ਚੰਡੀਗੜ੍ਹ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਵੀ ਇਸ ਵਾਰ ਲੋਕ ਸਭਾ ਚੋਣਾਂ ਲਈ ਚੋਣ ਮੈਦਾਨ ਵਿੱਚ ਹਨ। ਅੰਮ੍ਰਿਤਪਾਲ ਲਈ ਉਸ ਦੇ ਮਾਤਾ-ਪਿਤਾ ਵਲੋਂ ਹਲਕੇ ਵਿੱਚ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਉਸ ਨੂੰ ਪੂਰਾ ਸਮਰਥਨ ਦੇਣ ਦਾ ਵੀ ਐਲਾਨ ਕੀਤਾ ਗਿਆ ਸੀ। ਹੁਣ ਚੋਣ ਲੜ੍ਹਨ ਦੇ ਐਲਾਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਦਾਖਲ ਕਰਨ ਲਈ ਆਰਜ਼ੀ ਰਿਹਾਈ ਦੀ ਮੰਗ ਕੀਤੀ ਗਈ ਸੀ। ਇਸ ਪਟੀਸ਼ਨ ਉੱਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ਦਾ ਫੈਸਲਾ ਵੀ ਆ ਗਿਆ ਹੈ।
ਅਦਾਲਤ ਨੇ ਦਿੱਤਾ 7 ਦਿਨਾਂ ਦਾ ਸਮਾਂ: ਸ਼ੁੱਕਰਵਾਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਇਸ ਸਬੰਧੀ ਆਪਣਾ ਫੈਸਲਾ ਸੁਣਾਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ। ਅਦਾਲਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰਵਾਏ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਸੀ।
ਅਸਾਮ ਜੇਲ੍ਹ ਵਿੱਚ ਬੰਦ ਹੈ ਅੰਮ੍ਰਿਤਪਾਲ ਸਿੰਘ : ਦੱਸ ਦੇਈਏ ਕਿ ਸਰਕਾਰ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਕੀਤੀ ਸੀ। ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਉਸ ਨੂੰ ਸੱਤ ਦਿਨਾਂ ਲਈ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾਵੇ, ਤਾਂ ਜੋ ਉਹ ਆਪਣੀ ਚੋਣ ਲੜਨ ਦੀ ਪ੍ਰਕਿਰਿਆ ਪੂਰੀ ਕਰ ਸਕੇ।
ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਅੰਮ੍ਰਿਤਪਾਲ: ਅੰਮ੍ਰਿਤਪਾਲ ਨੇ ਸ੍ਰੀ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਸਟਿਸ ਵਿਨੋਦ ਐਸ ਭਾਰਦਵਾਜ ਨੇ ਕੀਤੀ। ਪਟੀਸ਼ਨ 'ਚ ਅੰਮ੍ਰਿਤਪਾਲ ਨੇ ਕਿਹਾ ਸੀ ਕਿ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਤਰੀਕ 14 ਮਈ ਹੈ। ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਪੰਜਾਬ ਸਰਕਾਰ, ਭਾਰਤੀ ਚੋਣ ਕਮਿਸ਼ਨ, ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਤੋਂ ਚੋਣ ਪ੍ਰਕਿਰਿਆ ਮੁਕੰਮਲ ਕਰਨ ਲਈ ਸਮੇਂ ਦੀ ਮੰਗ ਕੀਤੀ ਹੈ। ਨੇ ਪਟੀਸ਼ਨ 'ਚ ਕਿਹਾ ਕਿ ਮੇਰੇ ਲਈ ਚੋਣ ਲੜਨ ਲਈ ਨਾਮਜ਼ਦਗੀ ਫਾਰਮ ਭਰਨਾ ਜ਼ਰੂਰੀ ਹੈ।