ਰੋਪੜ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਘਟਾ ਦਿੱਤੀ ਗਈ ਹੈ। ਇਹ ਬਿਆਨ ਚਰਨਜੀਤ ਸਿੰਘ ਚੰਨੀ ਨੇ ਜਾਰੀ ਕੀਤਾ ਅਤੇ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਉੱਤੇ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿੱਚ ਹਰ ਵਪਾਰੀ ਡਰਿਆ ਹੋਇਆ ਹੈ ਅਤੇ ਹਰ ਆਮ ਵਿਅਕਤੀ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ।
ਸਿੱਧੂ ਮੂਸੇਵਾਲਾ ਵਰਗਾ ਹਾਲ ਕਰਨ ਦੀਆਂ ਧਮਕੀਆਂ: ਉਨ੍ਹਾਂ ਕਿਹਾ ਕਿ ਸਰਕਾਰ ਦੀ ਅਮਨ ਕਨੂੰਨ ਪ੍ਰਤੀ ਗੰਭੀਰਤਾ ਇਸੇ ਗੱਲ ਤੋਂ ਸਾਬਤ ਹੁੰਦੀ ਹੈ ਕਿ ਜਦੋਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਨੂੰ ਧਮਕੀਆਂ ਮਿਲ ਰਹੀਆਂ ਹੋਣ ਤਾਂ ਗੰਭੀਰਤਾ ਦਿਖਾਉਣ ਦੇ ਬਾਵਜੂਦ ਸੁਰੱਖਿਅਤ ਵਿੱਚ ਹੋਰ ਕਟੌਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਡੀਜੀਪੀ ਨੂੰ ਸਾਰੀ ਜਾਣਕਾਰੀ ਦੇਣ ਦੇ ਬਾਵਜੂਦ ਵੀ ਅਜੇ ਤੱਕ ਕਿਸੇ ਪੁਲਿਸ ਅਧਿਕਾਰੀ ਨੇ ਉਨ੍ਹਾਂ ਨਾਲ ਗੱਲ ਤੱਕ ਵੀ ਨਹੀਂ ਕੀਤੀ ਜਦੋਂ ਕਿ ਗੈਂਗਸਟਰ ਉਨ੍ਹਾਂ ਦਾ ਸਿੱਧੂ ਮੂਸੇਵਾਲਾ ਵਰਗਾ ਹਾਲ ਕਰਨ ਦੀਆਂ ਧਮਕੀਆਂ ਦੇ ਰਹੇ ਹਨ।
ਪੁਲਿਸ ਦਾ ਰਵੱਈਆ ਹੈਰਾਨ ਕਰਨ ਵਾਲਾ: ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੇ ਦਿਨੀ ਮੋਰਿੰਡਾ ਵਿਖੇ ਆਪਣੀ ਨਿੱਜੀ ਰਹਾਇਸ਼ ਵਿੱਚ ਕਾਂਗਰਸ ਪਾਰਟੀ ਦੇ ਨਾਲ ਸੰਬੰਧਿਤ ਅਤੇ ਕਾਂਗਰਸ ਪਾਰਟੀ ਦੇ ਸਰਪੰਚਾਂ ਦੀ ਮੀਟਿੰਗ ਬੁਲਾਈ ਗਈ ਸੀ, ਜਿਸ ਵਿੱਚ ਉਹਨਾਂ ਵੱਲੋਂ ਇਹ ਅਹਿਮ ਖੁਲਾਸਾ ਕੀਤਾ ਗਿਆ ਸੀ ਕੀ ਉਹਨਾਂ ਨੂੰ ਫਿਰੌਤੀ ਦੀ ਕਾਲ ਆਈ ਹੈ ਅਤੇ ਫਿਰੌਤੀ ਵਿੱਚ ਉਨ੍ਹਾਂ ਕੋਲੋਂ ਦੋ ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਸਾਬਕਾ ਮੁੱਖ ਮੰਤਰੀ ਵੱਲੋਂ ਇਸ ਬਾਬਤ ਪੁਲਿਸ ਨੂੰ ਵੀ ਦੱਸ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਉਹਨਾਂ ਵੱਲੋਂ ਡੀਜੀਪੀ ਪੰਜਾਬ ਅਤੇ ਡੀਆਈਜੀ ਰੋਪੜ ਰੇਂਜ ਨੂੰ ਵੀ ਆਈ ਹੋਈ ਕਾਲ ਦੇ ਸਕਰੀਨਸ਼ੋਟ ਅਤੇ ਹੋਰ ਜਾਣਕਾਰੀ ਮੁਹੱਈਆ ਕਰਵਾਈ ਗਈ ਪਰ ਇਸ ਮੌਕੇ ਉੱਤੇ ਸਾਬਕਾ ਮੁੱਖ ਮੰਤਰੀ ਨੇ ਇਹ ਕਿਹਾ ਕਿ ਪੁਲਿਸ ਦਾ ਰਵੱਈਆ ਹੈਰਾਨ ਕਰਨ ਵਾਲਾ ਸੀ ਉਨ੍ਹਾਂ ਨੇ ਇਸ ਮਾਮਲੇ ਉੱਤੇ ਕੋਈ ਪ੍ਰਤਿਕਿਰਿਆ ਨਹੀਂ ਦਿੱਤੀ।