ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਸੈਲਫ ਹੈਲਪ ਗਰੁੱਪ ਦੇ ਪ੍ਰੋਗਰਾਮ ਵਿੱਚ ਪਹੁੰਚੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਮਹਿਲਾਵਾਂ ਨੂੰ ਗਰਾਂਟ ਵੰਡੀ ਗਈ ਅਤੇ ਨਾਲ ਹੀ ਉਨ੍ਹਾਂ ਉੱਦਮੀ ਮਹਿਲਾਵਾਂ ਦੀ ਹੌਂਸਲਾ ਅਫਜ਼ਾਈ ਵੀ ਕੀਤੀ। ਖੇਤੀਬਾੜੀ ਮੰਤਰੀ ਨੇ ਅੱਗੇ ਇਹ ਵੀ ਕਿਹਾ ਕਿ ਸੈਲਫ ਹੈਲਪ ਗਰੁੱਪ ਵੱਲੋਂ ਬਹੁਤ ਹੀ ਸ਼ਲਾਘਾਯੋਗ ਕੰਮ ਕਰਕੇ ਲੋਕਾਂ ਨੂੰ ਆਤਮ ਨਿਰਭਰ ਬਣਨ ਵਿੱਚ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰ ਵੀ ਸੈਲਫ ਹੈਲਪ ਗਰੁੱਪ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ।
ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ: ਬੀਤੇ ਦਿਨੀਂ ਪਏ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀ ਖਰਾਬ ਹੋਈ ਫਸਲ ਨੂੰ ਲੈ ਕੇ ਵੀ ਉਨ੍ਹਾਂ ਕਿਹਾ ਕੇ ਜਲਦ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨੁਕਸਾਨ ਦਾ ਪੂਰਾ ਜਾਇਜ਼ਾ ਲੈਣ ਮਗਰੋਂ ਹੀ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਹਾਲਾਂਕਿ ਜਦੋਂ ਉਨ੍ਹਾਂ ਨੂੰ ਰਾਜਨੀਤਿਕ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਦਹਿਸ਼ਤਗਰਦ ਗੁਰਪਤਵੰਤ ਪੰਨੂ ਬਾਰੇ ਪੁੱਛੇ ਸਵਾਲ ਉੱਤੇ ਉਨ੍ਹਾਂ ਕਿਹਾ ਕੇ ਮੇਰਾ ਵਿਭਾਗ ਖੇਤੀਬਾੜ ਹੈ ਅਤੇ ਇਸ ਨਾਲ ਜੂੜੇ ਸਵਾਲ ਹੀ ਪੁੱਛੋ।
ਖੇਤਾਂ ਨੂੰ ਮਿਲੇਗਾ ਨਹਿਰੀ ਪਾਣੀ: ਇਸ ਦੌਰਾਨ ਖੇਤੀਬਾੜੀ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੇ ਸਾਲ ਨਾਲੋਂ ਜ਼ਿਆਦਾ ਕਿਸਾਨਾਂ ਦੇ ਖੇਤਾਂ ਵਿੱਚ ਇਸ ਵਾਰ ਨਹਿਰੀ ਪਾਣੀ ਪੁੱਜਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹਰ ਕਿਸਾਨ ਦੇ ਖੇਤ ਵਿੱਚ ਨਹਿਰੀ ਪਾਣੀ ਪਹੁੰਚੇਗਾ, ਜਿਸ ਸਬੰਧੀ ਸਰਕਾਰ ਕਦਮ ਚੁੱਕ ਰਹੀ ਹੈ। ਮੁੱਖ ਮੰਤਰੀ ਪੰਜਾਬ ਨੇ ਕਿਹਾ ਸੀ ਕਿ ਪੰਜਾਬ ਦੇ ਪਾਣੀ ਨੂੰ ਬਚਾਉਣ ਦੇ ਲਈ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ।
ਮਹਿਲਾਵਾਂ ਨੂੰ ਰੁਜ਼ਗਾਰ ਦੇਣ ਦਾ ਯਤਨ: ਇਸ ਦੌਰਾਨ ਸਮਾਗਮ ਵਿੱਚ ਪੁੱਜੀਆਂ ਪੇਂਡੂ ਖੇਤਰ ਨਾਲ ਸਬੰਧਿਤ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਗਰਾਂਟਾਂ ਵੀ ਤਕਸੀਮ ਕੀਤੀਆਂ ਗਈਆਂ। ਇਸ ਦੌਰਾਨ ਵਿਸ਼ੇਸ਼ ਤੌਰ ਉੱਤੇ ਜਿਹੜੀਆਂ ਮਹਿਲਾਵਾਂ ਲਗਾਤਾਰ ਸਵੈ ਰੁਜ਼ਗਾਰ ਕਰ ਰਹੀਆਂ ਹਨ ਉਹਨਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਗਿਆ। ਗੁਰਮੀਤ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਖੇਤਰ ਦੇ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਖਾਸ ਕਰਕੇ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਲਈ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ।