ਖਨੌਰੀ ਬਾਰਡਰ : ਸੰਯੁਕਤ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜਦੂਰ ਮੋਰਚਾ ਵੱਲੋਂ ਇੱਕ ਵਾਰ ਫਿਰ ਵੱਡੇ ਐਲਾਨ ਕੀਤੇ ਗਏ ਹਨ। ਖਨੌਰੀ ਬਾਰਡਰ 'ਤੇ ਕਿਸਾਨ ਆਗੂਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਕਿਸਾਨ ਆਗੂਆਂ ਨੇ ਆਖਿਆ ਕਿ ਕਿਸਾਨਾਂ ਵੱਲੋਂ ਸ਼ਾਂਤਮਈ ਆਪਣੀਆਂ ਹੱਕੀ ਮੰਗਾਂ ਲਈ 13 ਫਰਵਰੀ ਤੋਂ ਸ਼ੰਭੂ ਖਨੌਰੀ ਅਤੇ ਰਤਨਪੁਰਾ ਦੇ ਬਾਰਡਰਾਂ ਉੱਪਰ ਅੰਦੋਲਨ ਲੜਿਆ ਜਾ ਰਿਹਾ ਹੈ। ਜਿਸ ਉਪਰੰਤ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਅਤੇ ਕੀਤੇ ਗਏ ਵਾਅਦਿਆਂ ਨੂੰ ਲਾਗੂ ਨਾ ਕਰਨ ਦੇ ਕਾਰਨ ਮੋਰਚੇ ਵੱਲੋਂ ਅੰਦੋਲਨ ਨੂੰ ਹੋਰ ਤਿੱਖਾ ਕਰਦੇ ਹੋਏ ਮਰਨ ਵਰਤ ਉਪਰ ਬੈਠ ਕੇ ਸ਼ਹਾਦਤ ਦੇਣ ਦਾ ਐਲਾਨ ਕੀਤਾ ਗਿਆ ਸੀ। ਕਿਸਾਨਾਂ ਨੇ ਕੇਂਦਰ ਸਰਕਾਰ ਨੂੰ 10 ਦਿਨ ਦਾ ਸਮਾਂ ਮੰਗਾਂ ਮੰਨਣ ਲਈ ਦਿੱਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਡੱਲੇਵਾਲ ਨੂੰ ਹਿਰਾਸਤ 'ਚ ਲੈਣ ਲਈ ਜਵਾਬ ਵੀ ਮੰਗਿਆ ਹੈ।
ਮਰਨ ਵਰਤ ਜਾਰੀ
ਕਿਸਾਨ ਆਗੂਆਂ ਅੱਗੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੋਰਚੇ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਅੱਜ 26 ਨਵੰਬਰ ਨੂੰ ਹੀ ਜਗਜੀਤ ਸਿੰਘ ਡੱਲੇਵਾਲ ਵੱਲੋਂ ਹਸਪਤਾਲ ਵਿੱਚ ਹੀ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਸੁਖਜੀਤ ਸਿੰਘ ਹਰਦੋਝੰਡੇ ਵੱਲੋਂ ਖਨੌਰੀ ਬਾਰਡਰ ਉੱਪਰ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਹ ਸ਼ਹਾਦਤਾਂ ਦੀ ਲੜੀ ਉਸ ਸਮੇਂ ਤੱਕ ਜਾਰੀ ਰਹੇਗੀ। ਜਦੋਂ ਤੱਕ ਭਾਰਤ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਅਤੇ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਲਾਗੂ ਨਹੀਂ ਕੀਤਾ ਜਾਂਦਾ। ਕਿਸਾਨ ਆਗੂਆਂ ਅੱਗੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਸਾਰੀ ਦੁਨੀਆ ਵਿੱਚ ਭਾਰਤ ਦੇ ਸਭ ਤੋਂ ਵੱਡਾ ਲੋਕਤੰਤਰ ਦੇਸ਼ ਹੋਣ ਦੀ ਗੱਲ ਆਖੀ ਜਾਂਦੀ ਹੈ ਪਰ ਆਪਣੇ ਹੀ ਦੇਸ਼ ਦੇ ਨਾਗਰਿਕਾਂ ਨੂੰ ਭਾਰਤੀ ਸੰਵਿਧਾਨ ਵੱਲੋਂ ਲੋਕਤਾਂਤਰਿਕ ਢੰਗ ਨਾਲ ਆਪਣੇ ਦੇਸ਼ ਦੀ ਰਾਜਧਾਨੀ ਵਿੱਚ ਜਾ ਕੇ ਆਪਣੀਆ ਹੱਕੀ ਮੰਗਾਂ ਲਈ ਆਵਾਜ਼ ਚੁੱਕਣ ਨਹੀਂ ਦਿੱਤੀ ਜਾ ਰਹੀ ਅਤੇ ਉਹਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕਿਸਾਨਾਂ ਮਜ਼ਦੂਰਾਂ ਉੱਪਰ ਪਹਿਲਾਂ ਅੰਨਾ ਅੱਤਿਆਚਾਰ ਕੀਤਾ ਗਿਆ। ਜਿਸ ਕਾਰਨ ਹੀ ਕਿਸਾਨ ਆਗੂਆਂ ਨੂੰ ਸ਼ਹਾਦਤਾਂ ਦੇਣ ਲਈ ਮਰਨ ਵਰਤ ਸ਼ੁਰੂ ਕਰਨਾ ਪਿਆ ਹੈ।
ਕੀ ਨੇ ਕਿਸਾਨਾਂ ਦੀਆਂ ਮੰਗਾਂ
- ਐਮ.ਐਸ.ਪੀ ਦਾ ਗਾਰੰਟੀ ਕਾਨੂੰਨ
- ਕਿਸਾਨਾਂ-ਮਜ਼ਦੂਰਾਂ ਦੀ ਕੁੱਲ ਕਰਜ ਮੁਕਤੀ
- ਸਵਾਮੀਨਾਥਨ ਕਮਿਸ਼ਨ ਦੇ ਸੀ²+50 ਫਾਰਮੁਲੇ ਅਨੁਸਾਰ ਫਸਲਾ ਦੇ ਭਾਅ
- 2013 ਦਾ ਭੂਮੀ ਅਧਿਗ੍ਰਹਿਣ ਕਾਨੂੰਨ ਲਾਗੂ ਕਰਨ
- ਮਨਰੇਗਾ ਮਜ਼ਦੂਰਾਂ ਨੂੰ ਸਾਲ ਵਿੱਚ 200 ਦਿਨ ਰੁਜ਼ਗਾਰ ਦੇਣ ਅਤੇ ਮਨਰੇਗਾ ਨੂੰ ਖੇਤੀ ਨਾਲ ਜੋੜਨ
ਕਿਸਾਨ ਆਗੂਆਂ ਦੀ ਅਪੀਲ
ਕਿਸਾਨ ਆਗੂਆਂ ਨੇ ਹੱਕਾਂ ਲਈ ਲੜਨ ਵਾਲੇ ਅਤੇ ਜੁਲਮ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਡੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸੁਖਜੀਤ ਸਿੰਘ ਹਰਦੋ ਝੰਡੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਅਤੇ ਉਹਨਾਂ ਦੇ ਬੱਚਿਆਂ ਦੇ ਭਵਿੱਖ ਲਈ ਆਪਣੀ ਜਾਨ ਦਾਅ 'ਤੇ ਲਗਾ ਦਿੱਤੀ ਹੈ। ਹੁਣ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦਾ ਸਾਥ ਦੇਈਏ ਅਤੇ ਖਨੌਰੀ ਮੋਰਚੇ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਈਏ। ਕਿਸਾਨ ਆਗੂ ਅੱਗੇ ਦੱਸਿਆ ਕਿ ਖਨੌਰੀ ਮੋਰਚੇ ਵਿੱਚ ਹਰਿਆਣਾ, ਪੰਜਾਬ, ਰਾਜਸਥਾਨ, ਹਿਮਾਚਲ ਅਤੇ ਯੂ.ਪੀ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਵੱਡੇ ਕਾਫਲਿਆਂ ਨਾਲ ਪਹੁੰਚਣੇ ਲਗਾਤਾਰ ਜਾਰੀ ਹਨ ਅਤੇ ਕਰਨਾਟਕ, ਤਾਮਿਲਨਾਡੂ, ਤੇਲੰਗਾਨਾ ਸਮੇਤ ਦੱਖਣੀ ਭਾਰਤ ਦੇ ਕਈ ਸੂਬਿਆਂ 'ਚ ਮਰਨ ਵਰਤ ਦੇ ਸਮਰਥਨ 'ਚ 26 ਨਵੰਬਰ ਤੋਂ ਜ਼ਿਲਾ ਹੈੱਡਕੁਆਰਟਰ 'ਤੇ ਸ਼ਾਂਤਮਈ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
- ਖਨੋਰੀ ਬਾਰਡਰ ਤੋਂ ਡੀਐਮਸੀ ਹਸਪਤਾਲ ਡੱਲੇਵਾਲ ਨੂੰ ਮਿਲਣ ਪਹੁੰਚੇ ਕਿਸਾਨ ਆਗੂ, ਸੁਣੋ ਬਾਅਦ 'ਚ ਕੀ ਦਿੱਤਾ ਬਿਆਨ
- ਕਿਸਾਨ ਅੰਦੋਲਨ ਦੀ ਚੌਥੀ ਵਰ੍ਹੇਗੰਢ ਮੌਕੇ ਕੇਂਦਰ ਖਿਲਾਫ਼ ਪ੍ਰਦਰਸ਼ਨ, ਡੱਲੇਵਾਲ ਦੀ ਗ੍ਰਿਫ਼ਤਾਰੀ ਦਾ ਵੀ ਕਿਸਾਨਾਂ ਨੇ ਕੀਤਾ ਵਿਰੋਧ
- ਖਨੌਰੀ ਬਾਰਡਰ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਕਿਸਾਨਾਂ ਨੇ ਕੀਤੀ ਵੱਡੇ ਐਕਸ਼ਨ ਦੀ ਤਿਆਰੀ