ਬਠਿੰਡਾ: ਪੋਹ ਦਾ ਮਹੀਨਾ ਸਿੱਖ ਇਤਿਹਾਸ ਵਿੱਚ ਸ਼ਹੀਦੀ ਮਹੀਨੇ ਵਜੋਂ ਮਨਾਇਆ ਜਾਂਦਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਕੁਰਬਾਨੀ ਨੂੰ ਯਾਦ ਕਰਕੇ ਹਰ ਇੱਕ ਦਾ ਮਨ ਸ਼ਰਧਾ ਨਾਲ ਭਰ ਜਾਂਦਾ ਹੈ। ਅਜਿਹੀ ਹੀ ਸ਼ਰਧਾ ਬਠਿੰਡਾ ਡੱਬਵਾਲੀ ਮਾਰਗ 'ਤੇ ਸਥਿਤ ਪਿੰਡ ਗਹਿਰੀ ਬੁੱਟਰ ਵਿਖੇ ਪਿਛਲੇ 10 ਸਾਲਾਂ ਤੋਂ ਦੇਖਣ ਨੂੰ ਮਿਲ ਰਹੀ ਹੈ, ਜਿੱਥੇ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਵੱਲੋ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ 26, 27 ਅਤੇ 28 ਦਸੰਬਰ ਨੂੰ 24 ਘੰਟੇ ਦੁੱਧ ਦਾ ਲੰਗਰ ਲਗਾਇਆ ਜਾਂਦਾ ਹੈ।
ਇਸ ਦੌਰਾਨ ਗੱਲਬਾਤ ਕਰਦੇ ਹੋਏ ਪਿੰਡ ਦੇ ਨੌਜਵਾਨਾਂ ਨੇ ਦੱਸਿਆ ਕਿ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਕਰੀਬ 10 ਸਾਲ ਪਹਿਲਾਂ ਦੁੱਧ ਦਾ ਲੰਗਰ ਨੈਸ਼ਨਲ ਹਾਈਵੇ 'ਤੇ ਸ਼ੁਰੂ ਕੀਤਾ ਗਿਆ ਸੀ ਅਤੇ ਹੌਲੀ-ਹੌਲੀ ਵੱਖ-ਵੱਖ ਪਿੰਡਾਂ ਦੇ ਲੋਕ ਇਸ ਲੰਗਰ ਨਾਲ ਜੁੜਦੇ ਗਏ, ਜਿਸ ਕਰਕੇ ਹੁਣ ਅੱਧੀ ਦਰਜਨ ਪਿੰਡਾਂ ਦੇ ਲੋਕਾਂ ਵੱਲੋਂ ਦੁੱਧ ਇਕੱਠਾ ਕਰਕੇ ਇਸ ਲੰਗਰ ਵਿੱਚ ਭੇਜਿਆ ਜਾਂਦਾ ਹੈ ਅਤੇ ਰੋਜਾਨਾ 15 ਤੋਂ 20 ਕੁਇੰਟਲ ਦੁੱਧ ਦੀ ਸੇਵਾ ਲੰਗਰ ਚਲਾਉਣ ਵਾਲੇ ਨੌਜਵਾਨਾਂ ਵੱਲੋਂ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਦੁੱਧ ਦੀ ਸੇਵਾ 24 ਘੰਟੇ ਚੱਲਦੀ ਹੈ। ਇਸ ਲੰਗਰ ਦੌਰਾਨ ਰਾਹਗੀਰਾਂ ਨੂੰ ਗਰਮ ਦੁੱਧ ਛਕਾਇਆ ਜਾਂਦਾ ਹੈ। ਇਸਦੇ ਨਾਲ ਹੀ, ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਇਤਿਹਾਸ ਨਾਲ ਲੋਕਾਂ ਨੂੰ ਜਾਣੂ ਕਰਵਾਇਆ ਜਾਂਦਾ ਹੈ। ਪਿੰਡ ਦੇ ਨੌਜਵਾਨਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ, ਵੱਖ-ਵੱਖ ਸਮੇਂ 'ਤੇ ਸਮਾਜ ਸੇਵੀ ਕਾਰਜ ਜਿਵੇਂ ਕਿ ਪਿੰਡ ਵਿੱਚ ਬੂਟੇ ਲਗਾਉਣ ਦਾ ਕੰਮ, ਪਿੰਡ ਵਿੱਚ ਗਰੀਬ ਪਰਿਵਾਰਾਂ ਦੀ ਮਦਦ ਕਰਨਾ, ਬਿਮਾਰ ਲੋਕਾਂ ਦਾ ਇਲਾਜ ਕਰਵਾਉਣਾ ਆਦਿ ਸਮੁੱਚੇ ਪਿੰਡ ਵੱਲੋਂ ਇਕੱਠੇ ਹੋ ਕੇ ਅਜਿਹੇ ਸਮਾਜ ਸੇਵੀ ਕਾਰਜਾਂ ਵਿੱਚ ਵੱਡਾ ਯੋਗਦਾਨ ਪਾਇਆ ਜਾਂਦਾ ਹੈ।
ਇਹ ਵੀ ਪੜ੍ਹੋ:-