ਮਾਨਸਾ: ਕਿਸਾਨ ਅੰਦੋਲਨ ਦੀ ਚੌਥੀ ਵਰ੍ਹੇਗੰਢ ਮੌਕੇ ਅੱਜ ਮਾਨਸਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਕਚਹਿਰੀ ਦੇ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਸਾਨੀ ਮੰਗਾਂ ਨੂੰ ਲਾਗੂ ਕਰਨ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਅਤੇ ਕਿਸਾਨੀ ਅੰਦੋਲਨ ਦੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਕਿਸਾਨ ਨੇਤਾਵਾਂ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੀ ਗ੍ਰਿਫਤਾਰੀ ਦੀ ਵੀ ਸਖ਼ਤ ਸ਼ਬਦਾਂ ਦੇ ਵਿੱਚ ਨਿੰਦਾ ਕੀਤੀ ਗਈ।
ਕਿਸਾਨੀ ਅੰਦੋਲਨ ਦੀ ਚੌਥੀ ਵਰ੍ਹੇਗੰਢ
ਕਾਬਿਲੇਗੌਰ ਹੈ ਕਿ 26 ਨਵੰਬਰ 2020 ਨੂੰ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਵੱਲ ਨੂੰ ਕੂਚ ਕੀਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਸਵਾ ਸਾਲ ਦੇ ਕਰੀਬ ਦਿੱਲੀ ਦੇ ਵਿੱਚ ਧਰਨਾ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦਾ ਐਲਾਨ ਕਰਵਾਇਆ ਸੀ। ਅੱਜ ਕਿਸਾਨੀ ਅੰਦੋਲਨ ਦੇ ਚੌਥੇ ਵਰੀ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਕਚਹਿਰੀ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਬਾਹਰ ਧਰਨੇ ਪ੍ਰਦਰਸ਼ਨ ਕਰਕੇ ਰਾਸ਼ਟਰਪਤੀ ਦੇ ਨਾਮ ਖੇਤੀ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਮੰਗ ਪੱਤਰ ਵੀ ਭੇਜਿਆ ਗਿਆ।
ਕੇਂਦਰ ਨੇ ਨਹੀਂ ਮੰਨੀਆਂ ਕਿਸਾਨੀ ਮੰਗਾਂ
ਇਸ ਦੌਰਾਨ ਕਿਸਾਨ ਨੇਤਾਵਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਅੱਜ ਚੌਥੇ ਵਰ੍ਹੇਗੰਢ ਹੈ ਅਤੇ ਇਸ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਵੀ ਸਿਜਦਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਦੇ ਦੌਰਾਨ ਕਿਸਾਨਾਂ ਨਾਲ ਐਮਐਸਪੀ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਸੀ। ਉਸ ਵਾਅਦੇ ਨੂੰ ਅਜੇ ਤੱਕ ਕੇਂਦਰ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਬਿਜਲੀ ਐਕਟ ਨੂੰ ਨਿੱਜੀਕਰਨ ਨਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਅਤੇ ਇਹ ਮੰਗਾਂ ਵੀ ਅਜੇ ਤੱਕ ਲਟਕ ਰਹੀਆਂ ਹਨ।
ਲਖੀਮਪੁਰ ਖੀਰੀ ਦੇ ਪੀੜਤਾਂ ਨੂੰ ਇਨਸਾਫ਼
ਉਹਨਾਂ ਕਿਹਾ ਕਿ ਕਿਸਾਨੀ ਅੰਦੋਲਨ ਦੇ ਦੌਰਾਨ ਲਖੀਮਪੁਰ ਖੀਰੀ ਦੇ ਵਿੱਚ ਚਾਰ ਕਿਸਾਨ ਅਤੇ ਪੱਤਰਕਾਰ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਉਨਾਂ ਦਾ ਇਨਸਾਫ ਲੈਣ ਦੇ ਲਈ ਵੀ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੇਕਰ ਜਲਦ ਹੀ ਇਹਨਾਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਪ੍ਰਦਰਸ਼ਨ ਤੇਜ਼ ਕੀਤੇ ਜਾਣਗੇ।
ਡੱਲੇਵਾਲ ਦੀ ਗ੍ਰਿਫਤਾਰੀ ਦਾ ਕੀਤਾ ਵਿਰੋਧ
ਇਸ ਦੌਰਾਨ ਉਹਨਾਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਗ੍ਰਿਫਤਾਰੀ 'ਤੇ ਵੀ ਬੋਲਦੇ ਹੋਏ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ਸਾਨੂੰ ਮਰਨ ਦਾ ਹੱਕ ਵੀ ਨਹੀਂ ਦਿੱਤਾ ਜਾ ਰਿਹਾ, ਜਦੋਂ ਕਿ ਸਾਡੇ ਆਪਣੇ ਹੱਕ ਤਾਂ ਸਰਕਾਰ ਨੇ ਕੀ ਦੇਣੇ ਸਨ। ਉਹਨਾਂ ਜਗਜੀਤ ਸਿੰਘ ਡੱਲੇਵਾਲ ਦੀ ਗ੍ਰਿਫਤਾਰੀ ਦੀ ਸਖ਼ਤ ਸ਼ਬਦਾਂ ਦੇ ਵਿੱਚ ਨਿੰਦਾ ਵੀ ਕੀਤੀ।