ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਐਸ. ਐਸ. ਚੰਨੀ, ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ, ਭਾਜਪਾ ਦੇ ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਅਤੇ ਕਿਸਾਨ ਮੋਰਚਾ ਦੇ ਸੂਬਾ ਪ੍ਰੈਸ ਸਕੱਤਰ ਐਡਵੋਕੇਟ ਡੀ.ਐਸ. ਵਿਰਕ ਨੇ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਆਯੋਜਿਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਵਾਈਟ ਪੇਪਰ 'ਤੇ ਬੋਲਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਵਾਈਟ ਪੇਪਰ ਜਾਰੀ ਕਰਕੇ ਦੇਸ਼ ਦੇ ਲੋਕਾਂ ਨੂੰ ਆਈਨਾ ਦਿਖਾਇਆ ਕਿ ਯੂ.ਪੀ.ਏ. ਸਰਕਾਰ ਦੇ ਰਾਜ ਦੌਰਾਨ ਦੇਸ਼ ਦੀ ਆਰਥਿਕ ਹਾਲਤ ਕੀ ਸੀ ਅਤੇ ਅੱਜ ਐਨ.ਡੀ.ਏ. ਦੇ ਸ਼ਾਸਨ 'ਚ ਦੇਸ਼ ਦੀ ਆਰਥਿਕ ਸਥਿਤੀ ਕੀ ਹੈ। ? ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਦੇ ਸ਼ਾਸਨ ਵਿੱਚ ਅੱਜ ਭਾਰਤ ਦੁਨੀਆ ਦੀਆਂ ਪੰਜ ਵੱਡੀਆਂ ਅਰਥਵਿਵਸਥਾਵਾਂ ਵਿੱਚੋਂ ਇੱਕ ਬਣ ਚੁੱਕਾ ਹੈ।
ਵਿਸ਼ਵ ਮੰਚ 'ਤੇ ਆਪਣੀ ਇਕ ਵੱਖਰੀ ਪਛਾਣ: ਐੱਸ. ਐੱਸ. ਚੰਨੀ ਨੇ ਕਿਹਾ ਕਿ ਯੂ.ਪੀ.ਏ ਸਰਕਾਰ ਦੇ ਸ਼ਾਸਨ ਦੌਰਾਨ ਕੋਲਾ ਘੁਟਾਲਾ, ਸਪੈਕਟਰਮ ਘੁਟਾਲਾ, ਕਾਮਨਵੇਲਥ ਖੇਡਾਂ ਘੁਟਾਲਾ ਆਦਿ ਵਰਗੇ ਕਈ ਵੱਡੇ ਘੁਟਾਲੇ ਹੋਏ ਹਨ, ਜਿਸ ਕਾਰਨ ਦੁਨੀਆ 'ਚ ਭਾਰਤ ਦਾ ਅਕਸ ਖਰਾਬ ਹੋਇਆ ਅਤੇ ਅਤੇ ਦੇਸ਼ ਦਾ ਭਾਰੀ ਨੁਕਸਾਨ ਹੋਇਆ। ਪਿਛਲੇ 10 ਸਾਲਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਭਾਰਤ ਨੇ ਵਿਸ਼ਵ ਮੰਚ 'ਤੇ ਆਪਣੀ ਇਕ ਵੱਖਰੀ ਪਛਾਣ ਬਣਾਈ ਹੈ ਅਤੇ ਅੱਜ ਦੁਨੀਆ ਦੇ ਲਗਭਗ ਸਾਰੇ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਰ ਕੰਮ ਵਿਚ ਸਲਾਹ ਲੈਂਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਨੀਆ ਨੇ ਗਲੋਬਲ ਲੀਡਰ ਦਾ ਦਰਜਾ ਦਿੱਤਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਤੇਜ਼ੀ ਨਾਲ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਵੱਲ ਵਧ ਰਿਹਾ ਹੈ।
