ਅੰਮ੍ਰਿਤਸਰ : ਪੰਜਾਬ ਵਿੱਚ ਰਿਸ਼ਵਤਖੋਰੀ ਨੂੰ ਖ਼ਤਮ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਅਤੇ ਪੰਜਾਬ ਪੁਲਿਸ ਵੱਲੋਂ ਹਰ ਤਰੀਕੇ ਦੀਆਂ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਿਛਲੇ ਕੁਝ ਦਿਨ ਪਹਿਲਾਂ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਪੰਜਾਬ ਦੇ ਇੱਕ ਜਿਲ੍ਹੇ ਦੇ ਡੀਸੀ ਸਣੇ ਕਈ ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕੀਤਾ ਗਿਆ ਹੈ ਅਤੇ ਇਸ ਸਬੰਧੀ ਡੀਜੀਪੀ ਪੰਜਾਬ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਵੀ ਜਾਣਕਾਰੀ ਦਿੱਤੀ ਗਈ ਸੀ।
ਪੁਲਿਸ ਮੁਲਾਜ਼ਮ ਉੱਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ
ਕੁਝ ਦਿਨ ਪਹਿਲਾਂ ਅੰਮ੍ਰਿਤਸਰ ਵਿੱਚ ਦੋ ਪੁਲਿਸ ਅਧਿਕਾਰੀਆਂ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਬਰਖ਼ਾਸਤ ਕੀਤਾ ਗਿਆ ਹੈ। ਮੰਗਲਵਾਰ ਨੂੰ ਇੱਕ ਵਾਰ ਫਿਰ ਤੋਂ ਅੰਮ੍ਰਿਤਸਰ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਇੱਕ ਪੁਲਿਸ ਮੁਲਾਜ਼ਮ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬਰਖ਼ਾਸਤ ਕੀਤਾ ਗਿਆ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਖੁਦ ਵੀਡੀਓ ਜਾਰੀ ਕਰਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸੀ-ਡਵੀਜ਼ਨ, ਅੰਮ੍ਰਿਤਸਰ ਵਿੱਖੇ ਤਾਇਨਾਤ ਸਿਪਾਹੀ ਵਰਿੰਦਰ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਕੇ ਭ੍ਰਿਸ਼ਟਾਚਾਰ ਰੋਕਥਾਮ ਐਕਟ ਦੇ ਤਹਿਤ ਥਾਣਾ ਸੀ-ਡਿਵੀਜ਼ਨ, ਅੰਮ੍ਰਿਤਸਰ ਵਿੱਖੇ ਮਾਮਲਾ ਦਰਜ ਕੀਤਾ ਗਿਆ ਹੈ।
NDPS ਮਾਮਲੇ ਵਿੱਚ ਮੁਲਜ਼ਮ ਦਾ ਬਚਾਅ ਕਰਨ ਲਈ ਮੰਗੀ ਰਿਸ਼ਵਤ
ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਸਬੰਧੀ ਸੋਸ਼ਲ ਮੀਡੀਆ 'ਤੇ ਇੱਕ ਆਡੀਓ ਕਲਿੱਪ ਸਾਹਮਣੇ ਆਈ ਹੈ ਜਿਸ ਵਿੱਚ ਕਾਂਸਟੇਬਲ ਵਰਿੰਦਰ ਸਿੰਘ, ਬੰਟੀ ਤੋਂ ਦੀਪੂ ਰਾਹੀਂ ਪੈਸੇ ਮੰਗ ਰਿਹਾ ਹੈ ਅਤੇ ਉਸ ਨੂੰ NDPS ਐਕਟ ਦੇ ਉਪਰੋਕਤ ਮਾਮਲੇ ਵਿੱਚ ਲੋੜੀਂਦੇ ਅਜੈ ਕੁਮਾਰ ਉਰਫ ਬਿੱਲੀ ਨੂੰ ਫਾਇਦਾ ਪਹੁੰਚਾਉਣ ਦਾ ਭਰੋਸਾ ਦੇ ਰਿਹਾ ਹੈ। ਸਿਪਾਹੀ ਵਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕਾਨੂੰਨੀ ਧਾਰਾ ਦੇ ਤਹਿਤ ਪੁਲਿਸ ਸੇਵਾ ਤੋਂ ਬਰਖ਼ਾਸਤ ਕੀਤਾ ਗਿਆ ਹੈ। ਇਸ ਪਾਸੋਂ ਹੋਰ ਪੁਲਿਸ ਅਧਿਕਾਰੀ/ਕਰਮਚਾਰੀ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਹੋਰ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਵੀ ਅਲਰਟ ਕੀਤਾ ਕਿ ਅਜਿਹੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹਾ ਜੁਰਮ ਕਰਨ ਵਾਲੇ ਉੱਤੇ ਸਖ਼ਤ ਕਾਰਵਾਈ ਹੋਵੇਗੀ।