ਬਠਿੰਡਾ : ਪੰਜਾਬ ਦੇ ਕਿਸਾਨਾਂ ਦਾ ਇੱਕ ਵਾਰ ਫਿਰ ਤੋਂ ਪੁਲਿਸ ਪ੍ਰਸ਼ਾਸਨ ਨਾਲ ਟਾਕਰਾ ਹੋਇਆ ਹੈ। ਬਠਿੰਡਾ ਵਿੱਚ ਕਿਸਾਨ ਅਤੇ ਪੁਲਿਸ ਵਿਚਾਲੇ ਝੜਪ ਵੀ ਹੋਈ ਹੈ। ਦਰਅਸਲ ਕੇਂਦਰ ਸਰਕਾਰ ਦੇ 'ਭਾਰਤ ਮਾਲਾ ਪ੍ਰਾਜੈਕਟ' ਨੂੰ ਲੈ ਕੇ ਬਠਿੰਡਾ ਦੇ ਪਿੰਡ ਦੁਨੇਵਾਲਾ 'ਚ ਬੀਤੇ ਕਈ ਦਿਨਾਂ ਤੋਂ ਪੁਲਿਸ ਅਤੇ ਕਿਸਾਨਾਂ ਵਿਚਾਲੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਜਿੱਥੇ ਬੀਤੇ ਦਿਨ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਅਗਵਾਈ 'ਚ ਪ੍ਰਸ਼ਾਸਨ ਵੱਲੋਂ ਪਿੰਡ ਦੀ ਜ਼ਮੀਨ ਨੂੰ ਕਬਜ਼ੇ 'ਚ ਲੈਣ ਕਾਰਨ ਕਿਸਾਨਾਂ 'ਚ ਭਾਰੀ ਰੋਸ ਪਾਇਆ ਗਿਆ ਤਾਂ ਉੱਥੇ ਹੀ ਅੱਜ ਇਸ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਵੱਡਾ ਇਕੱਠ ਕਰਕੇ ਜ਼ਮੀਨ ਛੁਡਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਪੁਲਿਸ ਵੱਲੋਂ ਵੀ ਸਖਤੀ ਕਰਦੇ ਹੋਏ ਕਿਸਾਨਾਂ ਉੱਤੇ ਲਾਠੀਚਾਰਜ ਵੀ ਕੀਤਾ ਗਿਆ ਹੈ।
ਪੁਲਿਸ ਨੇ ਕੀਤਾ ਲਾਠੀਚਾਰਜ
ਸਵੇਰੇ ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ਰਾਹੀਂ ਬਠਿੰਡਾ ਵਿੱਚ ਦਾਖਲ ਹੁੰਦੇ ਕਿਸਾਨਾਂ ਨੂੰ ਪੁਲਿਸ ਨੇ ਭਾਈ ਘਨਈਆ ਚੌਂਕ ਵਿੱਚ ਰੋਕ ਲਿਆ। ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਅੱਗੇ ਹੋ ਕੇ ਪੁਲਿਸ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਨਾ ਸੁਣੀ ਅਤੇ ਇਹ ਹੰਗਾਮਾ ਹੋ ਗਿਆ। ਜਾਣਕਾਰੀ ਅਨੁਸਾਰ ਬੀਤੇ ਦਿਨ ਕਿਸਾਨ ਆਗੂਆਂ ਵੱਲੋਂ ਪੰਜਾਬ ਭਰ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਅਤੇ ਵਰਕਰਾਂ ਨੂੰ ਪੁੱਜਣ ਦੀ ਅਪੀਲ ਕੀਤੀ ਗਈ ਸੀ, ਜਿਸ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ ਅਤੇ ਜ਼ਮੀਨ ਤੋਂ ਕਬਜ਼ਾ ਹਟਾਉਣ ਲਈ ਅੱਗੇ ਵਧਣ ਲੱਗੇ ਹਨ। ਇਸ ਦੌਰਾਨ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦੌਰਾਨ ਦੋਵਾਂ ਪਾਸਿਆਂਂ ਤੋਂ ਧੱਕਾ-ਮੁੱਕੀ ਸ਼ੁਰੂ ਹੋ ਗਈ ਹੈ।
ਚੱਪੇ-ਚੱਪੇ 'ਤੇ ਤਾਇਨਾਤ ਪੁਲਿਸ
ਦੱਸਣਯੋਗ ਹੈ ਕਿ ਪੁਲਿਸ ਵੱਲੋਂ ਬਠਿੰਡਾ ਦੇ ਘਨਈਆ ਚੌਂਕ ਵਿੱਚ ਬਾਹਰੋਂ ਆ ਰਹੇ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ। ਇਸ ਮੌਕੇ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਦੀ ਧੱਕੇਸ਼ਾਹੀ ਦੀਆਂ ਤਸਵੀਰਾਂ ਵੀ ਸ੍ਹਾਮਣੇ ਆਈਆਂ ਹਨ। ਇਹਨਾਂ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਕਿਸਾਨਾਂ ਅਤੇ ਪੁਲਿਸ ਵਿਚਾਲੇ ਨਾਲ ਧੱਕਾ-ਮੁੱਕੀ ਹੋ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਧੱਕਾ ਕਰ ਰਿਹਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਝੜਪ ਦੌਰਾਨ ਪੁਲਿਸ ਮੁਲਾਜ਼ਮ ਜ਼ਖ਼ਮੀ
ਦੱਸ ਦਈਏ ਇਸ ਝੜਪ ਦੌਰਾਨ ਕਰੀਬ 8 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਦੱਸੇ ਜਾ ਰਹੇ ਹਨ ਅਤੇ ਇਸ ਦੌਰਾਨ ਇੱਕ ਮਹਿਲਾ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੈ ਜੋ ਹਸਪਤਾਲ ਵਿੱਚ ਜ਼ੇਰ ਏ ਇਲਾਜ ਹਨ। ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮਾਂ ਵਿੱਚ ਕੁੱਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਪੁਲਿਸ ਨੇ ਦਿੱਤੀ ਚਿਤਾਵਨੀ
ਡੀਆਈ ਜੀ ਬਠਿੰਡਾ ਹਰਚਰਨ ਸਿੰਘ ਭੁੱਲਰ ਅਤੇ ਡੀਸੀ ਸ਼ੌਕਤ ਅਹਿਮਦ ਪਰੇ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀ ਐਕਵਾਇਰ ਕੀਤੀ ਜ਼ਮੀਨ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਦੂਜੇ ਜ਼ਿਲ੍ਹਿਆਂ ਤੋਂ ਆਕੇ ਕਿਸਾਨਾਂ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ ਕਾਨੂੰਨ ਦੀ ਸਥਿਤੀ ਖਰਾਬ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਬਿਲਕੁਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਕਿਸੇ ਵੀ ਹਾਲਾਤ ਵਿੱਚ ਨੈਸ਼ਨਲ ਹਾਈਵੇ ਅਥੋਰਟੀ ਨੂੰ ਦਿੱਤੀ ਗਈ ਜ਼ਮੀਨ ਦੇ ਉੱਪਰ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਜੇਕਰ ਕੋਈ ਅਜਿਹਾ ਕਰੇਗਾ ਉਸ ਨਾਲ ਸਖ਼ਤੀ ਵਰਤੀ ਜਾਵੇਗੀ।