ਚੰਡੀਗੜ੍ਹ: ਅੱਜ ਕਿਸਾਨ ਅੰਦੋਲਨ ਦਾ 23ਵਾਂ ਦਿਨ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ 22 ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਉੱਤੇ ਡਟੇ ਹੋਏ ਹਨ। ਇਸੇ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ ਦੇਸ਼ ਭਰ ਦੇ ਕਿਸਾਨ ਪੈਦਲ, ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਦਿੱਲੀ ਵੱਲ ਮਾਰਚ ਕਰਨਗੇ। ਹਾਲਾਂਕਿ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਪਹਿਲਾਂ ਹੀ ਧਰਨਾ ਦੇ ਰਹੇ ਕਿਸਾਨ ਇੱਥੇ ਬੈਠੇ ਰਹਿਣਗੇ। ਦੱਸ ਦਈਏ ਕਿ ਕਿਸਾਨ ਸਾਰੀਆਂ ਫਸਲਾਂ ਉੱਤੇ ਐਮਐਸਪੀ ਸਮੇਤ ਕਈ ਹੋਰ ਮੰਗਾਂ ਨੂੰ ਲੈਕੇ ਦਿੱਲੀ ਵੱਲ ਮਾਰਚ ਕਰਨਾ ਚਾਹੁੰਦੇ ਸਨ, ਪਰ ਹਰਿਆਣਾ ਸਰਕਾਰ ਨੇ ਉਹਨਾਂ ਨੂੰ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਉੱਤੇ ਹੀ ਰੋਕ ਲਿਆ ਹੈ।
ਅਲਰਟ ਉੱਤੇ ਪੁਲਿਸ: ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਇੱਕ ਵਾਰ ਫਿਰ 6 ਮਾਰਚ ਯਾਨੀ ਅੱਜ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ, ਇਹ ਮਾਰਚ ਪੰਜਾਬ ਅਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੂੰ ਛੱਡ ਬਾਕੀ ਦੇਸ਼ ਭਰ ਦੀਆਂ ਜਥੇਬੰਦੀਆਂ ਵੱਲੋਂ ਕੀਤਾ ਜਾਵੇਗਾ। ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਅਲਰਟ ਮੋਡ 'ਤੇ ਹੈ। ਅੰਬਾਲਾ ਦੀ ਸ਼ੰਭੂ ਸਰਹੱਦ ਅਤੇ ਜੀਂਦ ਦੀ ਖਨੌਰੀ ਸਰਹੱਦ ਨੂੰ ਅਜੇ ਵੀ ਸਾਵਧਾਨੀ ਦੇ ਤੌਰ 'ਤੇ ਬੰਦ ਰੱਖਿਆ ਗਿਆ ਹੈ। ਪ੍ਰਸ਼ਾਸਨ ਨੇ ਅਜੇ ਤੱਕ ਇਸ ਨੂੰ ਖੋਲ੍ਹਣ ਦਾ ਫੈਸਲਾ ਨਹੀਂ ਕੀਤਾ ਹੈ। ਫਿਲਹਾਲ 6 ਮਾਰਚ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਪੁਲਿਸ ਵੱਲੋਂ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।
ਹਰਿਆਣਾ ਸਰਕਾਰ ਨੇ ਖੋਲ੍ਹੇ ਕਈ ਰਸਤੇ: ਕਿਸਾਨਾਂ ਦੇ ਅੰਦੋਲਨ ਕਾਰਨ ਅੰਬਾਲਾ ਦਾ ਸੱਦੋਪੁਰ ਸਰਹੱਦ ਪਿਛਲੇ 23 ਦਿਨਾਂ ਤੋਂ ਬੰਦ ਸੀ। ਇਹ ਹਾਈਵੇਅ ਅੰਬਾਲਾ ਤੋਂ ਚੰਡੀਗੜ੍ਹ ਤੱਕ ਲੰਘਦਾ ਹੈ। ਬੀਤੇ ਦਿਨ ਇਸ ਨੂੰ ਦੋਵਾਂ ਪਾਸਿਆਂ ਤੋਂ ਖੋਲ੍ਹ ਦਿੱਤਾ ਗਿਆ ਹੈ। ਸਰਹੱਦ ਖੁੱਲ੍ਹਣ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ ਅਤੇ ਵਾਹਨਾਂ ਦੀ ਆਵਾਜਾਈ ਸ਼ੁਰੂ ਹੋ ਗਈ ਹੈ। ਇਹ ਸੜਕ ਸੱਦੋਪੁਰ ਤੋਂ ਬੰਦ ਕਰ ਦਿੱਤੀ ਗਈ ਸੀ। ਦੂਜੇ ਪਾਸੇ ਕਿਸਾਨਾਂ ਵੱਲੋਂ ਸਰਹੱਦ 'ਤੇ ਹੀ ਧਰਨਾ ਦੇਣ ਦੇ ਐਲਾਨ ਤੋਂ ਬਾਅਦ ਹਿਸਾਰ-ਅੰਬਾਲਾ-ਚੰਡੀਗੜ੍ਹ ਹਾਈਵੇਅ (152) ਨੂੰ ਵੀ ਖੋਲ੍ਹ ਦਿੱਤਾ ਗਿਆ। ਲੋਕ ਹੁਣ ਸਿੱਧੇ ਚੰਡੀਗੜ੍ਹ ਜਾ ਸਕਦੇ ਹਨ।
ਕਿਸਾਨ 10 ਮਾਰਚ ਨੂੰ ਰੋਕਣਗੇ ਰੇਲਾਂ: ਇਸ ਤੋਂ ਪਹਿਲਾਂ 3 ਮਾਰਚ ਨੂੰ ਬਠਿੰਡਾ ਵਿੱਚ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਸੀ ਕਿ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਰੇਲਾਂ ਰੋਕੀਆਂ ਜਾਣਗੀਆਂ।
14 ਮਾਰਚ ਨੂੰ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ: ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੀ ਮਹਾਪੰਚਾਇਤ ਦੀ ਰੂਪਰੇਖਾ ਦੇ ਦਿੱਤੀ ਹੈ। ਇਸ ਦਾ ਨਾਂ ਕਿਸਾਨ-ਮਜ਼ਦੂਰ ਮਹਾਪੰਚਾਇਤ ਰੱਖਿਆ ਗਿਆ ਹੈ। ਇਸ ਵਿੱਚ ਦੇਸ਼ ਭਰ ਤੋਂ ਕਿਸਾਨ ਟਰੈਕਟਰ-ਟਰਾਲੀਆਂ ਛੱਡ ਕੇ ਬੱਸਾਂ, ਰੇਲਾਂ ਅਤੇ ਹੋਰ ਵਾਹਨਾਂ ਰਾਹੀਂ ਜਾਣਗੇ। ਮਹਾਪੰਚਾਇਤ ਤੋਂ ਬਾਅਦ ਸਿੱਧੇ ਘਰ ਪਰਤਣਗੇ। 8 ਮਾਰਚ ਨੂੰ ਮਹਿਲਾ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਵੇਗਾ।