ਬਰਨਾਲਾ: ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਮਾਹੌਲ ਗਰਮਾਇਆ ਹੋਇਆ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਠੁੱਲੀਵਾਲ ਵਿਖੇ ਮਾੜੇ ਖਰੀਦ ਪ੍ਰਬੰਧਾਂ ਤੋਂ ਦੁਖੀ ਹੋ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜੱਥੇਬੰਦੀ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਨਾਜਰ ਸਿੰਘ ਠੁੱਲੀਵਾਲ, ਇਕਾਈ ਪ੍ਰਧਾਨ ਮੇਵਾ ਸਿੰਘ ਭੱਟੀ, ਮੀਤ ਪ੍ਰਧਾਨ ਜਸਪਾਲ ਸਿੰਘ ਠੁੱਲੀਵਾਲ, ਖਜ਼ਾਨਚੀ ਅਮਰੀਕ ਸਿੰਘ ਭੋਲਾ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਤੇ ਮੰਡੀਕਰਨ ਬੋਰਡ ਵੱਲੋਂ ਮੰਡੀਆਂ ਅੰਦਰ ਝੋਨੇ ਦੀ ਖਰੀਦ ਕਰਨ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦੂਜੇ ਪਾਸੇ ਪੰਜਾਬ ਦੀਆਂ ਮੰਡੀਆਂ ਅੰਦਰ ਝੋਨੇ ਦੀ ਫ਼ਸਲ ਰੁਲ ਰਹੀ ਹੈ।
ਕਿਸਾਨਾਂ ਦੀ ਸਮੱਸਿਆ ਵੱਲ ਧਿਆਨ ਨਹੀਂ ਦੇ ਰਹੀ ਸਰਕਾਰ
ਅਮਰੀਕ ਸਿੰਘ ਭੋਲਾ ਨੇ ਕਿਹਾ ਕਿ ਪਿੰਡ ਠੁੱਲੀਵਾਲ ਵਿਖੇ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਸੁਸਤ ਰਫ਼ਤਾਰ ਨਾਲ ਕੀਤੇ ਜਾਣ ਕਰਕੇ ਕਿਸਾਨਾਂ ਦੀ ਝੋਨੇ ਦੀ ਫਸਲ ਮੰਡੀ ਵਿੱਚ ਰੁਲ ਰਹੀ ਹੈ, ਪਰ ਪੰਜਾਬ ਅਤੇ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਇੱਕ ਦੂਜੇ ’ਤੇ ਤੋਹਮਤਾਂ ਲਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਹੀ ਵੋਟ ਪਾਰਟੀਆਂ ਵੱਲੋਂ ਕਿਸਾਨਾਂ ਦੀ ਸਮੱਸਿਆ ਵੱਲ ਧਿਆਨ ਦੇਣ ਦੀ ਬਜਾਏ ਜ਼ਿਮਨੀ ਚੋਣਾਂ ਵੱਲ ਵੱਧ ਧਿਆਨ ਦਿੱਤਾ ਜਾ ਰਿਹਾ ਹੈ।
ਸਰਕਾਰ ਨੂੰ ਕਿਸਾਨਾਂ ਦੀ ਕੋਈ ਫ਼ਿਕਰ ਨਹੀਂ
ਉੱਥੇ ਹੀ ਅਮਰੀਕ ਸਿੰਘ ਭੋਲਾ ਨੇ ਕਿਹਾ ਕਿ ਮੋਦੀ ਹਕੂਮਤ ਕਾਰਪੋਰੇਟ ਘਰਾਣਿਆਂ ਨਾਲ ਆਪਣੀ ਗੂੜੀ ਜਾਰੀ ਨਿਭਾਉਣ ਲਈ ਅਤੇ ਖੇਤੀ ਦਾ ਸਾਰਾ ਕਾਰੋਬਾਰ ਉਨ੍ਹਾਂ ਦੇ ਹੱਥਾਂ ਵਿੱਚ ਦੇਣ ਲਈ ਤਰਲੋ ਮੱਛੀ ਹੋ ਰਹੀ ਹੈ। ਕਿਸਾਨਾਂ ਦਾ ਖੇਤੀ ਤੋਂ ਮੋਹ ਭੰਗ ਕਰਵਾਉਣ ਲਈ ਹਰ ਤਰ੍ਹਾਂ ਦੇ ਹੱਥ ਕੰਡੇ ਅਪਣਾ ਰਹੀ ਹੈ। ਪੰਜਾਬ ਸਰਕਾਰ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਹੈ, ਕਿਉਂਕਿ ਝੋਨੇ ਦੀ ਖ਼ਰੀਦ ਦੇ ਮੌਜੂਦਾ ਮਾੜੇ ਪ੍ਰਬੰਧਾਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਇਸ ਸਰਕਾਰ ਨੂੰ ਕਿਸਾਨਾਂ ਦੀ ਕੋਈ ਫ਼ਿਕਰ ਨਹੀਂ। ਸਰਕਾਰ ਨੂੰ ਝੋਨੇ ਦੇ ਸੀਜ਼ਨ ਦੀ ਤਿਆਰੀ ਘੱਟੋ ਘੱਟ ਤਿੰਨ ਮਹੀਨੇ ਪਹਿਲਾਂ ਕਰਨੀ ਚਾਹੀਦੀ ਸੀ, ਪਰ ਸਮੇਂ ਸਿਰ ਇਹ ਤਿਆਰੀ ਨਾ ਕੀਤੇ ਜਾਣ ਕਾਰਨ ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਝੋਨੇ ਦੀ ਖ਼ਰੀਦ ਦੇ ਅਜਿਹੇ ਹਾਲਾਤ ਬਣੇ ਹਨ ਕਿ ਸਰਕਾਰ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਫ਼ਸਲ ਨੂੰ ਚੁੱਕਣ ਲਈ ਤਿਆਰ ਨਹੀਂ ਹੈ। ਉਨਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਮੰਡੀਆਂ ‘ਚ ਝੋਨੇ ਦੇ ਅੰਬਾਰ ਲੱਗ ਗਏ ਹਨ। ਉਕਤ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਗਈ ਮੰਡੀਆਂ ਵਿੱਚ ਦੀ ਖਰੀਦ ਦਾ ਕੰਮ ਤੇਜ਼ੀ ਨਾਲ ਕਰਨ 'ਤੇ ਲਿਫਟਿੰਗ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ।
ਉੱਧਰ ਦੂਜੇ ਪਾਸੇ ਇੰਸਪੈਕਟਰ ਮਾਰਕਫੈੱਡ ਰਮਨਦੀਪ ਸਿੰਘ ਨੇ ਸੰਪਰਕ ਕਰਨ 'ਤੇ ਕਿਹਾ ਕਿ ਸਰਕਾਰੀ ਹਦਾਇਤਾਂ ਅਨੁਸਾਰ ਖ਼ਰੀਦ ਏਜੰਸੀ ਵੱਲੋਂ ਅਨਾਜ ਮੰਡੀ ਠੁੱਲੀਵਾਲ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਕਿਸੇ ਵੀ ਕਿਸਾਨ ਮਜ਼ਦੂਰ ਨੂੰ ਕੋਈ ਸਮੱਸਿਆ ਨਹੀਂ ਆ ਰਹੀ। ਜੇਕਰ ਕਿਸੇ ਕਿਸਾਨ ਮਜ਼ਦੂਰ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਸਾਡੇ ਧਿਆਨ ਵਿੱਚ ਲਿਆਉਣ ਤਾ ਜੋ ਕਿ ਸਮੱਸਿਆ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾ ਸਕੇ।