ਨਾਭਾ : ਸਰਕਾਰੀ ਰਿਪੁਦਮਨ ਕਾਲਜ ਨਾਭਾ ਦੇ ਪ੍ਰਿੰਸੀਪਲ ਦੇ ਦਫ਼ਤਰ ਦੇ ਉਪਰ ਤਿੰਨ ਨੌਜਵਾਨਾਂ ਵੱਲੋਂ ਇੱਕ ਲੜਕੀ ਨਾਲ ਸਮੂਹਿਕ ਬਲਾਤਕਾਰ ਕਰਨ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਹ ਘਟਨਾ 27 ਮਾਰਚ ਦੀ ਦੱਸੀ ਜਾ ਰਹੀ ਹੈ, ਪਰ ਲੜਕੀ ਦੇ ਬਿਆਨ 8 ਅਪ੍ਰੈਲ ਨੂੰ ਦਿੱਤੇ ਗਏ ਹਨ। ਲੜਕੀ ਦਾ ਸਰਕਾਰੀ ਹਸਪਤਾਲ ਨਾਭਾ ਵਿਖੇ ਮੈਡੀਕਲ ਕਰਵਾਇਆ ਗਿਆ।
ਤਿੰਨ ਨੌਜਵਾਨਾਂ ਨੇ ਕੀਤਾ ਕਾਰਾ: ਥਾਣਾ ਕਟਵਾਲੀ ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪੀੜਤਾਂ ਦੇ ਬਿਆਨਾਂ ਦੇ ਆਧਾਰ 'ਤੇ 3 ਨੌਜਵਾਨਾਂ ਖਿਲਾਫ ਧਾਰਾ 376 ਡੀ ਅਤੇ 506 ਦੇ ਤਹਿਤ ਮਾਮਲਾ ਦਰਜ ਕਰਕੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਇਕ ਨੌਜਵਾਨ ਦੀ ਭਾਲ ਜਾਰੀ ਹੈ। ਇਸ ਮਾਮਲੇ ਵਿੱਚ ਹੈਰਾਨੀ ਵਾਲੀ ਗੱਲ ਇਹ ਹੈ ਕਿ ਕਾਲਜ ਦੇ ਸਟਾਫ਼ ਨੂੰ ਇਸ ਗੱਲ ਦਾ ਕੋਈ ਪਤਾ ਨਹੀਂ ਸੀ ਕਿ ਕਿਸ ਤਰ੍ਹਾਂ ਨੌਜਵਾਨਾਂ ਨੇ ਪ੍ਰਿੰਸੀਪਲ ਦੇ ਦਫ਼ਤਰ ਦੇ ਉੱਪਰ ਇੱਕ ਲੜਕੀ ਨਾਲ ਜਬਰਦਸਤੀ ਸਮੂਹਿਕ ਬਲਾਤਕਾਰ ਕੀਤਾ ਹੈ। ਪੁਲਿਸ ਕਾਲਜ ਦੇ ਅੰਦਰ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕਰ ਰਹੀ ਹੈ।
ਦੋ ਮੁਲਜ਼ਮ ਫੜੇ ਤਾਂ ਇੱਕ ਫ਼ਰਾਰ: ਥਾਣਾ ਕੋਤਵਾਲੀ ਨਾਭਾ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਤਿੰਨ ਲੜਕਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਲੜਕੀ ਨੇ ਦੱਸਿਆ ਕਿ ਉਸ ਨਾਲ ਕਾਲਜ ਦੇ ਤਿੰਨ ਲੜਕਿਆਂ ਨੇ ਜਬਰ-ਜ਼ਨਾਹ ਕੀਤਾ, ਜਿਨ੍ਹਾਂ 'ਚੋਂ ਦੋ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਧਾਰਾ 376 ਡੀ ਅਤੇ 506 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਪ੍ਰਿੰਸੀਪਲ ਨੇ ਬਲਾਤਕਾਰ ਦੀ ਗੱਲ ਨਕਾਰੀ: ਉਧਰ ਦੂਜੇ ਪਾਸੇ ਸਰਕਾਰੀ ਰਿਪੁਦਮਨ ਕਾਲਜ ਨਾਭਾ ਦੇ ਪ੍ਰਿੰਸੀਪਲ ਹਰਤੇਜ ਕੌਰ ਨੇ ਇਸ ਗੱਲ ਤੋਂ ਪੂਰੀ ਤਰ੍ਹਾਂ ਇਨਕਾਰ ਕਰਦਿਆਂ ਕਿਹਾ ਹੈ ਕਿ ਕਾਲਜ ਵਿੱਚ ਅਜਿਹਾ ਕੋਈ ਕੰਮ ਨਹੀਂ ਹੋ ਸਕਦਾ। ਉਨ੍ਹਾਂ ਦੱਸਿਆ ਕਿ ਪੁਲਿਸ ਤੋਂ ਹੀ ਜਾਣਕਾਰੀ ਮਿਲੀ ਹੈ ਕਿ ਕਾਲਜ ਦੀ ਲੜਕੀ ਨੇ ਮਾਮਲਾ ਦਰਜ ਕਰਵਾਇਆ ਹੈ ਪਰ ਕਾਲਜ ਦੇ ਵੂਮੈਨ ਸੈਲ ਕੋਲ ਕਿਸੇ ਵੀ ਲੜਕੀ ਨੇ ਆਪਣੀ ਸ਼ਿਕਾਇਤ ਦਰਜ ਨਹੀਂ ਕਰਵਾਈ ਹੈ। ਉਨ੍ਹਾਂ ਕਿਹਾ ਕਿ ਕਾਲਜ ਦਾ ਸਟਾਫ਼ ਇਥੇ ਹੀ ਹੁੰਦਾ ਹੈ ਤੇ ਨਾ ਹੀ ਉਨ੍ਹਾਂ ਦੇ ਕਿਸੇ ਦੇ ਧਿਆਨ 'ਚ ਅਜਿਹਾ ਮਾਮਲਾ ਆਇਆ ਹੈ ਤੇ ਨਾ ਹੀ ਕਿਸੇ ਨੇ ਸ਼ਿਕਾਇਤ ਕੀਤੀ ਹੈ।