ਫਰੀਦਕੋਟ: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਸਿੱਖ ਮਸਲਿਆਂ ਨੂੰ ਲੈ ਕੇ ਕਰਵਾਈ ਗਈ ਵਿਸ਼ੇਸ਼ ਕਾਨਫਰੰਸ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਜਥੇਦਾਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖੇ ਹਮਲੇ ਕੀਤੇ।
‘ਸ਼੍ਰੋਮਣੀ ਅਕਾਲੀ ਦਲ ਨਹੀਂ, ਸ਼੍ਰੋਮਣੀ ਭਗੌੜਾ ਦਲ’
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 7 ਮੈਂਬਰੀ ਕਮੇਟੀ ਨੂੰ ਆਦੇਸ਼ ਦਿੱਤੇ ਗਏ ਸਨ, ਪਰ ਅੱਜ ਤੱਕ 7 ਮੈਂਬਰੀ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ਼ੁਰੂ ਨਹੀਂ ਕੀਤੀ। ਅਕਾਲੀ ਦਲ ਦੇ ਮੈਂਬਰ ਅਤੇ ਕੋਰ ਕਮੇਟੀ ਭਰਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਨਹੀਂ ਸਗੋਂ ਸ਼੍ਰੋਮਣੀ ਭਗੌੜਾ ਦਲ ਹੈ।
ਸੁਖਬੀਰ ਬਾਦਲ ’ਤੇ ਭੜਕੇ ਗਿਆਨੀ ਹਰਪ੍ਰੀਤ ਸਿੰਘ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ "ਜੋ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਇਆ ਹੈ, ਉਹ ਹਮੇਸ਼ਾ ਹੀ ਤਬਾਹ ਹੋਇਆ ਹੈ, ਇਹ ਸਿੱਖ ਕੌਮ ਦਾ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਸਾਥੀਆਂ ਨੇ ਸੁਖਬੀਰ ਨੂੰ ਮੁਗਲਾਂ ਦੇ ਹਾਥੀ ਦੀ ਤਰਜ਼ 'ਤੇ ਤਿਆਰ ਕਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਲਈ ਭੇਜਿਆ ਸੀ ਅਤੇ ਉਨ੍ਹਾਂ ਨੇ ਮੁਗਲਾਂ ਦੇ ਪਾਗਲ ਹਾਥੀ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਕੀਤਾ। ਸੁਖਬੀਰ ਸਿੰਘ ਬਾਦਲ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜਦੋਂ ਭਾਈ ਬਚਿੱਤਰ ਸਿੰਘ ਵਾਂਗ ਕੋਈ ਤਿਆਰ ਹੋ ਕੇ ਆ ਗਿਆ ਤਾਂ ਉਹ ਸੁਖਬੀਰ ਬਾਦਲ ਨੂੰ ਮੌਤ ਦੇ ਘਾਟ ਕਦੋਂ ਉਤਾਰ ਦੇਵੇਗਾ ਇਹ ਉਸ ਨੂੰ ਪਤਾ ਵੀ ਨਹੀਂ ਲੱਗੇਗਾ।"
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਖ਼ਤਮ
ਦੱਸ ਦਈਏ ਕਿ ਬੀਤੇ ਦਿਨ (ਸੋਮਵਾਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਨੇ ਵੱਡਾ ਫੈਸਲੇ ਲੈਂਦੇ ਹੋਏ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਤੋਂ ਬਾਅਦ ਗਿਆਨੀ ਜਗਤਾਰ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਕਾਰਜਕਾਰੀ ਜਥੇਦਾਰ ਬਣਾਇਆ ਗਿਆ ਹੈ।