ਚੰਡੀਗੜ੍ਹ: ਅੱਜ ਦੇਸ਼ ਭਰ ਵਿੱਚ ਜਿਥੇ ਗਣਤੰਤਰ ਦਿਹਾੜਾ ਮਣਾਇਆ ਜਾ ਰਿਹਾ ਹੈ, ਉਥੇ ਹੀ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਅੱਜ ਕਿਸਾਨ ਹਰਿਆਣਾ-ਪੰਜਾਬ ਸਮੇਤ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਨਗੇ। ਇਹ ਮਾਰਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ), ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਸਿਆਸੀ) ਵੱਲੋਂ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਦੱਸ ਦਈਏ ਕਿ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਰੋਸ ਪ੍ਰਦਰਸ਼ਨ ਕਰਦਿਆਂ 26 ਜਨਵਰੀ ਨੂੰ ਸਾਂਝੇ ਤੌਰ ’ਤੇ ਟਰੈਕਟਰ ਮਾਰਚ ਕੱਢਣ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਗਿਆ ਸੀ।
ਸਰਵਣ ਸਿੰਘ ਪੰਧੇਰ ਦਾ ਸੁਨੇਹਾ
ਅੱਜ ਟਰੈਕਟਰ ਮਾਰਚ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਫੇਸਬੁੱਕ ਪੋਸਟ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਅੱਜ ਦੇਸ਼ ਦਾ ਸੰਵਿਧਾਨ ਦਿਹਾੜਾ ਮਣਾਇਆ ਜਾ ਰਿਹਾ ਹੈ ਪਰ ਇੰਝ ਲੱਗਦਾ ਹੈ ਕਿ ਕਿਸਾਨਾਂ ਲਈ ਸੰਵਿਧਾਨ ਵੱਖ ਹੈ ਅਤੇ ਕਾਰੋਬਾਰੀ, ਅੰਬਾਨੀ ਅਤੇ ਅਡਾਨੀਆਂ ਲਈ ਵੱਖ ਹੈ। ਜਿਨ੍ਹਾਂ ਨੂੰ ਕੇਂਦਰ ਦੀ ਸਰਕਾਰ ਲਾਹਾ ਦੇਣ ਲਈ ਪੰਜਾਬ ਨਾਲ ਧਕਾ ਕੀਤਾ ਜਾ ਰਿਹਾ ਹੈ।
ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਟਰੈਕਟਰ ਮਾਰਚ
ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ 200 ਥਾਵਾਂ ’ਤੇ ਕਿਸਾਨ ਟਰੈਕਟਰਾਂ ਨਾਲ ਸੜਕਾਂ ’ਤੇ ਉਤਰ ਕੇ ਰੋਸ ਪ੍ਰਗਟ ਕਰਨਗੇ। ਟਰੈਕਟਰ ਮਾਰਚ ਦੇ ਇਲਾਵਾ ਅੱਜ ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਭਾਜਪਾ ਆਗੂਆਂ ਦੇ ਘਰਾਂ ਅਤੇ ਕੋਠੀਆਂ ਅੱਗੇ ਵੀ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਨਾਲ ਕਿਸਾਨ ਵਿਰੋਧ ਜਤਾਉਣਗੇ ਅਤੇ ਨਾਲ ਹੀ ਲੋਕਾਂ ਨੂੰ ਜਾਗਰੂਕ ਕਰਨਗੇ ਕਿ ਅੰਬਾਨੀਆਂ ਅਤੇ ਅਡਾਨੀਆਂ ਨੂੰ ਲਾਭ ਪਹੁੰਚਾਉਣ ਲਈ ਕਿਸ ਤਰ੍ਹਾਂ ਭਾਜਪਾ ਕਿਸਾਨ ਅਤੇ ਪੰਜਾਬ ਵਿਰੋਧੀ ਹਥਕੰਡੇ ਅਪਣਾਅ ਰਹੀ ਹੈ।
ਡੱਲੇਵਾਲ ਦਾ ਸਮਰਥਨ
ਜ਼ਿਕਰਯੋਗ ਹੈ ਕਿ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 62ਵੇਂ ਦਿਨ 'ਚ ਸ਼ਾਮਿਲ ਹੋ ਗਿਆ ਹੈ। ਜਿੰਨ੍ਹਾਂ ਦੀ ਹਮਾਇਤ ਲਈ ਕਿਸਾਨ ਆਗੂ ਅੱਜ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਐੱਸਕੇਐੱਮ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੂੰ ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ’ਤੇ ਸੰਘਰਸ਼ ਕਰਦੇ ਨੂੰ ਇਕ ਸਾਲ ਪੂਰਾ ਹੋਣ ਵਾਲਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਭੁੱਖ ਹੜਤਾਲ ’ਤੇ ਬੈਠੇ ਹਨ, ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਕਿਸਾਨਾਂ ਤੇ ਮਜ਼ਦੂਰਾਂ ਦਾ ਸੰਘਰਸ਼ ਜਾਰੀ ਰਹੇਗਾ।
ਕਿਸਾਨ ਧਰਨੇ ਦੀ ਅਰੂਆਤ
ਜ਼ਿਕਰਯੋਗ ਹੈ ਕਿ ਪੰਜਾਬ ਦੇ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ 13 ਫਰਵਰੀ 2024 ਨੂੰ ਕਿਸਾਨ ਅੰਦੋਲਨ-2 ਸ਼ੁਰੂ ਕੀਤਾ ਸੀ। ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਮੰਤਰੀ ਚੰਡੀਗੜ੍ਹ ਪੁੱਜੇ ਅਤੇ ਕਿਸਾਨਾਂ ਨਾਲ ਤਿੰਨ ਵਾਰ ਮੀਟਿੰਗਾਂ ਕੀਤੀਆਂ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਹਾਜ਼ਰ ਸਨ, ਪਰ ਇਨ੍ਹਾਂ ਮੀਟਿੰਗਾਂ ਵਿੱਚ ਕੋਈ ਹੱਲ ਨਹੀਂ ਨਿਕਲਿਆ। ਇਸ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਸੀ ਪਰ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਰੀਕੇਡ ਲਗਾ ਕੇ ਰੋਕ ਦਿੱਤਾ। ਸਾਹਮਣੇ ਕਿਸਾਨ ਬੈਠੇ ਸਨ। 21 ਫਰਵਰੀ ਨੂੰ ਦਿੱਲੀ ਜਾਣ ਦੀ ਕੋਸ਼ਿਸ਼ ਕਰਦਿਆਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਖਨੌਰੀ ਸਰਹੱਦ 'ਤੇ ਗੋਲੀ ਮਾਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਸ਼ੁਰੂ ਹੋਇਆ ਸੰਘਰਸ਼ ਅੱਜ ਤੱਕ ਜਾਰੀ ਹੈ।