ਬਰਨਾਲਾ: ਝੋਨੇ ਦੇ ਸੀਜ਼ਨ ਦੇ ਚੱਲਦਿਆਂ ਹੀ ਡੀਏਪੀ ਖ਼ਾਦ ਦਾ ਸੰਕਟ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਕਿਸਾਨਾਂ ਵਲੋਂ ਕਣਕ ਦੀ ਫ਼ਸਲ ਦੀ ਬਿਜਾਈ ਲਈ ਲੋੜੀਂਦੀ ਡੀਏਪੀ ਖ਼ਾਦ ਨਾ ਹੋਣ ਕਾਰਨ ਵੱਡੀ ਸਮੱਸਿਆ ਖੜੀ ਹੈ। ਉੱਥੇ ਇਸ ਸੰਕਟ ਦਰਮਿਆਨ ਡੀਏਪੀ ਖ਼ਾਦ ਦੀ ਬਲੈਕ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸਦੇ ਚੱਲਦਿਆਂ ਅੱਜ ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਦੀ ਅਗਵਾਈ ਹੇਠ ਉਡਣ ਦਸਤੇ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਦੁਕਾਨਾਂ ਵਿੱਚ ਪਿਆ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆ ਦਾ ਸਟਾਕ ਅਤੇ ਰਿਕਾਰਡ ਚੈਕ ਕੀਤਾ।
ਸਮੂਹ ਡੀਲਰਾਂ ਨੂੰ ਸਖ਼ਤ ਹਦਾਇਤ
ਇਸ ਮੌਕੇ ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਸੰਯੁਕਤ ਡਾਇਰੈਕਟਰ ਖੇਤੀਬਾੜੀ ਨੇ ਸਖ਼ਤ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਖਾਦਾਂ ਦੇ ਨਾਲ ਕਿਸੇ ਵੀ ਕਿਸਮ ਦੀ ਟੈਗਿੰਗ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਸਮੂਹ ਡੀਲਰਾਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਖਾਦਾਂ ਦੇ ਸਟਾਕ ਅਤੇ ਰੇਟ ਨੂੰ ਦਰਸਾਉਂਦਾ ਸਟਾਕ ਬਰੋਡ ਲਗਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਅੰਦਰ ਡੀ.ਏ.ਪੀ ਖਾਦ ਦੇ ਨਾਲ ਬਦਲਵੀਆਂ ਫਾਸਫੇਟਿਕ ਖਾਦਾਂ ਜਿਵੇਂ ਕਿ ਸਿੰਗਲ ਸੁਪਰ ਫਾਸਫੇਟ, 12:32:16 ਅਤੇ ਟ੍ਰਿਪਲ ਸੁਪਰ ਫਾਸਫੇਟ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਕਣਕ ਦੀ ਬਿਜਾਈ ਸਮੇਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।
ਕਿਸਾਨਾਂ ਨੂੰ ਅਪੀਲ
ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਨੇ ਕਿਸਾਨਾਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਖਾਦ ਨਾਲ ਕੋਈ ਵੀ ਵਸਤੂ ਟੈਗ ਕਰਨ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਦੀ ਸ਼ਿਕਾਇਤ ਮੁੱਖ ਖੇਤੀਬਾੜੀ ਅਫ਼ਸਰ ਜੀ ਦੇ ਦਫ਼ਤਰ ਕੀਤੀ ਜਾਵੇ ਤਾਂ ਜੋ ਐਕਟ ਅਨੁਸਾਰ ਬਣਦੀ ਸਖਤ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਡਾ. ਸੁਖਪਾਲ ਸਿੰਘ ਖੇਤੀਬਾੜੀ ਅਫ਼ਸਰ, ਬਰਨਾਲਾ, ਸ੍ਰੀ ਹਰਪ੍ਰੀਤ ਸਿੰਘ ਅਤੇ ਸ੍ਰੀ ਜਤਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ(ਪੀ.ਪੀ) ਹੈਡਕੁਆਟਰ ਮੋਹਾਲੀ, ਸ੍ਰੀ ਜਸਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਜ.ਕ), ਬਰਨਾਲਾ, ਸ੍ਰੀ ਸਤਨਾਮ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ(ਇੰਨਫੋ),ਬਰਨਾਲਾ, ਸ੍ਰੀ ਸੁਨੀਲ ਕੁਮਾਰ ਖੇਤੀਬਾੜੀ ਉਪ ਨਿਰੀਖਕ ਵੀ ਹਾਜ਼ਰ ਸਨ।