ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦੇ ਸੂਬਾ ਕਮੇਟੀ ਦੇ ਸੱਦੇ ਉੱਤੇ ਅੱਜ ਚੌਥੇ ਦਿਨ ਜ਼ਿਲ੍ਹਾ ਕਮੇਟੀ ਵੱਲੋਂ ਡੀਸੀ ਦਫ਼ਤਰ ਦੇ ਤਿੰਨੇ ਗੇਟ ਬੰਦ ਕੀਤੇ ਗਏ। ਜ਼ਿਲ੍ਹਾ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਵੀ ਸਾਡੀ ਸੁਣਾਈ ਨਹੀਂ ਕੀਤੀ ਗਈ। ਆਪਣੀਆਂ ਮੰਗਾਂ ਨੂੰ ਲੈ ਕੇ ਸਾਡੇ ਵਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਅਜਿਹੀ ਕਾਰਵਾਈ ਕੀਤੀ ਗਈ।
ਕੀ ਹਨ ਕਿਸਾਨਾਂ ਦੀਆਂ ਮੰਗਾਂ: ਕਿਸਾਨ ਆਗੂ ਹਰਜਿੰਦਰ ਸਿੰਘ ਬੱਗੀ ਨੇ ਦੱਸਿਆ ਕਿ ਕਿਸਾਨਾਂ ਅਤੇ ਖੇਤ ਮਜਦੂਰਾਂ ਲਈ ਸਸਤੇ ਸਰਕਾਰੀ ਖੇਤੀ ਕਰਜ਼ਿਆਂ ਦਾ ਪ੍ਰਬੰਧ ਕੀਤਾ ਜਾਵੇ, ਕਿਸਾਨ ਪੱਖੀ ਕਰਜ਼ਾ ਕਾਨੂੰਨ ਬਣਾਇਆ ਜਾਵੇ, ਸੂਦਖੋਰੀ ਦਾ ਖਾਤਮਾ ਹੋਵੇ, ਕਿਸਾਨਾਂ, ਮਜਦੂਰਾਂ ਦੇ ਕਰਜ਼ਿਆਂ ਉਪਰ ਲੀਕ ਮਾਰੀ ਜਾਵੇ, ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਦਾ ਕੀਤਾ ਜਾਵੇ, ਪਾਣੀ ਨੂੰ ਪਲੀਤ ਕਰਨ ਅਤੇ ਸੰਸਾਰ ਬੈਂਕ ਨੂੰ ਸੌਂਪਣ ਦੀ ਨੀਤੀ ਦਾ ਖਾਤਮਾ ਕੀਤਾ ਜਾਵੇ, ਧਰਤੀ ਹੇਠਲੇ ਪਾਣੀ ਦੀ ਮੁੜ ਭਰਾਈ ਲਈ ਵਿਗਿਆਨਕ ਢਾਂਚਾ ਉਸਾਰਿਆ ਜਾਵੇ, ਝੋਨੇ ਦੀ ਖੇਤੀ ਹੇਠੋਂ ਰਕਬਾ ਘਟਾਉਣ ਨੂੰ ਯਕੀਨੀ ਬਣਾਇਆ ਜਾਵੇ।
ਇਸ ਤੋਂ ਇਲਾਵਾ ਕਿਸਾਨਾਂ ਦੀਆਂ ਹੋਰ ਮੰਗਾਂ ਇਸ ਤਰ੍ਹਾਂ ਹਨ:-
- ਬਦਲਵੀਆਂ ਫਸਲਾਂ ਦੀ ਪੈਦਾਵਾਰ ਅਤੇ ਖਰੀਦ ਨੂੰ ਯਕੀਨੀ ਕਰਨ ਲਈ ਢੁਕਵੀਂ ਬਜਟ ਰਾਸ਼ੀ ਜੁਟਾਈ ਜਾਵੇ।
