ਫ਼ਰੀਦਕੋਟ: ਜ਼ਿਲ੍ਹੇ ਦੇ ਪਿੰਡ ਚੰਦਭਾਨ 'ਚ ਪੁਲਿਸ 'ਤੇ ਹਮਲਾ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ 39 ਮੁਲਜ਼ਮਾਂ ਨੂੰ ਲੰਘੀ ਦੇਰ ਸ਼ਾਮ ਡਿਊਟੀ ਮਜਿਸਟ੍ਰੇਟ ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਦੀ ਮੰਗ 'ਤੇ ਅਦਾਲਤ ਨੇ ਤਿੰਨ ਮੁੱਖ ਮੁਲਜ਼ਮਾਂ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ, ਜਦਕਿ ਬਾਕੀ 36 ਮੁਲਜ਼ਮਾਂ ਨੂੰ ਜੁਡੀਸ਼ੀਅਲ ਹਿਰਾਸਤ ਵਿੱਚ ਜੇਲ੍ਹ ਭੇਜਣ ਦਾ ਹੁਕਮ ਸੁਣਾਇਆ ਗਿਆ।
ਕੀ ਹੈ ਪੂਰਾ ਮਾਮਲਾ
ਜਾਣਕਾਰੀ ਦੇ ਅਨੁਸਾਰ ਸਬ ਡਿਵੀਜ਼ਨ ਜੈਤੋਂ ਦੇ ਪਿੰਡ ਚੰਦਭਾਨ ਵਿਖੇ ਪਾਣੀ ਨਿਕਾਸੀ ਨੂੰ ਲੈ ਕੇ 2 ਧਿਰਾਂ ਵਿਚਕਾਰ ਪੈਦਾ ਹੋਏ ਵਿਵਾਦ ਦੇ ਦੌਰਾਨ ਪਿੰਡ ਦੀ ਸਰਪੰਚ ਅਮਨਦੀਪ ਕੌਰ ਅਤੇ ਉਸ ਦੇ ਘਰਵਾਲੇ ਕੁਲਦੀਪ ਸਿੰਘ ਦੀ ਅਗਵਾਈ ਵਾਲੀ ਧਿਰ ਵਲੋਂ ਦੂਜੀ ਧਿਰ ਖਿਲਾਫ਼ ਕਾਰਵਾਈ ਲਈ ਧਰਨਾ ਦਿੱਤਾ ਜਾ ਰਿਹਾ ਸੀ। ਜਦ ਪੁਲਿਸ ਧਰਨਾਕਾਰੀਆਂ ਨੂੰ ਸਮਝਾਉਣ ਲਈ ਪੁੱਜੀ, ਤਾਂ ਉਨ੍ਹਾਂ ਨੇ ਪੁਲਿਸ ਉੱਤੇ ਹਮਲਾ ਕਰ ਦਿੱਤਾ ਸੀ, ਜਿਸ ਵਿੱਚ ਇੱਕ ਡੀਐਸਪੀ, ਐਸਐਚਓ ਅਤੇ ਹੋਰ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਵੀ ਜਖ਼ਮੀ ਹੋਏ ਸਨ।
ਇਸ ਮਾਮਲੇ ਵਿੱਚ ਪੁਲਿਸ ਨੇ ਪਿੰਡ ਦੀ ਮਹਿਲਾ ਸਰਪੰਚ ਅਤੇ ਉਸ ਦੇ ਪਤੀ ਸਣੇ 41 ਲੋਕਾਂ ਦੇ ਖਿਲਾਫ਼ ਬਾਈਨੇਮ ਅਤੇ 50 ਅਣਪਛਾਤਿਆਂ ਦੇ ਖਿਲਾਫ ਕੇਸ ਦਰਜ ਕੀਤਾ। ਇਨ੍ਹਾਂ ਵਿੱਚੋਂ ਹੁਣ ਤੱਕ 39 ਮੁਲਜ਼ਮ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਮਜ਼ਦੂਰ ਭਾਈਚਾਰੇ ਨਾਲ ਸਬੰਧਤ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ
ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਪੁਲਿਸ ਦੀ ਨਿਖੇਧੀ ਕੀਤੀ ਜਾ ਰਹੀ ਹੈ ਅਤੇ ਗ੍ਰਿਫਤਾਰ ਕੀਤੇ ਗਏ ਮਜ਼ਦੂਰ ਭਾਈਚਾਰੇ ਨਾਲ ਸੰਬੰਧਿਤ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪੱਧਰੀ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਪੁਲਿਸ ਰਾਜਸੀ ਸ਼ਹਿ 'ਤੇ ਇਹ ਕਾਰਵਾਈ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਵੀਡੀਓ ਸਾਹਮਣੇ ਆਏ ਹਨ, ਜਿਸ ਵਿੱਚ ਪੁਲਿਸ ਦੀ ਹਾਜ਼ਰੀ ਦੇ ਵਿੱਚ ਪਿੰਡ ਦੇ ਧਨਾੜ ਵਿਅਕਤੀਆਂ ਵਲੋਂ ਮਜ਼ਦੂਰਾਂ 'ਤੇ ਫਾਇਰਿੰਗ ਕੀਤੀ ਜਾ ਰਹੀ ਹੈ। ਇਹੋ ਜਿਹੇ ਲੋਕਾਂ ਦੇ ਖਿਲਾਫ ਵੀ ਪੁਲਿਸ ਨੂੰ ਕਾਰਵਾਈ ਕਰਨੀ ਚਾਹੀਦੀ ਹੈ।