ਨਰਿੰਦਰ ਮੋਦੀ ਦੀ ਅਗਵਾਈ 'ਚ ਅੱਗੇ ਵਧਿਆ ਦੇਸ਼: ਉਨ੍ਹਾਂ ਕਿਹਾ ਕਿ ਯੂਪੀਏ ਸ਼ਾਸਨ ਦੌਰਾਨ 2008 ਦੀ ਛੋਟੀ ਮੰਦੀ ਦੌਰਾਨ ਭਾਰਤ ਦੀ ਆਰਥਿਕਤਾ ਬੁਰੀ ਤਰ੍ਹਾਂ ਡਗਮਗਾ ਗਈ ਸੀ। ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਜਦੋਂ 2019 ਵਿੱਚ ਵਿਸ਼ਵ ਵਿੱਚ ਫੈਲੀ ਕੋਵਿਡ ਮਹਾਂਮਾਰੀ ਦੌਰਾਨ ਪੂਰੀ ਦੁਨੀਆ ਦੀ ਆਰਥਿਕਤਾ ਡਗਮਗਾ ਗਈ ਸੀ, ਉਦੋਂ ਵੀ ਭਾਰਤ ਦੀ ਅਰਥਵਿਵਸਥਾ ਨੇ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਦੇਸ਼ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਦਾ ਮੌਕਾ ਪ੍ਰਦਾਨ ਕੀਤਾ ਅਤੇ ਦੁਨੀਆ ਦੇ 70 ਤੋਂ ਵੱਧ ਦੇਸ਼ਾਂ ਨੂੰ ਕੋਵਿਡ ਵੈਕਸੀਨ ਮੁਹਇਆ ਕਰਕੇ ਦੋਸਤੀ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਇਹ ਸਭ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਟੀਕ ਅਤੇ ਨਿਰਣਾਇਕ ਫੈਸਲਿਆਂ ਅਤੇ ਅਗਾਂਹਵਧੂ ਸੋਚ ਸਦਕਾ ਸੰਭਵ ਹੋਇਆ ਹੈ। ਵਿਸ਼ਵ ਦੀ ਆਰਥਿਕ ਵਿਕਾਸ ਦਰ 3 ਫੀਸਦੀ ਹੈ, ਜਦੋਂ ਕਿ ਭਾਰਤ ਦੀ 7.3ਫੀਸਦੀ ਹੈ।
ਲੋਕ ਭਲਾਈ ਸਕੀਮਾਂ ਦਾ ਲਾਭ: ਐੱਸ. ਐੱਸ. ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ਾਸਨ 'ਚ ਭਾਰਤ ਨੇ ਜੀ-20 ਸੰਮੇਲਨ ਦੀ ਮੇਜ਼ਬਾਨੀ ਕੀਤੀ, ਜੋ ਭਾਰਤ ਲਈ ਬਹੁਤ ਮਾਣ ਵਾਲੀ ਗੱਲ ਹੈ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਜਪਾ ਦੇ 10 ਸਾਲਾਂ ਦੇ ਰਾਜ ਵਿੱਚ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਸਮਾਜ ਦੇ ਆਖਰੀ ਵਿਅਕਤੀ ਤੱਕ ਪਹੁੰਚਾਇਆ ਜਾ ਰਿਹਾ ਹੈ। ਅੱਜ ਭਾਰਤ ਇੱਕ ਵਿਕਸਤ ਭਾਰਤ ਦੇ ਰੂਪ ਵਿੱਚ ਵਿਸ਼ਵ ਮੰਚ ਉੱਤੇ ਆਪਣੀ ਥਾਂ ਬਣਾਉਣ ਵਿੱਚ ਕਾਮਯਾਬ ਹੋਇਆ ਹੈ। 