ਬਰਨਾਲਾ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਤਰਸੇਮ ਸਿੰਘ, ਫਾਇਰ ਅਫਸਰ, ਬਰਨਾਲਾ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ ਪਿੰਡ ਝਾੜੋਂ, ਤਹਿਸੀਲ ਸੁਨਾਮ ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਐੱਨਓਸੀ ਜਾਰੀ ਕਰਨ ਬਦਲੇ ਮੰਗੀ ਸੀ ਰਿਸ਼ਵਤ
ਉਹਨਾਂ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਨੇ ਅਨਾਜ ਮੰਡੀ ਬਰਨਾਲਾ ਦੇ ਸਾਹਮਣੇ ਇੱਕ ਹੋਟਲ ਦੀ ਉਸਾਰੀ ਲਈ ਪਲਾਟ ਖਰੀਦਿਆ ਸੀ। ਅੱਗ ਬੁਝਾਊ ਵਿਭਾਗ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਮੁਲਜ਼ਮ ਅਫਸਰ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਪਰ ਸੌਦਾ 40,000 ਰੁਪਏ ਵਿੱਚ ਤਹਿ ਹੋਇਆ।
ਜਾਲ ਵਿਛਾ ਕੇ ਰੰਗੇ ਹੱਥੀਂ ਕੀਤਾ ਕਾਬੂ
ਵਿਜੀਲੈਂਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਫਾਇਰ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਦੱਸ ਦਈਏ ਬੀਤੇ ਦਿਨੀ ਵਿਜੀਲੈਂਸ ਨੇ ਨਗਰ ਨਿਗਮ ਲੁਧਿਆਣਾ ਦੇ 2 ਕਲਰਕਾਂ ਅਜੈ ਕੁਮਾਰ, ਕਲਰਕ, ਲਾਅ ਬ੍ਰਾਂਚ, ਜ਼ੋਨ-ਏ ਅਤੇ ਲਖਵੀਰ ਸਿੰਘ, ਕਲਰਕ, ਤਿਹ ਬਾਜ਼ਾਰ, ਜ਼ੋਨ-ਸੀ ਨੂੰ ਕਾਬੂ ਕੀਤਾ ਸੀ। ਉਹ ਕਾਰਪੋਰੇਸ਼ਨ ਦਾ ਪਾਲਿਸੀ ਰਿਕਾਰਡ ਗੁੰਮ ਕਰਨ ਲਈ ਦੋਸ਼ੀ ਪਾਏ ਗਏ ਸਨ। ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਲੁਧਿਆਣਾ ਰੇਂਜ ਦੇ ਐੱਸ ਐੱਸ ਪੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।