ਸ੍ਰੀ ਫ਼ਤਹਿਗੜ੍ਹ ਸਾਹਿਬ: ਸਾਹਿਬ-ਏ-ਕਮਾਲ ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਚੱਲ ਰਹੀ ਸ਼ਹੀਦੀ ਸਭਾ ਦੇ ਦੂਸਰੇ ਦਿਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।
ਅਦੁੱਤੀ ਸ਼ਹਾਦਤ ਦੀ ਮਿਸਾਲ
ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨੇ 9 ਸਾਲ ਤੇ 7 ਸਾਲ ਦੀ ੳਮੁਰ ਵਿੱਚ ਜਿਸ ਬਹਾਦਰੀ ਨਾਲ ਜਾਲਮ ਮੁਗਲ ਹਕੁਮਤ ਦਾ ਟਾਕਰਾ ਕੀਤਾ ਅਤੇ ਨਿਡਰਤਾ ਤੇ ਦ੍ਰਿੜ੍ਹਤਾ ਨਾਲ ਧਰਮ 'ਤੇ ਅਡੋਲ ਰਹੇ ਤੇ ਮਹਾਨ ਸ਼ਹਾਦਤ ਦੇ ਕੇ ਇੱਕ ਵਿਲੱਖਣ ਮਿਸਾਲ ਕਾਇਮ ਕੀਤੀ। ਉਨ੍ਹਾਂ ਹੋਰ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਲੋਕ ਸਦਾ ਯਾਦ ਰੱਖਣਗੇ। ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਵੀ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਪੂਰੇ ਦੇਸ਼ ਵਿੱਚ ਨਮਨ ਕੀਤਾ ਜਾਂਦਾ ਹੈ।
ਸ਼ਹੀਦਾਂ ਦੀ ਸ਼ਹਾਦਤ ਨੂੰ ਪ੍ਰਮਾਣ
ਕਾਬਲੇਜ਼ਿਕਰ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦਾਂ ਦੀ ਸ਼ਹਾਦਤ ਨੂੰ ਪ੍ਰਮਾਣ ਕੀਤਾ ਗਿਆ ਸੀ। ਤਿੰਨ ਦਿਨ ਦੀ ਸੋਗ ਸਵਾ 'ਚ ਸੰਗਤਾਂ ਦੇਸ਼-ਵਿਦੇਸ਼ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਆ ਕੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਜ਼ਦਾ ਕਰਦੀਆਂ ਹਨ। ਇਸ ਮੌਕੇ ਧਾਰਮਿਕ ਦੀਵਾਨ ਸਜਾਏ ਜਾਂਦੇ ਨੇ ਅਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਜਾਂਦੇ ਹਨ। ਦੱਸਣਯੋਗ ਹੈ ਕਿ ਕੁੱਲ 20 ਪਾਰਕਿੰਗ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਅਤੇ ਸੰਗਤ ਦੀ ਸਹੂਲਤ ਲਈ ਪਾਰਕਿੰਗ ਏਰੀਆ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚਕਾਰ ਸ਼ਟਲ ਬੱਸ ਸੇਵਾ ਵਧਾ ਕੇ 100 ਬੱਸਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਸ਼ਹਿਰ ਨੂੰ ਇੱਕ ਤਰਫਾ ਆਵਾਜਾਈ ਮਾਰਗ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।