ਬਰਨਾਲਾ: ਪੰਜਾਬ ਦਾ ਕੋਈ ਵੀ ਵਰਗ ਕਿਉਂ ਨਾ ਹੋਵੇ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਕਰ ਹੀ ਰਿਹਾ ਹੈ।ਹੁਣ ਕੰਪਿਊਟਰ ਅਧਿਆਪਕਾਂ ਨੇ 'ਬਦਲਾਅ ਦੇ ਨਾਅਰੇ' ਨਾਲ ਸੂਬਾ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਸੇ ਦੇ ਨਾਲ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਕੰਪਿਊਟਰ ਅਧਿਆਪਕ 9 ਨਵੰਬਰ ਨੂੰ ਡੇਰਾ ਬਾਬਾ ਨਾਨਕ 'ਚ ਮੰਗਾਂ ਨੂੰ ਲੈ ਕੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਦੀ ਅਗਵਾਈ 'ਚ ਸੂਬਾ ਸਰਕਾਰ ਖਿਲਾਫ 'ਝੰਡਾ ਮਾਰਚ' ਕੱਢ ਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕਰਨਗੇ ।
ਕੋਈ ਨਹੀਂ ਲੈ ਰਿਹਾ ਸਾਰ
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੂਬਾ ਸਰਕਾਰ ਨਾਲ ਕਈ ਮੀਟਿੰਗਾਂ ਕਰਨ ਤੋਂ ਬਾਅਦ ਵੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਪੰਜਾਬ ਦੇ ਰਾਜਪਾਲ ਦੇ ਜੁਲਾਈ 2011 ਦੇ ਨੋਟੀਫਿਕੇਸ਼ਨ ਅਨੁਸਾਰ ਤਤਕਾਲੀ ਸਰਕਾਰ ਨੇ ਪੰਜਾਬ ਸਿਵਲ ਸਰਵਿਿਸਜ਼ ਅਧੀਨ ਸਿੱਖਿਆ ਵਿਭਾਗ ਅਧੀਨ ਬਣੀ ਪਿਕਟਸ ਸੁਸਾਇਟੀ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਕਰ ਦਿੱਤਾ ਸੀ ਪਰ ਅੱਜ ਤੱਕ ਇਸ ਨੋਟੀਫਿਕੇਸ਼ਨ ਨੂੰ ਕੰਪਿਊਟਰ 'ਤੇ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਗਿਆ।
ਮਤਰੇਈ ਮਾਂ ਵਾਲਾ ਸਲੂਕ
ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੇ ਛੇਵੇਂ ਤਨਖ਼ਾਹ ਕਮਿਸ਼ਨ, ਮਹਿੰਗਾਈ ਭੱਤੇ, ਏਸੀਪੀ ਅਤੇ ਹੋਰ ਭੱਤੇ ਜ਼ਬਰਦਸਤੀ ਬੰਦ ਕਰ ਦਿੱਤੇ ਗਏ ਹਨ, ਜਿਸ ਨੂੰ ਤੁਰੰਤ ਲਾਗੂ ਕੀਤਾ ਜਾਵੇ। ਇਹ ਸਾਰੇ ਲਾਭ ਪੰਜਾਬ ਦੇ ਬਾਕੀ ਮੁਲਾਜ਼ਮਾਂ ਨੂੰ ਦਿੱਤੇ ਗਏ ਹਨ ਪਰ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਬੈਂਸ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਲੋੜੀਂਦੇ ਲਾਭ ਦੇਣ ਲਈ 15 ਸਤੰਬਰ 2022 ਨੂੰ ਕਈ ਵਾਰ ਐਲਾਨ ਕੀਤੇ ਜਾਣ ਦੇ ਬਾਵਜੂਦ ਇਸ ’ਤੇ ਕੋਈ ਕਾਰਵਾਈ ਨਹੀਂ ਹੋਈ।
19 ਸਾਲਾਂ ਤੋਂ ਹੋ ਰਹੇ ਸ਼ੋਸ਼ਣ
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਧਰਨੇ ਦੌਰਾਨ ਲੋਕਾਂ ਨੂੰ ਕੰਪਿਊਟਰ ਅਧਿਆਪਕਾਂ ਦੇ 19 ਸਾਲਾਂ ਤੋਂ ਹੋ ਰਹੇ ਸ਼ੋਸ਼ਣ ਬਾਰੇ ਦੱਸਿਆ ਜਾਵੇਗਾ। ਗੌਰਤਲਬ ਹੈ ਕਿ 100 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਨੌਕਰੀ ਦੌਰਾਨ ਮੌਤ ਹੋ ਚੁੱਕੀ ਹੈ ਪਰ ਸਰਕਾਰ ਨੇ ਉਨ੍ਹਾਂ ਦੇ ਪਰਿਵਾਰਾਂ ਦੀ ਸੰਭਾਲ ਨਹੀਂ ਕੀਤੀ। ਉਨ੍ਹਾਂ ਦੇ ਪਰਿਵਾਰਾਂ ਨੂੰ ਨਾ ਤਾਂ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਨਾ ਹੀ ਕੋਈ ਵਿੱਤੀ ਲਾਭ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 16 ਨਵੰਬਰ ਨੂੰ ਗਿੱਦੜਬਾਹਾ (ਸ੍ਰੀਮੁਕਤਸਰ ਸਾਹਿਬ) ਵਿਖੇ ਆਰ-ਪਾਰ ਦੀ ਰੈਲੀ ਕੀਤੀ ਜਾਵੇਗੀ। ਇਸ ਦੌਰਾਨ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਆਗੂ ਅਤੇ ਕੰਪਿਊਟਰ ਅਧਿਆਪਕ ਪਹੁੰਚਣਗੇ।