ਤਰਨਤਾਰਨ: ਸੂਬੇ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਭਾਵੇ ਕਿ ਸੂਬੇ ਦੇ ਕਿਸਾਨਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਕਿਸਾਨਾਂ ਦੇ ਝੋਨੇ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ ਪਰ ਜੇਕਰ ਗੱਲ ਕਰੀਏ ਸੂਬੇ ਦੀਆਂ ਮੰਡੀਆਂ ਦੀ ਤਾਂ ਹਾਲਾਤ ਗੰਭੀਰ ਬਣੇ ਹੋਏ ਹਨ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ , ਲਿਫਿਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਦੋਵੇਂ ਪ੍ਰੇਸ਼ਾਨ ਹਨ।
'ਸੂਬੇ ਸਰਕਾਰ ਖਰੀਦ ਪ੍ਰਬੰਧਾਂ ਵਿੱਚ ਬੁਰੀ ਤਰ੍ਹਾਂ ਫੇਲ੍ਹ'
ਇਸੇ ਸਬੰਧ 'ਚ ਅੱਜ ਹਲਕਾ ਖਡੂਰ ਸਾਹਿਬ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਗੋਇੰਦਵਾਲ ਸਾਹਿਬ ਮੰਡੀ ਦਾ ਜਾਇਜਾ ਲਿਆ ਅਤੇ ਕਿਸਾਨਾਂ ਅਤੇ ਆੜਤੀਆ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਜਾਣਿਆ। ਪ੍ਰੈਸ ਨਾਲ ਗੱਲਬਾਤ ਕਰਦਿਆਂ ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਣ ਦਾ ਵਾਅਦਾ ਕਰਨ ਵਾਲੀ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖਰੀਦ ਪ੍ਰਬੰਧਾਂ ਵਿੱਚ ਬੁਰੀ ਤਰ੍ਹਾਂ ਫੇਲ ਸਾਬਿਤ ਹੋਈ ਹੈ।
ਮੋਦੀ ਸਰਕਾਰ ਅਤੇ ਮਾਨ ਸਰਕਾਰਾਂ ਆਪਸ ਵਿੱਚ ਮਿਲੀਆਂ
ਉਨ੍ਹਾਂ ਕਿਹਾ ਕਿ ਕਿਸਾਨਾਂ ਵਿੱਚ ਸਰਕਾਰ ਖਿਲਾਫ ਰੋਸ ਹੈ ਅਤੇ ਜੇਕਰ ਜਲਦੀ ਖਰੀਦ ਪ੍ਰਬੰਧਾਂ ਨੂੰ ਸਹੀ ਨਾ ਕੀਤੇ ਗਏ ਤਾਂ ਹਾਲਾਤ ਬੇਕਾਬੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਵਾਲੇ ਫੈਸਲੇ ਦਾ ਕਿਸਾਨਾਂ ਤੋਂ ਬਦਲਾ ਲੈਣ ਲਈ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ । ਕਿਹਾ ਕਿ ਮੋਦਾ ਸਰਕਾਰ ਨਾਲ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੀ ਰਲੀ ਹੋਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਅਤੇ ਮਾਨ ਸਰਕਾਰ ਆਪਸ ਵਿੱਚ ਮਿਲੀਆ ਜੁਲੀਆ ਹਨ ਅਤੇ ਕਿਸਾਨਾਂ ਨੂੰ ਜਾਣ ਬੁੱਝ ਕੇ ਖੱਜਲ ਖੁਆਰ ਕਰ ਰਹੀਆ ਹਨ ਜੋ ਕਿ ਮੰਦਭਾਗਾ ਹੈ। ਉੁਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਵਿੱਚ ਸਮੁੱਚੀ ਕਾਂਗਰਸ ਪਾਰਟੀ ਕਿਸਾਨਾਂ ਨਾਲ ਖੜੀ ਹੈ ਅਤੇ ਜੇਕਰ ਕਿਸਾਨਾਂ ਦੇ ਖਰੀਦ ਪ੍ਰਬੰਧ ਸਹੀ ਨਾ ਹੋਏ ਤਾਂ ਆਉਣ ਵਾਲੇ ਦਿਨਾਂ ਵਿੱਚ ਸੂਬਾ ਸਰਕਾਰ ਵਿਰੁੱਧ ਵੱਡੇ ਵਿਰੋਧ ਪ੍ਰਦਰਸ਼ਨ ਉਲੀਕੇ ਜਾਣਗੇ।