ਮਾਨਸਾ: ਪਿਛਲੇ ਦਿਨੀ ਮਾਲਵਿੰਦਰ ਸਿੰਘ ਮਾਲੀ ਦੀ ਹੋਈ ਗ੍ਰਿਫਤਾਰੀ ਦੇ ਵਿਰੋਧ 'ਚੋਂ ਅੱਜ ਮਾਨਸਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸ਼ਹਿਰ ਦੇ ਵਿੱਚ ਰੋਸ ਮਾਰਚ ਕਰਕੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਗਿਆ, ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਕਿਸਾਨਾਂ ਵੱਲੋਂ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਭਰ ਵਿੱਚ ਮਾਲਵਿੰਦਰ ਸਿੰਘ ਮਾਲੀ ਦੇ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰੀ ਕਰਨ ਦੇ ਵਿਰੋਧ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਗਏ। ਮਾਨਸਾ ਵਿਖੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਦੀ ਅਗਵਾਈ ਵਿੱਚ ਜ਼ਿਲ੍ਹੇ ਭਰ ਦੇ ਕਿਸਾਨਾਂ ਅਤੇ ਔਰਤਾਂ ਨੇ ਮਾਨਸਾ ਸ਼ਹਿਰ ਵਿੱਚ ਰੋਸ ਮਾਰਚ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ।
ਆਵਾਜ਼ ਬੁਲੰਦ ਕਰਨ ਵਾਲਿਆਂ ਦੇ ਖਿਲਾਫ ਮਾਮਲੇ ਦਰਜ
ਇਸ ਦੌਰਾਨ ਕਿਸਾਨ ਨੇਤਾ ਨੇ ਕਿਹਾ ਕਿ ਲੋਕਾਂ ਦੇ ਹੱਕ ਵਿੱਚ ਸਰਕਾਰ ਦੇ ਖਿਲਾਫ ਟਿੱਪਣੀਆਂ ਕਰਨ ਵਾਲੇ ਮਾਲਵਿੰਦਰ ਸਿੰਘ ਮਾਲੀ ਨੂੰ ਪਿਛਲੇ ਦਿਨੀ ਸਰਕਾਰ ਵੱਲੋਂ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਵੀ ਸਰਕਾਰ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰਦਾ ਹੈ ਜਾਂ ਫਿਰ ਟਿੱਪਣੀ ਕਰਦਾ ਹੈ, ਤਾਂ ਉਸ ਦੇ ਖਿਲਾਫ ਮਾਮਲਾ ਦਰਜ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਲੋਕਤੰਤਰ ਦੇ ਵਿੱਚ ਹਰ ਕਿਸੇ ਨੂੰ ਬੋਲਣ ਦੀ ਆਜ਼ਾਦੀ ਹੈ, ਪਰ ਦੂਜੇ ਪਾਸੇ ਜੇਕਰ ਕੋਈ ਲੋਕਤੰਤਰ ਦੇ ਵਿੱਚ ਆਪਣੀ ਆਵਾਜ਼ ਬੁਲੰਦ ਕਰਨ ਵਾਲਿਆਂ ਦੇ ਖਿਲਾਫ ਮਾਮਲੇ ਦਰਜ ਕੀਤੇ ਜਾ ਰਹੇ ਹਨ।
ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ
ਕਿਸਾਨ ਨੇਤਾ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਮਾਲਵਿੰਦਰ ਸਿੰਘ ਮਾਲੀ ਉੱਤੇ ਦਰਜ ਕੀਤਾ ਗਿਆ ਮਾਮਲਾ ਰੱਦ ਕਰਕੇ ਰਿਹਾਅ ਨਾ ਕੀਤਾ, ਤਾਂ ਆਉਣ ਵਾਲੇ ਦਿਨਾਂ ਵਿੱਚ ਵੀ ਕਿਸਾਨਾਂ ਵੱਲੋਂ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।
ਮੁੜ ਤੋਂ ਆਬਾਦਕਾਰ ਜ਼ਮੀਨ 'ਤੇ ਕਾਬਜ਼
ਉੱਥੇ ਹੀ, ਦੂਜੇ ਪਾਸੇ ਮਾਨਸਾ ਜਿਲ੍ਹੇ ਦੇ ਪਿੰਡ ਕੁਲਰੀਆਂ ਵਿਖੇ ਡੇਢ ਸਾਲ ਪਹਿਲਾਂ ਪੰਚਾਇਤ ਅਤੇ ਪੰਚਾਇਤ ਵਿਭਾਗ ਵੱਲੋਂ 44 ਏਕੜ ਜ਼ਮੀਨ ਦੀ ਨਿਸ਼ਾਨਦੇਹੀ ਕਰਕੇ ਕਬਜ਼ਾ ਲੈ ਲਿਆ ਸੀ। ਜਿਸ ਤੋਂ ਬਾਅਦ ਲਗਾਤਾਰ ਕਿਸਾਨਾਂ ਵੱਲੋਂ ਮੁੜ ਤੋਂ ਆਬਾਦਕਾਰ ਜ਼ਮੀਨ 'ਤੇ ਕਬਜ਼ਾ ਹੋਣ ਦੇ ਲਈ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਗਰੁੱਪ ਵੱਲੋਂ ਪੰਜਾਬ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ 'ਚ ਜ਼ਮੀਨ ਦੇ ਵੱਲ ਵਧਣ ਦੇ ਲਈ ਰੈਲੀ ਕੀਤੀ ਗਈ ਹੈ।
ਕਿਸਾਨ ਖਾੜਕੂ ਐਕਸ਼ਨ ਲੈਣ ਲਈ ਮਜਬੂਰ
ਕਿਸਾਨਾਂ ਨੇ ਕਿਹਾ ਕਿ ਅੱਜ ਕਿਸਾਨਾਂ ਵੱਲੋਂ ਸਰਕਾਰ ਜ਼ਮੀਨ ਪ੍ਰਾਪਤੀ ਦੇ ਲਈ ਰੈਲੀ ਕੀਤੀ ਗਈ ਹੈ ਅਤੇ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ 25 ਸਤੰਬਰ ਨੂੰ ਇਸ ਜ਼ਮੀਨ ਦਾ ਹੱਲ ਕੱਢ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ 25 ਸਤੰਬਰ ਤੱਕ ਇਸ ਜ਼ਮੀਨ ਉੱਤੇ ਕਿਸਾਨਾਂ ਨੂੰ ਉਨਾਂ ਦਾ ਕਬਜ਼ਾ ਨਾ ਕਰਵਾਇਆ, ਤਾਂ 26 ਸਤੰਬਰ ਨੂੰ ਕਿਸਾਨ ਖਾੜਕੂ ਐਕਸ਼ਨ ਕਰਨ ਦੇ ਲਈ ਮਜਬੂਰ ਹੋਣਗੇ। ਬੇਸ਼ੱਕ ਕਿਸਾਨਾਂ ਦੀਆਂ ਜਾਨਾਂ ਕਿਉਂ ਨਾ ਚਲੇ ਜਾਣ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਕਿਸਾਨ ਦੇ ਆਪਣੀ ਜ਼ਮੀਨ ਵਿੱਚ ਦਾਖਲ ਹੋਣਗੇ, ਬੇਸ਼ੱਕ ਜੋ ਵੀ ਹੋਵੇ। ਦੂਜੇ ਪਾਸੇ, ਜਦੋਂ ਇਸ ਪੂਰੇ ਮਾਮਲੇ ਨੂੰ ਲੈ ਕੇ ਪ੍ਰਸਾਸ਼ਨ ਅਧਿਕਾਰੀਆਂ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਕੁਝ ਵੀ ਬੋਲਣ ਤੋਂ ਮਨਾ ਕਰ ਦਿੱਤਾ।