43 ਕਰੋੜ ਲੋਕਾਂ ਨੂੰ ਕਰਜ਼ੇ ਦਿੱਤੇ ਗਏ ਜਿਹਨਾ ਵਿੱਚ 30 ਕਰੋੜ ਮਹਿਲਾਵਾਂ ਹਨ, 22.5 ਲੱਖ ਕਰੋੜ ਦਾ ਕਰਜ਼ਾ ਦਿੱਤਾ ਗਿਆ, 25 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਿਆ, 4 ਕਰੋੜ ਲੋਕਾਂ ਨੂੰ ਘਰ ਬਣਾ ਕੇ ਦਿੱਤੇ,ਪੀਣ ਵਾਲਾ ਪਾਣੀ ਤੇ ਬਿਜਲੀ ਮੁਹੱਈਆ ਕਰਵਾਈ ਗਈ, 10 ਕਰੋੜ ਲੋਕਾਂ ਨੂੰ ਗੈਸ ਕੁਨੈਕਸਨ ਦਿੱਤੇ ਗਏ, ਹਰ ਘਰ ਦਾ ਬੈਂਕ ਖਾਤਾ ਖੋਲਿਆ, ਏਅਰਪੋਰਟਾਂ ਦੀ ਗਿਣਤੀ 74 ਤੋਂ ਵਧਾਕੇ 149 ਕੀਤੀ ਗਈ।
ਕਈ ਦਿੱਗਜਾਂ ਨੂੰ ਦਿੱਤਾ ਭਾਰਤ ਰਤਨ: ਦਰਸ਼ਨ ਸਿੰਘ ਨੈਣੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਕਿਸਾਨਾਂ ਦੇ ਮਸੀਹਾ ਚੌਧਰੀ ਚਰਨ ਸਿੰਘ ਅਤੇ ਡਾ. ਐਮ.ਐਸ. ਸਵਾਮੀਨਾਥਨ ਨੂੰ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ "ਭਾਰਤ ਰਤਨ" ਦੇ ਕੇ ਸਨਮਾਨਿਤ ਕੀਤਾ ਹੈ, ਜੋ ਦੇਸ਼ ਦੇ ਇਤਿਹਾਸ ਵਿੱਚ ਕਿਸੇ ਹੋਰ ਪਾਰਟੀ ਦੀ ਸਰਕਾਰ ਨੇ ਨਹੀਂ ਕੀਤਾ। ਇਸ ਲਈ ਅਸੀਂ ਕੇਂਦਰ ਦੀ ਮੋਦੀ ਸਰਕਾਰ ਅਤੇ ਭਾਜਪਾ ਪੰਜਾਬ ਦੀ ਤਰਫੋਂ ਮੋਦੀ ਸਰਕਾਰ ਦਾ ਸਮਰਥਨ ਕਰਦੇ ਹਾਂ ਅਤੇ ਤਹਿ ਦਿਲੋਂ ਧੰਨਵਾਦ ਕਰਦੇ ਹਾਂ।
ਕਿਸਾਨਾਂ ਨੂੰ ਆਪਣੀ ਫ਼ਸਲ ਦਾ ਵਾਜਬ ਭਾਅ : ਨੈਣੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਨਹੀਂ ਹੈ। ਪੰਜਾਬ ਸਰਕਾਰ ਨੂੰ ਕਿਸਾਨਾਂ ਦੀ ਕੋਈ ਚਿੰਤਾ ਨਹੀਂ ਹੈ। ਕਿਸਾਨਾਂ ਦੀ ਅਣਦੇਖੀ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਵਾਜਬ ਭਾਅ ਨਹੀਂ ਮਿਲ ਰਿਹਾ। ਪੰਜਾਬ ਦੇ ਕਿਸਾਨ ਆਪਣੀਆਂ ਫਸਲਾਂ ਸੜਕਾਂ 'ਤੇ ਸੁੱਟਣ ਲਈ ਮਜਬੂਰ ਹਨ। ਜਿਸ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਗੜੇਮਾਰੀ ਕਾਰਨ ਹੋਏ ਨੁਕਸਾਨ ਲਈ ਮੁਆਵਜ਼ੇ ਦਾ ਐਲਾਨ ਕੀਤਾ ਸੀ, ਪਰ ਜ਼ਮੀਨੀ ਪੱਧਰ 'ਤੇ ਕੁਝ ਨਹੀਂ ਦਿੱਤਾ। ਭਗਵੰਤ ਮਾਨ ਨੇ ਕਿਸਾਨਾਂ ਨਾਲ ਜੋ ਵਾਅਦੇ ਅਤੇ ਐਲਾਨ ਪਹਿਲਾਂ ਕੀਤੇ ਸਨ, ਉਹ ਸਭ ਹਵਾ-ਹਵਾਈ ਹੋ ਗਏ ਹਨ। ਹੁਣ ਪੰਜਾਬ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਐਲਾਨਾਂ 'ਤੇ ਕੋਈ ਭਰੋਸਾ ਨਹੀਂ ਰਿਹਾ।