ਫ਼ਰੀਦਕੋਟ: ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਵਿੱਚ ਚੱਲੇ ਸੰਘਰਸ਼ ਦੌਰਾਨ ਪੰਜਾਬ ਦੇ 700 ਦੇ ਕਰੀਬ ਕਿਸਾਨ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਭਾਰਤੀ ਕਿਸਾਨ ਸਿੱਧੂਪੁਰਾ ਵੱਲੋਂ ਲਗਾਤਾਰ ਇਨ੍ਹਾਂ ਕਿਸਾਨਾਂ ਪਰਿਵਾਰਾਂ ਨੂੰ ਮੁਆਵਜਾ ਦਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਸੀ। ਸਰਕਾਰ ਵੱਲੋਂ ਪਹਿਲਾਂ 5 ਲੱਖ ਰੁਪਏ ਦੀ ਮਦਦ ਕੀਤੀ ਗਈ ਸੀ ਅਤੇ ਹੁਣ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਹਨ ਜਿਸ ਵਿੱਚ ਫਰੀਦਕੋਟ ਦੇ 18 ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ।
ਪਰਿਵਾਰਾਂ ਦੇ ਰੂ-ਬ-ਰੂ ਹੋਏ ਸੰਧਵਾਂ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਨਲਾਈਨ ਮਾਧਿਅਮ ਰਾਹੀਂ ਉਨ੍ਹਾਂ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਵਿੱਚ ਹਿੱਸਾ ਲਿਆ ਜਿਨ੍ਹਾਂ ਨੇ ਆਪਣੀਆਂ ਕੀਮਤੀ ਜਾਨਾਂ ਕਿਸਾਨੀ ਸੰਘਰਸ਼ ਦੌਰਾਨ ਕੁਰਬਾਨ ਕੀਤੀਆਂ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਸਪੀਕਰ ਸੰਧਵਾਂ ਤੋਂ ਇਲਾਵਾ ਫ਼ਰੀਦਕੋਟ ਐਮ.ਐਲ.ਏ ਗੁਰਦਿਤ ਸਿੰਘ ਸੇਖੋ ਅਤੇ ਐਮ.ਐਲ.ਏ ਜੈਤੋ ਅਮੋਲਕ ਸਿੰਘ ਨੂੰ ਆਨਲਾਈਨ ਮਾਧਿਅਮ ਰਾਹੀਂ ਕਿਸਾਨਾਂ ਦੇ ਪਰਿਵਾਰਾਂ ਨੂੰ ਰੂ-ਬ-ਰੂ ਕਰਵਾਇਆ।
ਦੂਜੇ ਪਾਸੇ, ਕਿਸਾਨ ਆਗੂ ਨੇ ਕਿਹਾ ਕਿ ਹਾਲਾਂਕਿ, ਹੱਕ ਲੈਣ ਲਈ ਕਾਫੀ ਧਰਨੇ ਲਾਉਣੇ ਪਏ, ਪਰ ਆਖਿਰ ਸਰਕਾਰ ਨੇ ਸ਼ਹੀਦ ਦੇ ਪਰਿਵਾਰਾਂ ਨੂੰ ਨੌਕਰੀਆਂ ਦੇ ਦਿੱਤੀਆਂ ਹਨ। ਇਨ੍ਹਾਂ ਤੋਂ ਇਲਾਵਾ ਹੋਰ ਵੀ ਪਰਿਵਾਰ ਅਜਿਹੇ ਹਨ, ਜਿਨ੍ਹਾਂ ਨੂੰ ਸਰਕਾਰ ਦੀ ਮਦਦ ਦੀ ਲੋੜ ਹੈ, ਉਮੀਦ ਹੈ ਕਿ ਜਲਦ ਹੀ ਸਰਕਾਰ ਉਨ੍ਹਾਂ ਦੀ ਵੀ ਸਾਰ ਲਵੇਗੀ।
18 ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ : ਇਸ ਮੌਕੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਕਿਸਾਨੀ ਅੰਦੋਲਨ ਵਿੱਚ ਦੇਸ਼ ਲਈ ਜਿਨ੍ਹਾਂ ਕਿਸਾਨਾਂ ਨੇ ਸ਼ਹਾਦਤ ਦਿੱਤੀ ਸੀ ਦੇ ਪਰਿਵਾਰਕ ਮੈਂਬਰਾਂ ਵਿੱਚੋਂ 18 ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਇਹ ਪਰਿਵਾਰਿਕ ਮੈਂਬਰ ਵੀ ਤਨ ਦੇਹੀ ਨਾਲ ਆਪਣੀ ਡਿਊਟੀ ਨਿਭਾਉਣ। ਇਸ ਮੌਕੇ ਮੁੱਖ ਖੇਤੀ ਬਾੜੀ ਅਫ਼ਸਰ ਅਮਰੀਕ ਸਿੰਘ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।