ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ। ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 21 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹੋਰ ਪੀੜਤ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ ਇੱਕ ਪੱਤਰ ਲਿਖ ਕੇ ਇਸ ਸਮੁੱਚੇ ਘਟਨਾਕ੍ਰਮ ਬਾਰੇ ਤੁਰੰਤ ਮੁੱਢਲੀ ਰਿਪੋਰਟ ਅਤੇ ਵਿਸਤ੍ਰਿਤ ਰਿਪੋਰਟ ਅੱਜ ਹੀ ਦੇਣ ਲਈ ਕਿਹਾ ਹੈ ਤਾਂ ਜੋ ਇਸ ਬਾਬਤ ਭਾਰਤੀ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਇਆ ਜਾ ਸਕੇ।
ਜਾਖੜ ਨੇ ਘੇਰੀ ਸਰਕਾਰ: ਸੀਐੱਮ ਮਾਨ ਨੂੰ ਘੇਰਦਿਆਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਕਾਰਨ 21 ਮੌਤਾਂ ਹੋ ਚੁੱਕੀਆਂ ਹਨ। ਇਹ ਆਬਕਾਰੀ ਮੰਤਰੀ ਹਰਪਾਲ ਚੀਮਾ ਦਾ ਵਿਧਾਨ ਸਭਾ ਹਲਕਾ ਹੈ। ਇੱਥੇ ਸਰਕਾਰ ਦੀ ਨੱਕ ਹੇਠਾਂ ਨਾਜਾਇਜ਼ ਸ਼ਰਾਬ ਦਾ ਧੰਦਾ ਵੱਧ-ਫੁੱਲ ਰਿਹਾ ਹੈ। ਕੁਝ ਸਮਾਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਬਿਆਨ ਦਿੱਤਾ ਸੀ ਕਿ ਜਦੋਂ ਤਰਨਤਾਰਨ ਵਿੱਚ ਅਜਿਹੀ ਘਟਨਾ ਵਾਪਰੀ ਤਾਂ ਉੱਥੇ ਧਾਰਾ 302 ਦਰਜ ਕੀਤੀ ਜਾਵੇ। ਅੱਜ ਇਸ ਮਾਮਲੇ ਵਿੱਚ 302 ਦੀ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ? ਕੇਜਰੀਵਾਲ ਦੇ ਜੇਲ੍ਹ 'ਚੋਂ ਸਰਕਾਰ ਚਲਾਉਣ ਦੇ ਸਵਾਲ 'ਤੇ ਸੁਨੀਲ ਜਾਖੜ ਨੇ ਕਿਹਾ ਕਿ ਗੈਂਗਸਟਰ ਜੇਲ੍ਹ 'ਚੋਂ ਗੈਂਗ ਚਲਾਉਂਦੇ ਹਨ। ਪੰਜਾਬ ਦੀ ਕੋਈ ਵੀ ਜੇਲ੍ਹ ਹੋਵੇ ਉੱਤੇ ਜੇਲ੍ਹ ਟੂਰਿਜ਼ਮ ਸ਼ੁਰੂ ਹੋਣਾ ਚਾਹੀਦਾ ਹੈ। ਜੇਕਰ ਭਗਵੰਤ ਮਾਨ ਕੇਜਰੀਵਾਲ ਨੂੰ ਕਰਾਰਾ ਜਵਾਬ ਦੇਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪੰਜਾਬ ਦੀ ਜੇਲ੍ਹ 'ਚ ਡੱਕਿਆ ਜਾਵੇ। ਇੱਥੋਂ ਦੀਆਂ ਜੇਲ੍ਹਾਂ ਵਿੱਚ ਸਾਰੀਆਂ ਸਹੂਲਤਾਂ ਉਪਲਬਧ ਹਨ, ਤਿਹਾੜ ਤੋਂ ਸਰਕਾਰ ਚਲਾਉਣਾ ਮੁਸ਼ਕਲ ਹੈ।
ਅਕਾਲੀ ਦਲ ਦਾ ਵਾਰ: ਸੀਐੱਮ ਮਾਨ ਨੂੰ ਘੇਰਦਿਆਂ ਸੀਨੀਅਰ ਅਕਾਲੀ ਆਗੂ ਦਲਜੀਤ ਚੀਮਾ ਨੇ ਕਿਹਾ ਹੈ ਕਿ ਪੰਜਾਬ 'ਚ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲਿਆਂ ਦੀ ਗਿਣਤੀ 21 ਹੋ ਗਈ ਹੈ ਪਰ ਅਫਸੋਸ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਗ੍ਰਹਿ ਜ਼ਿਲ੍ਹੇ 'ਚ ਹੋ ਰਹੀਆਂ ਮੌਤਾਂ ਪ੍ਰਤੀ ਗੰਭੀਰ ਨਹੀਂ ਹਨ ਅਤੇ ਸ਼ਰਾਬ ਘੁਟਾਲੇ 'ਚ ਫਸੇ ਸੀਐੱਮ ਅਰਵਿੰਦ ਕੇਜਰੀਵਾਲ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹੁਣ ਤੱਕ ਨਾ ਤਾਂ ਕੋਈ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਨਾ ਹੀ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਦਾ ਹਾਲ-ਚਾਲ ਪੁੱਛਿਆ ਹੈ। ਸੀਐੱਮ ਭਗਵੰਤ ਮਾਨ ਜਦੋਂ ਵਿਰੋਧੀ ਧਿਰ ਵਿੱਚ ਸਨ ਤਾਂ ਉਨ੍ਹਾਂ ਨੇ ਅਜਿਹੀ ਹੀ ਇੱਕ ਘਟਨਾ 'ਤੇ 302 ਦਾ ਕੇਸ ਦਰਜ ਕਰਨ ਦੀ ਮੰਗ ਉਠਾਈ ਸੀ ਪਰ ਅੱਜ ਕੀ ਹੋ ਗਿਆ ?
- ਸੰਗਰੂਰ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਵਧੀ ਮੌਤਾਂ ਦੀ ਗਿਣਤੀ, ਤਾਜ਼ਾ ਅੰਕੜੇ ਮੁਤਾਬਿਕ ਕੁੱਲ 21 ਲੋਕਾਂ ਦੀ ਹੋਈ ਮੌਤ - Sangrur poisoned liquor case
- ਸ਼ੰਭੂ ਬਾਰਡਰ 'ਤੇ ਕਿਸਾਨੀ ਅੰਦੋਲਨ 'ਚ ਪਹੁੰਚਣਗੇ ਬਜਰੰਗ ਪੁਨੀਆ, ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਨੂੰ ਦੇਣਗੇ ਸ਼ਰਧਾਂਜਲੀ - Martyrdom Day Haryana Punjab border
- ਮਾਨਸਾ ਦੀ ਅਨਾਜ ਮੰਡੀ ’ਚੋਂ ਸੰਸਥਾ ਨੇ ਵੱਡਿਆ ਪੁਰਾਣਾ ਦਰੱਖ਼ਤ, ਸ਼ਹਿਰ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ - The residents of the city protested