ਲੁਧਿਆਣਾ: ਸ਼ਹਿਰ ਦੇ ਇੱਕ ਫੈਕਟਰੀ ਮਾਲਕ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਫੈਕਟਰੀ ਮਾਲਕ ਦੀ ਸ਼ਨਾਖ਼ਤ ਦਲਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਆਪਣੇ ਦੂਜੇ ਵਿਆਹ ਤੋਂ ਬਾਅਦ ਪ੍ਰੇਸ਼ਾਨ ਚੱਲ ਰਿਹਾ ਸੀ। ਉਸ ਨੇ ਪਹਿਲੀ ਪਤਨੀ ਦੀ ਮੌਤ ਤੋਂ ਬਾਅਦ ਦੂਜਾ ਵਿਆਹ ਕਰਵਾਇਆ ਸੀ ਅਤੇ ਉਸ ਦੀ ਦੂਜੀ ਪਤਨੀ ਅਤੇ ਰਿਸ਼ਤੇਦਾਰਾਂ ਉੱਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲੱਗੇ ਹਨ। ਦੂਜੀ ਪਤਨੀ ਦੇ ਰਿਸ਼ਤੇਦਾਰ ਦਲਜੀਤ ਸਿੰਘ ਉੱਤੇ ਉਸ ਦੀ ਜਾਇਦਾਦ ਦੂਜੀ ਪਤਨੀ ਦੇ ਨਾਂਅ ਲੱਗਵਾਉਣ ਦਾ ਦਬਾਅ ਪਾ ਰਹੇ ਸੀ ਜਿਸ ਕਰਕੇ ਉਹ ਪਰੇਸ਼ਾਨ ਰਹਿਣ ਲੱਗਾ।
ਦੂਜੀ ਪਤਨੀ ਸਣੇ ਰਿਸ਼ਤੇਦਾਰ ਗ੍ਰਿਫ਼ਤਾਰ: ਮ੍ਰਿਤਕ ਦਲਜੀਤ ਸਿੰਘ ਨੇ ਗੁਰੂ ਗਿਆਨ ਵਿਹਾਰ, ਜਵੱਦੀ ਵਿੱਚ ਆਪਣੇ ਘਰ ਅੰਦਰ ਸ਼ਨੀਵਾਰ ਨੂੰ ਲਾਇਸੈਂਸੀ ਰਿਵਾਲਵਰ ਨਾਲ ਸਿਰ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਜਿਸ ਤੋਂ ਬਾਅਦ ਪੁਲਿਸ ਸਟੇਸ਼ਨ ਦੁੱਗਰੀ ਵੱਲੋਂ ਦਲਜੀਤ ਸਿੰਘ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਇਲਜ਼ਾਮ 'ਚ ਉਸ ਦੀ ਦੂਜੀ ਪਤਨੀ ਅਤੇ ਉਸ ਦੇ ਦੋ ਰਿਸ਼ਤੇਦਾਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਹੈ ਪੂਰਾ ਮਾਮਲਾ: ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨੇ ਦੱਸਿਆ ਕਿ ਇੱਕ ਮੁਲਜ਼ਮ ਦੀ ਗ੍ਰਿਫਤਾਰੀ ਹਾਲੇ ਬਾਕੀ ਹੈ। ਪੁਲਿਸ ਨੇ ਮ੍ਰਿਤਕ ਦੇ ਬੇਟੇ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਹੈ ਅਤੇ ਕਿਹਾ ਕਿ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ। ਜਾਣਕਾਰੀ ਸਾਂਝੀ ਕਰਦੇ ਹੋਏ ਐਸਆਈ ਸੁਖਦੇਵ ਰਾਜ ਨੇ ਕਿਹਾ ਕਿ ਸ਼ਿਕਾਇਤਕਰਤਾ ਦੀਪਇੰਦਰ ਸਿੰਘ ਦੇ ਬਿਆਨਾਂ ਦੇ ਅਧਾਰ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਉਸ ਦੇ ਪਿਤਾ ਨੇ ਸੰਗਰੂਰ ਦੀ ਰਹਿਣ ਵਾਲੀ ਔਰਤ ਨਾਲ ਦੁਬਾਰਾ ਵਿਆਹ ਕਰਵਾ ਲਿਆ ਅਤੇ ਉਸ ਨਾਲ ਰਹਿਣ ਲੱਗ ਪਿਆ। ਵਿਆਹ ਤੋਂ ਬਾਅਦ ਔਰਤ ਅਤੇ ਉਸ ਦੇ ਰਿਸ਼ਤੇਦਾਰ ਪੈਸੇ ਅਤੇ ਜਾਇਦਾਦ ਲਈ ਉਸ ਦੇ ਪਿਤਾ ਨੂੰ ਬਲੈਕਮੇਲ ਕਰਨ ਲੱਗੇ। ਜਿਸ ਤੋਂ ਬਾਅਦ ਉਕਤ ਮ੍ਰਿਤਕ ਦਲਜੀਤ ਸਿੰਘ ਨੇ ਖੁਦਕੁਸ਼ੀ ਕਰ ਲਈ ਅਤੇ ਇਸ ਸਬੰਧ ਵਿੱਚ ਮਾਮਲਾ ਦਰਜ ਕਰਨ ਉਪਰੰਤ ਮ੍ਰਿਤਕ ਦੀ ਪਤਨੀ ਅਤੇ ਉਸ ਦੀ ਬੇਟੀ ਸਮੇਤ ਦੋਹਤੀ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਇਸ ਮਾਮਲੇ ਵਿੱਚ ਹਾਲੇ ਇੱਕ ਹੋਰ ਮੁਲਜ਼ਮ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ।