ਬਠਿੰਡਾ: ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਉੱਤੇ ਟੋਹਾਣਾ ਮਹਾਂ ਪੰਚਾਇਤ ਵਿੱਚ ਪਿੰਡ ਕੋਠਾ ਗੁਰੂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜਾ ਰਹੀ ਬੱਸ ਹਾਦਸਾਗ੍ਰਸਤ ਹੋਣ ਕਾਰਨ ਕੋਠਾ ਗੁਰੂ ਦੀਆਂ ਤਿੰਨ ਔਰਤਾਂ ਸ਼ਹੀਦ ਹੋ ਗਈਆਂ ਅਤੇ ਦਰਜਨਾਂ ਦੀ ਗਿਣਤੀ ਵਿੱਚ ਜ਼ਖ਼ਮੀ ਹੋਏ ਕਿਸਾਨਾਂ ਪ੍ਰਤੀ ਸੀਐੱਮ ਭਗਵੰਤ ਮਾਨ ਸਰਕਾਰ ਵੱਲੋਂ ਧਾਰਨ ਕੀਤੇ ਅਣਮਨੁੱਖੀ ਰਵੱਈਏ ਵਿਰੁੱਧ ਬਠਿੰਡਾ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਅਣਮਿੱਥੇ ਸਮੇਂ ਧਰਨੇ ਤੱਕ ਦੇ ਧਰਨੇ ਸ਼ੁਰੂ ਕਰ ਦਿੱਤੇ ਗਏ ਹਨ। ਇਨ੍ਹਾਂ ਸ਼ਬਦਂ ਦਾ ਪ੍ਰਗਟਾਵਾ ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ ਨੇ ਕੀਤਾ ਹੈ।
ਪੰਜਾਬ ਸਰਕਾਰ ਖ਼ਿਲਾਫ਼ ਗੁੱਸਾ
ਜ਼ਖ਼ਮੀ ਅਤੇ ਮ੍ਰਿਤਕਾਂ ਨੂੰ ਮੁਆਵਜ਼ਾ ਨਾ ਮਿਲਣ ਤੱਕ ਇਹ ਧਰਨਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ ਅਤੇ ਮ੍ਰਿਤਕਾਂ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਇਹ ਸਾਰੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਸ਼ਿੰਗਾਰਾ ਸਿੰਘ ਮਾਨ ਨੇ ਸੀਐੱਮ ਭਗਵੰਤ ਮਾਨ ਸਰਕਾਰ ਉੱਤੇ ਇਲਜ਼ਾਮ ਲਾਇਆ ਕਿ ਉਹ ਹਾਦਸੇ ਦੌਰਾਨ ਫੌਤ ਹੋਈਆਂ ਤਿੰਨ ਕਿਸਾਨ ਔਰਤਾਂ ਦੇ ਪੀੜਤ ਪਰਿਵਾਰਾਂ ਨੂੰ ਕੋਈ ਮੁਆਵਜ਼ਾ ਦੇਣ ਲਈ ਤਿਆਰ ਨਹੀਂ ਅਤੇ ਏਮਜ਼ ਬਠਿੰਡਾ ਵਿਖੇ ਦਾਖਲ ਕਈ ਗੰਭੀਰ ਜ਼ਖਮੀਆਂ ਨੂੰ ਮਾਮੂਲੀ ਜ਼ਖ਼ਮੀ ਦੱਸ ਕੇ ਜ਼ਬਰੀ ਛੁੱਟੀ ਦਿੱਤੀ ਜਾ ਰਹੀ ਹੈ।
ਕਿਸਾਨਾਂ ਨੂੰ ਰੋਲ਼ ਰਹੀ ਸਰਕਾਰ
ਕਿਸਾਨ ਆਗੂਆਂ ਨੇ ਸਰਕਾਰ ਦੁਆਰਾ ਧਾਰੀ ਚੁੱਪ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਹੋਣ ਦੇ ਵੱਡੇ ਵੱਡੇ ਦਾਅਵੇ ਕਰਦੀ ਹੈ ਪਰ ਹਾਦਸਾ ਵਾਪਰਨ ਤੋਂ ਡੇਢ ਦਿਨ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਕੇ ਉਹਨਾਂ ਅਤੇ ਹੋਰ ਕਿਸਾਨਾਂ ਨੂੰ ਕੜਾਕੇ ਦੀ ਠੰਡ ਵਿੱਚ ਹਸਪਤਾਲਾਂ ਅਤੇ ਸੜਕਾਂ ਉੱਤੇ ਰੋਲ ਰਹੀ ਹੈ।
ਮੁਆਵਜ਼ੇ ਅਤੇ ਸਰਕਾਰੀ ਨੌਕਰੀ ਦੀ ਮੰਗ
ਕਿਸਾਨਾਂ ਨੇ ਕਿਹਾ ਕਿ ਸਰਕਾਰ ਦੇ ਇਸ ਅੜੀਅਲ ਰਵਈਏ ਖਿਲਾਫ ਬਠਿੰਡਾ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਲਗਾਤਾਰ ਦਿਨ ਰਾਤ ਦੇ ਧਰਨੇ ਸ਼ੁਰੂ ਕੀਤੇ ਗਏ ਹਨ ਜੋ ਕਿ ਮੰਗਾਂ ਪੂਰੀਆਂ ਹੁਣ ਤੱਕ ਜਾਰੀ ਰਹਿਣਗੇ। ਉਹਨਾਂ ਮੰਗਾਂ ਸਬੰਧੀ ਕਿਹਾ ਕਿ ਸ਼ਹੀਦ ਹੋਈਆਂ ਤਿੰਨ ਔਰਤਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ, ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰਾਂ ਉੱਤੇ ਚੜਿਆ ਸਾਰਾ ਕਰਜ਼ਾ ਖਤਮ ਕੀਤਾ ਜਾਵੇ। ਇਸ ਤੋਂ ਇਲਾਵਾ ਗੰਭੀਰ ਜ਼ਖ਼ਮੀਆਂ ਨੂੰ ਪੰਜ ਪੰਜ ਲੱਖ ਰੁਪਏ ਅਤੇ ਹੋਰ ਜ਼ਖ਼ਮੀਆਂ ਨੂੰ ਦੋ ਦੋ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਜ਼ਖ਼ਮੀਆਂ ਦਾ ਇਲਾਜ ਮਾਹਿਰ ਡਾਕਟਰਾਂ ਦੁਆਰਾ ਸਰਕਾਰੀ ਖਰਚੇ ਉੱਤੇ ਕੀਤਾ ਜਾਵੇ ।