- ਇਸ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਪੇਸ਼ਬੰਦੀ ਕੀਤੀ ਜਾਵੇ।
- ਖੇਤੀ ਕਿੱਤੇ ਤੋਂ ਵਾਫ਼ਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਕ ਜੀਆਂ, ਮਰਦਾਂ ਅਤੇ ਔਰਤਾਂ ਲਈ ਲਾਹੇਵੰਦ ਰੋਜ਼ਗਾਰ ਯਕੀਨੀ ਬਣਾਇਆ ਜਾਵੇ।
- ਬਾਕੀ ਬਚਦੇ ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ।
- ਕੁਦਰਤੀ ਆਫ਼ਤਾਂ, ਕੀਟਨਾਸ਼ਕਾਂ, ਮਿਲਾਵਟੀ ਵਸਤਾਂ ਜਾਂ ਫ਼ਸਲੀ ਰੋਗਾਂ ਤੇ ਖੇਤੀ ਹਾਦਸਿਆਂ ਦੀ ਮਾਰ ਹੇਠ ਆਈ ਕਿਸਾਨੀ ਨੂੰ ਬਚਾਉਣ ਲਈ ਸਰਕਾਰੀ ਖਜ਼ਾਨੇ ਦੀ ਰਾਖਵੀਂ ਪੂੰਜੀ ਦੀ ਖੁੱਲ੍ਹੀ ਵਰਤੋਂ ਹੋਵੇ।
- ਕਿਸਾਨ ਪੱਖੀ ਖੇਤੀ ਨੀਤੀਆਂ ਲਾਗੂ ਕਰਨ ਲਈ ਮੋਟੀ ਬਜਟ ਪੂੰਜੀ ਇਕੱਤਰ ਕੀਤੀ ਜਾਵੇ ਅਤੇ ਇਸ ਮਕਸਦ ਲਈ ਜਗੀਰਦਾਰਾਂ, ਸੂਦਖੋਰਾਂ ਅਤੇ ਕਾਰਪੋਰੇਟਾਂ ਉਪਰ ਸਿੱਧੇ ’ਤੇ ਮੋਟੇ ਟੈਕਸ ਲਾਉਣ ਦੀ ਨੀਤੀ ਅਖਤਿਆਰ ਕੀਤੀ ਜਾਵੇ।
- ਕਿਸਾਨੀ ਦੀਆਂ ਉਭਰੀਆਂ ਹੋਰ ਛੋਟੀਆਂ ਮੰਗਾਂ, ਨਸ਼ਾ ਮੁਕਤੀ ਲਈ ਮੰਗਾਂ, ਗੈਸ ਪਾਈਪਲਾਈਨ ਲਈ ਜ਼ਮੀਨ ਦਾ ਮੁਆਵਜ਼ਾ।
- ਭਾਰਤ ਮਾਲ਼ਾ ਸੜਕ ਲਈ ਅਕਵਾਇਰ ਕੀਤੀ ਜ਼ਮੀਨ ਦਾ ਮੁਆਵਜ਼ਾ, ਸੁੰਡੀ ਨਾਲ ਬਰਬਾਦ ਹੋਈ ਕਣਕ ਦੀ ਫ਼ਸਲ ਦਾ ਮੁਆਵਜ਼ਾ ਆਦਿ ਮੰਗਾਂ ਸ਼ਾਮਲ ਹਨ।
ਕਿਸਾਨ ਆਗੂ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਉੱਤੇ ਪ੍ਰਸ਼ਾਸਨ ਵਲੋਂ ਧਿਆਨ ਨਹੀਂ ਦਿੱਤਾ ਜਾਂ, ਉਦੋਂ ਤੱਕ ਇਸੇ ਤਰ੍ਹਾਂ ਰੋਸ ਜਾਰੀ ਰਹੇਗਾ। ਇਹ ਘਿਰਾਓ ਐਕਸ਼ਨ ਤਹਿਤ ਹੀ ਕੀਤਾ ਗਿਆ ਹੈ।