ਅੰਮ੍ਰਿਤਸਰ: ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਮਾਸਿਕ ਭੋਗ ਸਮਾਗਮ ਵਿੱਚ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਢਾਈ ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਸਬ ਕਮੇਟੀ ਬਣਾਉਣ ਲਈ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਨਹੀਂ ਕਰ ਰਹੀ, ਜਿਸ ਕਰਕੇ ਕਿਸਾਨ ਮੁੜ ਤੋਂ ਆਪਣੇ ਹੱਕਾਂ ਲਈ ਸੰਘਰਸ਼ ਦੇ ਰਾਹ ਉੱਤੇ ਹਨ।
ਕਿਸਾਨਾਂ ਉੱਤੇ ਹੋ ਰਿਹਾ ਤਸ਼ੱਦਦ: ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੋਵੇਂ ਕਿਸਾਨਾਂ ਨੂੰ ਖੱਜਲ-ਖੁਆਰ ਕਰ ਰਹੀਆਂ ਹਨ। ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਹਰ ਫਸਲ 'ਤੇ ਮਿੰਟਾਂ 'ਚ MSP ਦੇਵਾਂਗੇ ਪਰ ਉਹ ਅਸਫਲ ਰਹੇ ਹਨ। ਜਮਹੂਰੀ ਢੰਗ ਨਾਲ ਆਵਾਜ਼ ਉਠਾਉਣ ਦਾ ਅਧਿਕਾਰ ਹਰ ਕਿਸੇ ਨੂੰ ਹੈ ਪਰ ਕੇਂਦਰ ਹੱਕ ਮੰਗਦੇ ਕਿਸਾਨਾਂ ਨਾਲ ਅਜਿਹਾ ਵਿਵਹਾਰ ਕਰ ਰਿਹਾ ਹੈ ਜਿਵੇਂ ਉਹ ਚੀਨ-ਪਾਕਿਸਤਾਨ ਦੀ ਸਰਹੱਦ 'ਤੇ ਅੱਤਵਾਦੀਆਂ ਨਾਲ ਲੜ ਰਹੇ ਹੋਣ। ਇਸ ਵਿਰੋਧ ਪ੍ਰਦਰਸ਼ਨ 'ਚ 100 ਤੋਂ ਵੱਧ ਕਿਸਾਨਾਂ ਜ਼ਖ਼ਮੀ ਹੋਏ ਹਨ ਅਤੇ ਇੱਕ ਦੀ ਮੌਤ ਵੀ ਹੋ ਗਈ ਹੈ।
ਸੀਐੱਮ ਭਗਵੰਤ ਮਾਨ ਨੇ ਕੇਂਦਰ ਸਰਕਾਰ ਅੱਗੇ ਗੋਡੇ ਟੇਕੇ : ਹਰਿਆਣਾ ਵੱਲੋਂ ਪੰਜਾਬ ਦੇ ਇਲਾਕੇ ਵਿੱਚ ਡਰੋਨਾਂ ਰਾਹੀਂ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ ਪਰ ਸੀਐੱਮ ਭਗਵੰਤ ਮਾਨ ਨੇ ਕੇਂਦਰ ਸਰਕਾਰ ਅੱਗੇ ਗੋਡੇ ਟੇਕ ਦਿੱਤੇ ਅਤੇ 'ਆਪ' ਦੇ 92 ਵਿਧਾਇਕ ਵੀ ਕਿਸਾਨਾਂ ਦੀ ਹਮਾਇਤ ਵਿੱਚ ਕਿਤੇ ਵੀ ਨਜ਼ਰ ਨਹੀਂ ਆ ਰਹੇ। ਜੇਕਰ ਪੰਜਾਬ ਦੇ ਮੁੱਖ ਮੰਤਰੀ ਕਿਸਾਨਾਂ ਲਈ ਨਹੀਂ ਖੜੇ ਤਾਂ ਕੌਣ ਖੜੇਗਾ। ਟਿਊਬਵੈੱਲ ਮੋਟਰਾਂ ਦੇ ਕੁਨੈਕਸ਼ਨ, ਮੋਟਰਾਂ ਦੇ ਮੁਫ਼ਤ ਬਿੱਲ ਅਤੇ ਮੰਡੀਕਰਨ ਆਦਿ ਸਭ ਕੁਝ ਅਕਾਲੀ ਦਲ ਦੇ ਸਮੇਂ ਹੀ ਦਿੱਤਾ ਗਿਆ। 2004 ਵਿੱਚ ਕਾਂਗਰਸ ਸਰਕਾਰ ਨੇ ਸਵਾਮੀਨਾਥਨ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ ਅਤੇ ਅੱਜ ਕਹਿ ਰਹੇ ਹਨ ਕਿ ਸਵਾਮੀਨਾਥਨ ਰਿਪੋਰਟ ਨੂੰ ਸਿਰਫ਼ ਵੋਟਾਂ ਲਈ ਪੂਰਾ ਕਰਾਂਗੇ। ਉਨ੍ਹਾਂ ਕਿਹਾ ਕਿ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਜਲਦੀ ਹੀ ਕਿਸਾਨਾਂ ਦਾ ਮਸਲਾ ਹੱਲ ਹੋ ਜਾਵੇਗਾ ਅਤੇ ਉਮੀਦ ਹੈ ਕਿ ਆਉਣ ਵਾਲੇ ਐਤਵਾਰ ਨੂੰ ਮਸਲੇ ਦੇ ਹੱਲ ਲਈ ਮੀਟਿੰਗ ਵੀ ਹੋਵੇਗੀ।