ਲੁਧਿਆਣਾ : ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਿਛਲੇ ਸਾਲ 13 ਫਰਵਰੀ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਹੁਣ ਹੋਰ ਤੇਜ਼ ਕਰਨ ਲਈ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਕਿਸਾਨ ਅੰਦੋਲਨ ਦੀ ਆਗਾਮੀ ਰਣਨੀਤੀ ਦੇ ਹਿੱਸੇ ਵੱਜੋਂ ਅੰਦੋਲਨ ਨੂੰ ਹੋਰ ਤੇਜ਼ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ 26 ਨਵੰਬਰ ਮਤਲਬ ਅੱਜ ਤੋਂ ਖਨੌਰੀ ਬਾਰਡਰ ਵਿਖੇ ਮਰਨ ਵਰਤ ਸ਼ੁਰੂ ਕੀਤਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਦਾ ਦਾਅਵਾ ਕਿਸਾਨਾਂ ਵੱਲੋਂ ਖਨੌਰੀ ਬਾਰਡਰ ਉੱਤੇ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਸ਼ੁਰੂ ਕਰਨ ਜਾ ਰਹੇ ਸਨ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਚੋਰਾਂ ਦੀ ਤਰ੍ਹਾਂ ਰਾਤ ਦੇ ਹਨੇਰੇ ਵਿੱਚ ਉਨ੍ਹਾਂ ਨੂੰ ਜ਼ਬਰਦਸਤੀ ਗ੍ਰਿਫ਼ਤਾਰ ਕਰ ਲਿਆ।
ਮਰਨ ਵਰਤ ਜਾਰੀ ਰੱਖਿਆ ਜਾਵੇਗਾ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਪੁਲਿਸ ਨੇ ਹਿਰਾਸਤ ਵਿੱਚ ਲੈਣ ਤੋਂ ਬਾਅਦ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ। ਜਿਸ ਤੋਂ ਬਾਅਦ ਕੁਝ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਗਿਆ ਅਤੇ ਹੁਣ ਪ੍ਰੈਸ ਕਾਨਫਰੰਸ ਤੋਂ ਬਾਅਦ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ ਆਪਣਾ ਮਰਨ ਵਰਤ ਜਾਰੀ ਰੱਖਿਆ ਜਾਵੇਗਾ। ਜਗਜੀਤ ਡੱਲੇਵਾਲ ਨੇ ਵੀ ਡੀਐਮਸੀ ਹਸਪਤਾਲ ਦੇ ਵਿੱਚ ਹੀ ਆਪਣੀ ਭੁੱਖ ਹੜਤਾਲ ਸਮੇਂ ਦੇ ਅਨੁਸਾਰ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ-ਨਾਲ ਉਨ੍ਹਾਂ ਨੇ ਸਰਕਾਰ 'ਤੇ ਵੀ ਸਵਾਲ ਖੜੇ ਕੀਤੇ ਹਨ। ਹਾਲਾਂਕਿ ਇਸ ਪ੍ਰੈਸ ਕਾਨਫਰੰਸ ਤੋਂ ਬਾਅਦ ਕੁਝ ਜਥੇਬੰਦੀਆਂ ਨੇ ਲੁਧਿਆਣਾ ਸਥਿਤ ਡੀਐਮਸੀ ਹਸਪਤਾਲ ਦੇ ਵਿੱਚ ਜਗਜੀਤ ਸਿੰਘ ਡੱਲੇਵਾਲ ਅਤੇ ਪੁਲਿਸ ਪ੍ਰਸ਼ਾਸਨ ਦੇ ਨਾਲ ਮੁਲਾਕਾਤ ਕੀਤੀ ਹੈ।
ਫੋਰਮਾਂ ਦੀ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ ਫੈਸਲਾ
ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡਲੇਵਾਲ ਚੜਦੀ ਕਲਾ ਵਿੱਚ ਨੇ ਅਤੇ ਉਨ੍ਹਾਂ ਦਾ ਮਰਨ ਵਰਤ ਜਾਰੀ ਹੈ। ਉਨ੍ਹਾਂ ਨੇ ਇਹ ਵੀ ਜ਼ਿਕਰ ਕੀਤਾ ਕਿ ਜੋ ਉਨ੍ਹਾਂ ਦੇ ਨਾਲ ਮੁਲਾਕਾਤ ਦੌਰਾਨ ਕੁਝ ਵਿਚਾਰਾਂ ਹੋਈਆਂ ਨੇ ਉਸ ਨੂੰ ਖਨੌਰੀ ਬਾਰਡਰ ਵਿਖੇ ਜਾ ਕੇ ਦੋਨਾਂ ਫੋਰਮਾਂ ਦੀ ਮੀਟਿੰਗ ਤੋਂ ਬਾਅਦ ਡਿਸਕਸ ਕਰਨ ਉਪਰੰਤ ਫੈਸਲਾ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਡੱਲੇਵਾਲ ਨਾਲ ਸਾਡੀਆਂ ਕਾਫੀ ਗੱਲਾਂ ਹੋਈਆਂ ਹਨ ਜੋ ਅਸੀਂ ਬਾਰਡਰ 'ਤੇ ਜਾ ਕੇ ਬਾਕੀ ਕਿਸਾਨ ਆਗੂਆਂ ਦੇ ਨਾਲ ਸਾਂਝੀਆਂ ਕਰਨਗੇ। ਉੱਥੇ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਜਿਸ ਤਰ੍ਹਾਂ ਡੱਲੇਵਾਲ ਨੂੰ ਹਿਰਾਸਤ ਦੇ ਵਿੱਚ ਲਿਆ ਗਿਆ। ਉਸ ਨੂੰ ਲੈ ਕੇ ਵੀ ਕਿਸਾਨ ਆਗੂਆਂ ਨੇ ਸਵਾਲ ਖੜੇ ਕੀਤੇ ਅਤੇ ਕਿਹਾ ਕਿ ਇਹ ਤਰੀਕਾ ਸਹੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਹਾਲੇ ਵੀ ਬਾਰਡਰ 'ਤੇ ਤਣਾਅਪੂਰਨ ਮਾਹੌਲ ਹੈ। ਅਗਲਾ ਪ੍ਰੋਗਰਾਮ ਉਨ੍ਹਾਂ ਨੇ ਕਿਹਾ ਕਿ ਕਿਸਾਨ ਆਗੂਆਂ ਦੇ ਨਾਲ ਮੁਲਾਕਾਤ ਕਰਨ ਤੋਂ ਬਾਅਦ ਤੈਅ ਕੀਤਾ ਜਾਵੇਗਾ।