ਬਠਿੰਡਾ: ਇੱਕ ਪਾਸੇ ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ-ਹਰਿਆਣਾ ਸਰਹੱਦਾਂ 'ਤੇ ਡੱਟੀਆਂ ਹੋਈਆਂ ਹਨ ਤਾਂ ਉਥੇ ਹੀ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਵੀ ਜਾਰੀ ਹੈ। ਇਸ ਦੇ ਚੱਲਦੇ ਪੰਜਾਬ ਦੇ ਮੌਜੂਦਾ ਮਸਲਿਆਂ ਅਤੇ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਨੂੰ ਲੈ ਕੇ ਸਾਬਕਾ ਮੈਂਬਰ ਲੋਕ ਸਭਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਦੀ ਉਹ ਪੁਰਜੋਰ ਹਮਾਇਤ ਕਰਦੇ ਹਨ।
ਸਰਬ ਪਾਰਟੀ ਮੀਟਿੰਗ ਬੁਲਾਉਣ ਲਈ ਸਲਾਹ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਅਪੀਲ ਕਰਨਾ ਚਾਹੁੰਦੇ ਹਨ ਕਿ ਪੰਜਾਬ ਵਿਚਲੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇੱਕ ਮੰਚ 'ਤੇ ਇਕੱਠੇ ਹੋ ਕੇ ਕੇਂਦਰ ਸਰਕਾਰ ਕੋਲ ਲੈ ਕੇ ਜਾਣ ਅਤੇ ਕਿਸਾਨਾਂ ਦੇ ਮਸਲੇ ਹੱਲ ਕਰਵਾਉਣ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨਾਂ ਦੇ ਮਸਲਿਆਂ ਦੇ ਹੱਲ ਨੂੰ ਲੈ ਕੇ ਇੱਕ ਰਿਪੋਰਟ ਤਿਆਰ ਕੀਤੀ ਗਈ ਸੀ।
ਸਾਬਕਾ ਸੀਐਮ ਚੰਨੀ ਦੀ ਰਿਪੋਰਟ ਲਾਗੂ ਕਰਨ ਦੀ ਮੰਗ
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜੇਕਰ ਉਹ ਰਿਪੋਰਟ ਲਾਗੂ ਕੀਤੀ ਜਾਂਦੀ ਹੈ ਤਾਂ ਕਿਸਾਨਾਂ ਦੇ ਸਾਰੇ ਮਸਲੇ ਹੱਲ ਹੁੰਦੇ ਹਨ ਸੋ ਕੇਂਦਰ ਸਰਕਾਰ ਨੂੰ ਕਿਤੇ ਨਾ ਕਿਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਪੋਰਟ ਲਾਗੂ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜੋ ਰਿਪੋਰਟ ਬਣਾਈ ਗਈ ਸੀ ਉਸ ਅਨੁਸਾਰ ਕਿਸਾਨਾਂ ਨੂੰ ਐਮਐਸਪੀ ਸਣੇ ਰਹਿੰਦੀਆਂ ਮੰਗਾਂ ਦਾ ਹੱਲ ਦੱਸਿਆ ਗਿਆ ਸੀ। ਜੇਕਰ ਕੇਂਦਰ ਉਹ ਰਿਪੋਰਟ ਲਾਗੂ ਕਰ ਦਿੰਦਾ ਹੈ ਤਾਂ ਦੇਸ਼ ਭਰ ਦੇ ਕਿਸਾਨਾਂ ਦੇ ਮਸਲੇ ਹੱਲ ਹੋਣਗੇ ਅਤੇ ਕਿਸਾਨਾਂ ਨੂੰ ਸੰਘਰਸ਼ ਦੇ ਰਾਹ ਨਹੀਂ ਤੁਰਨਾ ਪਵੇਗਾ।
ਜਥੇਦਾਰ ਦੇ ਮਾਮਲੇ 'ਚ ਵੱਟੀ ਚੁੱਪ
ਇਸ ਦੇ ਨਾਲ ਹੀ ਜਦੋਂ ਪੱਤਰਕਾਰ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਵਿੱਚ ਸਾਲ ਕੀਤਾ ਗਿਆ ਤਾਂ ਉਨ੍ਹਾਂ ਇਸ ਮਾਮਲੇ 'ਚ ਕੁਝ ਵੀ ਬੋਲਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਸ਼ਹੀਦੀ ਦਿਹਾੜੇ ਚੱਲ ਰਹੇ ਹਨ। ਇਸ ਲਈ ਇਸ ਮਾਮਲੇ 'ਤੇ ਉਹ ਕਿਸੇ ਤਰ੍ਹਾਂ ਦੀ ਕੋਈ ਵੀ ਟਿੱਪਣੀ ਨਹੀਂ ਕਰਨਾ ਚਾਹੁੰਦੇ ਅਤੇ ਆਉਂਦੇ ਦਿਨਾਂ ਵਿੱਚ ਇਸ ਮਾਮਲੇ ਨੂੰ ਲੈ ਕੇ ਸ਼ਹੀਦੀ ਦਿਹਾੜਿਆਂ ਤੋਂ ਬਾਅਦ ਚਰਚਾ ਕਰਨਗੇ।