ਬਠਿੰਡਾ: ਨਸ਼ਿਆਂ ਦੀ ਦਲਦਲ ਵਿੱਚ ਧਸ ਚੁੱਕੇ ਨੌਜਵਾਨ ਹੁਣ ਆਪਣੇ ਨਸ਼ੇ ਦੀ ਪੂਰਤੀ ਲਈ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਲੱਗੇ ਹਨ। ਬਠਿੰਡਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੋਂ ਚੋਰੀ ਹੋਏ ਮੋਟਰਸਾਈਕਲਾਂ ਨੂੰ ਲੈ ਕੇ ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ ਦੌਰਾਨ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਇਹ ਨੌਜਵਾਨ ਨਸ਼ੇ ਕਰਨ ਦਾ ਆਦੀ ਹੈ ਅਤੇ ਆਪਣੇ ਨਸ਼ੇ ਦੀ ਪੂਰਤੀ ਕਰਨ ਲਈ ਮੋਟਰਸਾਈਕਲ ਚੋਰੀ ਕਰਦਾ ਸੀ।
ਪੁਲਿਸ ਅਧਿਕਾਰੀ ਨੇ ਦਿੱਤੀ ਜਾਣਕਾਰੀ
ਇਸ ਮਾਮਲੇ 'ਚ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਸਿਵਲ ਲਾਈਨ ਰਵਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਮੋਟਰਸਾਈਕਲ ਚੋਰੀ ਦੀਆਂ ਲਗਾਤਾਰ ਘਟਨਾਵਾਂ ਵਾਪਰ ਰਹੀਆਂ ਸਨ। ਜਿਸ ਨੂੰ ਲੈ ਕੇ ਥਾਣਾ ਸਿਵਲ ਲਾਈਨ ਪੁਲਿਸ ਅਤੇ ਪੀਸੀਆਰ ਟੀਮ ਵੱਲੋਂ ਲਗਾਤਾਰ ਚੋਰਾਂ ਦੀ ਭਾਲ ਕੀਤੀ ਜਾ ਰਹੀ ਸੀ ਅਤੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਸਨ। ਸੀਸੀਟੀਵੀ ਕੈਮਰਿਆਂ ਦੀ ਫੂਟੇਜ ਦੇ ਆਧਾਰ 'ਤੇ ਪੁਲਿਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਟਲੀ ਅਬਲੂ ਦੇ ਰਹਿਣ ਵਾਲੇ ਨਸ਼ੇ ਦੇ ਆਦੀ ਨੌਜਵਾਨ ਗੁਰਸੇਵਕ ਸਿੰਘ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਹੋਰ ਖੁਲਾਸੇ ਹੋਣ ਦੀ ਉਮੀਦ
ਪੁਲਿਸ ਨੇ ਦੱਸਿਆ ਕਿ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਪੁਲਿਸ ਰਿਮਾਂਡ ਦੌਰਾਨ ਗੁਰਸੇਵਕ ਸਿੰਘ ਤੋਂ ਕਰੀਬ ਇੱਕ ਦਰਜਨ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ। ਉਹਨਾਂ ਕਿਹਾ ਕਿ ਗੁਰਸੇਵਕ ਸਿੰਘ ਅਪਰਾਧਿਕ ਕਿਸਮ ਦਾ ਵਿਅਕਤੀ ਹੈ। ਇਸ 'ਤੇ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਨਸ਼ੇ ਦੀ ਪੂਰਤੀ ਲਈ ਗੁਰਸੇਵਕ ਸਿੰਘ ਵੱਲੋਂ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਸੀ। ਪੁਲਿਸ ਵੱਲੋਂ ਗੁਰਸੇਵਕ ਸਿੰਘ ਤੋਂ ਵੱਖ-ਵੱਖ ਕੰਪਨੀਆਂ ਦੇ ਚੋਰੀ ਹੋਏ ਕਰੀਬ ਇੱਕ ਦਰਜਨ ਮੋਟਰਸਾਈਕਲ ਬਰਾਮਦ ਕੀਤੇ ਗਏ ਨੇ ਅਤੇ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਗੁਰਸੇਵਕ ਸਿੰਘ ਵੱਲੋਂ ਚੋਰੀ ਕੀਤੇ ਮੋਟਰਸਾਈਕਲ ਕਿਸ ਨੂੰ ਵੇਚੇ ਜਾਂਦੇ ਸਨ, ਜਾਂ ਇਸ ਚੋਰੀ ਦੀਆਂ ਘਟਨਾਵਾਂ ਵਿੱਚ ਹੋਰ ਵੀ ਕੋਈ ਵਿਅਕਤੀ ਗੁਰਸੇਵਕ ਸਿੰਘ ਨਾਲ ਸ਼ਾਮਿਲ ਹੈ ਹਾਂ ਨਹੀਂ।