹਤ, ਸਿੱਖਿਆ,ਆਵਾਜਾਈ ਅਤੇ ਦੂਰ-ਸੰਚਾਰ ਆਦਿ ਨੂੰ ਨਿੱਜੀ ਦੇਸੀ-ਵਿਦੇਸ਼ੀ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਦੇ ਨਤੀਜੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਭੁਗਤਣੇ ਪੈਣਗੇ।
ਪੰਜਾਬ ਸਰਕਾਰ ਨੂੰ ਵੀ ਘੇਰਿਆ: ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦਾ ਉਹ ਮੁਕੰਮਲ ਬਾਈਕਾਟ ਕਰਨਗੇ ਪਰ ਪੰਜਾਬ ਸਰਕਾਰ ਨੂੰ ਵੀ ਉਹ ਨਹੀਂ ਬਖ਼ਸ਼ਣਗੇ ਕਿਉਂਕਿ ਪਟਿਆਲਾ ਵਿੱਚ ਪੰਜਾਬ ਸਰਕਾਰ ਨੇ ਵੀ ਮੋਰਚੇ ਵਿੱਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦਾ ਰਾਹ ਡੱਕਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੀ ਇਸ ਸਮੇਂ ਭਾਜਪਾ ਦੀ ਬੀ ਟੀਮ ਵਾਂਗ ਹੀ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਕਿਸਾਨ ਹਿਤੇਸ਼ੀ ਨਹੀਂ ਸਗੋਂ ਕਿਸਾਨ ਮਾਰੂ ਹਨ। ਦੱਸ ਦਈਏ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਮੁਲਾਜ਼ਮ ਯੂਨੀਅਨ ਵੱਲੋਂ ਵੀ ਬੀਤੇ ਦਿਨ ਹੀ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਮੁਕੰਮਲ ਬੱਸਾਂ ਦਾ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਗਿਆ ਸੀ। ਇਹਨਾਂ ਹੀ ਨਹੀਂ ਸਰਕਾਰੀ ਬੱਸਾਂ ਦੇ ਨਾਲ ਅੱਜ ਪ੍ਰਾਈਵੇਟ ਬੱਸਾਂ ਵੱਲੋਂ ਵੀ ਮੁਕੰਮਲ ਚੱਕਾ ਜਾਮ ਕੀਤਾ ਗਿਆ ਹੈ।