ਲੁਧਿਆਣਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਏ ਜਾਣ ਨੂੰ ਲੈ ਕੇ ਧਾਰਮਿਕ ਵਿਵਾਦ ਪੈਦਾ ਹੋ ਗਿਆ ਹੈ। ਗਿਆਨੀ ਰਘਬੀਰ ਸਿੰਘ ਦੇ ਕਥਿਤ ਸੋਸ਼ਲ ਮੀਡੀਆ ਪੇਜ ਉੱਤੇ ਇੱਕ ਪੋਸਟ ਪਾਈ ਗਈ ਹੈ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਜਥੇਦਾਰ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਲਈ ਵਰਤੇ ਗਏ ਕਾਰਨ ਅਤੇ ਤਰੀਕਾ ਬਿਲਕੁਲ ਵੀ ਸਹੀ ਨਹੀਂ। ਉਨ੍ਹਾਂ ਅੱਗੇ ਲਿਖਿਆ ਕਿ 2 ਦਸੰਬਰ, 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥਕ ਭਾਵਨਾਵਾਂ ਅਤੇ ਪਰੰਪਰਾਵਾਂ ਦੀ ਰੋਸ਼ਨੀ ਵਿੱਚ ਕੋਈ ਫੈਸਲਿਆ ਤੋਂ ਬਾਅਦ ਇਸ ਤਰ੍ਹਾਂ ਲੱਗ ਰਿਹਾ ਕਿ ਇਹ ਫੈਸਲਾ ਗਿਣੇ ਮਿੱਥੇ ਤਰੀਕੇ ਦੇ ਨਾਲ ਲਿਆ ਗਿਆ ਹੈ।
ਜਥੇਦਾਰ ਰਘਬੀਰ ਸਿੰਘ ਵਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ 'ਚ ਪੋਸਟ
ਗਿਆਨੀ ਰਘਬੀਰ ਸਿੰਘ ਨੇ ਫੇਸਬੁੱਕ ਉੱਤੇ ਪੋਸਟ ਸ਼ੇਅਰ ਕਰਦਿਆ ਲਿਖਿਆ ਕਿ, 'ਬਤੌਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਮੈਂ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਬਿਠਾਉਣ ਵੇਲੇ ਹੀ ਆਖਿਆ ਸੀ ਕਿ ਇਹ ਸਹੀ ਨਹੀਂ ਹੈ।' ਹੁਣ ਇਸ ਮਾਮਲੇ ਨੂੰ ਲੈ ਕੇ ਲਗਾਤਾਰ ਨਵੀਂ ਧਾਰਮਿਕ ਜੰਗ ਛਿੜ ਗਈ ਹੈ।
ਗਿਆਨੀ ਰਘਬੀਰ ਸਿੰਘ ਦੀ ਵਾਇਰਲ ਪੋਸਟ ਨੂੰ ਲੈ ਕੇ ਜਿੱਥੇ ਕੁਝ ਧਾਰਮਿਕ ਆਗੂ ਉਨ੍ਹਾਂ ਦਾ ਪੱਖ ਪੂਰ ਰਹੇ ਹਨ। ਉੱਥੇ ਹੀ ਕੁਝ ਗਿਆਨੀ ਰਘਬੀਰ ਸਿੰਘ ਨੂੰ ਮੁੜ ਤੋਂ ਆਪਣੀ ਗੱਲ ਉੱਤੇ ਵਿਚਾਰ ਕਰਨ ਦੀ ਸਲਾਹ ਦੇ ਰਹੇ ਹਨ। ਹਾਲਾਂਕਿ, ਇਸ ਤੋਂ ਪਹਿਲਾਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਇਹ ਕਹਿ ਚੁੱਕੇ ਹਨ ਕਿ ਅਜਿਹਾ ਹੋਣਾ ਸੀ, ਇਹ ਉਨ੍ਹਾਂ ਨੂੰ ਪਹਿਲਾਂ ਹੀ ਪਤਾ ਸੀ। ਇਸ ਕਰਕੇ ਉਨ੍ਹਾਂ ਨੂੰ ਕੋਈ ਹੈਰਾਨੀ ਨਹੀਂ ਹੋਈ।
"ਜਾਂਚ ਹੋਣ ਤੋਂ ਬਾਅਦ ਹੀ ਲੈਣਾ ਚਾਹੀਦਾ ਫੈਸਲਾ"
ਉੱਥੇ ਹੀ ਦੂਜੇ ਪਾਸੇ, ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਵੱਲੋਂ ਜਥੇਦਾਰ ਨੂੰ ਕੋਈ ਵੀ ਫੈਸਲਾ ਜਲਦਬਾਜ਼ੀ ਵਿੱਚ ਨਾ ਲੈਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਹੈ ਕਿ ਇਸ ਸਬੰਧੀ ਪੂਰੀ ਜਾਂਚ ਹੋਣ ਤੋਂ ਬਾਅਦ ਹੀ ਕੋਈ ਫੈਸਲਾ ਲੈਣਾ ਚਾਹੀਦਾ ਹੈ।

"ਗਿਆਨੀ ਹਰਪ੍ਰੀਤ ਸਿੰਘ 'ਤੇ ਦੋਸ਼ ਤੈਅ ਹੋਏ"
ਸਾਬਕਾ ਜਥੇਦਾਰ ਰਣਜੀਤ ਸਿੰਘ ਨੇ ਕਿਹਾ ਕਿ, "ਗਿਆਨੀ ਹਰਪ੍ਰੀਤ ਸਿੰਘ ਉੱਤੇ ਬਿਠਾਈ ਗਈ ਜਾਂਚ ਕਮੇਟੀ ਵੱਲੋਂ ਜੋ ਰਿਪੋਰਟ ਸੌਂਪੀ ਗਈ ਹੈ, ਉਸ ਵਿੱਚ ਦੋਸ਼ ਸਾਬਿਤ ਹੋ ਚੁੱਕੇ ਹਨ ਅਤੇ ਵੱਡੇ ਅਹੁਦੇ ਉੱਤੇ ਰਹਿੰਦੇ ਹੋਏ ਨੀਵੇਂ ਦੋਸ਼ ਲੱਗਣਾ ਸਹੀ ਨਹੀਂ ਹੈ। ਇਸ ਨਾਲ ਸਿੱਖ ਕੌਮ ਵਿੱਚ ਵੀ ਕਿਤੇ ਨਾ ਕਿਤੇ ਨਮੋਸ਼ੀ ਜ਼ਰੂਰ ਗਈ ਹੈ ਜਿਸ ਕਰਕੇ ਉਨ੍ਹਾਂ ਦੇ ਖਿਲਾਫ ਇਹ ਐਕਸ਼ਨ ਲਿਆ ਗਿਆ ਹੈ।"
ਉਨ੍ਹਾਂ ਕਿਹਾ ਕਿ, "ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਕਾਫੀ ਸਬੂਤ ਹਨ ਅਤੇ ਇਹ ਹੁਣ ਮੀਡੀਆ ਵਿੱਚ ਆਉਣੇ ਵੀ ਸ਼ੁਰੂ ਹੋ ਗਏ ਹਨ। ਉਨ੍ਹਾਂ (ਗਿਆਨੀ ਹਰਪ੍ਰੀਤ ਸਿੰਘ) ਦੇ ਗੁਨਾਹਾਂ ਵਿੱਚ ਭਾਈਵਾਲ ਨਾ ਬਣੋ। ਰਣਜੀਤ ਸਿੰਘ ਨੇ ਕਿਹਾ ਕਿ ਇਹ ਗੱਲ ਪੂਰੀ ਤਰ੍ਹਾਂ ਗ਼ਲਤ ਨਿਕਲੀ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਪੰਜ ਪਿਆਰਿਆਂ ਦੇ ਸਣਮੁੱਖ ਪੇਸ਼ ਹੋਏ ਸਨ, ਜਦਕਿ ਉਨ੍ਹਾਂ ਵੱਲੋਂ ਪੰਜ ਪਿਆਰਿਆਂ ਨੂੰ ਆਦੇਸ਼ ਦਿੱਤੇ ਗਏ ਸਨ।"
ਪੰਥ ਵਿਰੋਧੀ ਤਾਕਤਾਂ ਦੇ ਇਸ਼ਾਰੇ 'ਤੇ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼
ਇਸ ਮਾਮਲੇ ਨੂੰ ਲੈ ਕੇ ਗਿਆਨੀ ਰਣਜੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਨਾ ਕਰਦੇ ਹੋਏ ਤੁਰੰਤ ਹੀ ਆਪਣੇ ਜਥੇਬੰਦਕ ਢਾਂਚੇ ਨੂੰ ਭੰਗ ਕਰਕੇ ਮੁੜ ਤੋਂ ਨਵੀਂ ਭਰਤੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ, ਜੋ ਕਿ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਦੇ ਇਸ਼ਾਰੇ ਉੱਤੇ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਸਾਬਕਾ ਜਥੇਦਾਰ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਮੌਜੂਦਾ ਜਥੇਦਾਰ ਇਸ ਗੱਲ ਦਾ ਜ਼ਰੂਰ ਧਿਆਨ ਰੱਖਣ ਕਿ ਕਿਤੇ ਉਨ੍ਹਾਂ ਨੂੰ ਢਾਲ ਬਣਾ ਕੇ ਵਰਤਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਪੰਥ ਨੂੰ ਇੱਕਜੁੱਟ ਕਰਨਾ ਸਾਡਾ ਸਾਰਿਆਂ ਦਾ ਕਰਤਵ ਹੈ।