ਬਰਨਾਲਾ: ਅੱਜ ਦੇਸ਼ ਭਰ ਵਿੱਚ ਕੌਮਾਂਤਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਅੰਤਰਰਾਸ਼ਟਰੀ ਯੋਗ ਦਿਵਸ ਜ਼ਿਲ੍ਹਾ ਪੱਧਰ 'ਤੇ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਐਸਪੀ ਸੰਦੀਪ ਕੁਮਾਰ ਮਲਿਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਅਤੇ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ। ਸਾਰਿਆਂ ਨੇ ਮਿਲ ਕੇ ਵੱਖ-ਵੱਖ ਯੋਗ ਆਸਣ ਕੀਤੇ।
ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਯੋਗ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਉਣ ਲਈ ਕਿਹਾ। ਉਨ੍ਹਾਂ ਲਿਖਿਆ ਕਿ-
ਕੌਮਾਂਤਰੀ ਯੋਗਾ ਦਿਵਸ ਮੌਕੇ ਆਓ ਆਪਣੀ ਜ਼ਿੰਦਗੀ 'ਚ ਨਵੀਂ ਊਰਜਾ ਅਤੇ ਤੰਦਰੁਸਤੀ ਬਰਕਰਾਰ ਰੱਖਣ ਲਈ ਯੋਗ ਅਪਣਾਈਏ। - ਭਗਵੰਤ ਮਾਨ, ਮੁੱਖ ਮੰਤਰੀ, ਪੰਜਾਬ
ਯੋਗ ਨਾਲ ਸਰੀਰ ਤੰਦਰੁਸਤ ਰਹਿੰਦਾ: ਇਸ ਮੌਕੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਯੋਗਾ ਭਾਰਤ ਦਾ ਸੱਭਿਆਚਾਰ ਹੈ। ਭਾਰਤ ਦੇ ਇਸ ਸੱਭਿਆਚਾਰ ਨੂੰ ਪੂਰੀ ਦੁਨੀਆ ਨੇ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਯੋਗਾ ਕਰਨ ਨਾਲ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ। ਜਿਸ ਕਾਰਨ ਸਾਨੂੰ ਅੱਜ ਹੀ ਨਹੀਂ ਬਲਕਿ ਹਰ ਰੋਜ਼ ਯੋਗਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਯੋਗਸ਼ਾਲਾ ਅਧੀਨ ਯੋਗਸ਼ਾਲਾਵਾਂ ਚੱਲ ਰਹੀਆਂ ਹਨ, ਜਿਸ ਦਾ ਜ਼ਿਲ੍ਹੇ ਦੇ ਲੋਕਾਂ ਨੂੰ ਲਾਭ ਉਠਾਉਣਾ ਚਾਹੀਦਾ ਹੈ।
ਯੋਗ ਕਰਵਾਉਣ ਲਈ ਟ੍ਰੇਨਰ ਲਾਏ: ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਕਿਹਾ ਕਿ ਅੱਜ ਵਿਸ਼ਵ ਭਰ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਬਰਨਾਲਾ ਵਿੱਚ ਵੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਕਰਵਾਇਆ ਗਿਆ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਇਸ ਦਿਨ ਹੀ ਨਹੀਂ ਬਲਕਿ ਬਰਨਾਲਾ ਜ਼ਿਲ੍ਹੇ ਵਿੱਚ ਰੋਜ਼ਾਨਾ ਯੋਗਾ ਸਬੰਧੀ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸੀ.ਐਮ ਯੋਗਸ਼ਾਲਾ ਪੰਜਾਬ ਸਰਕਾਰ ਦੀ ਸਕੀਮ ਤਹਿਤ ਚਲਾਈ ਜਾ ਰਹੀ ਹੈ। ਪੂਰੇ ਜ਼ਿਲ੍ਹੇ ਵਿੱਚ 74 ਥਾਵਾਂ ’ਤੇ 15 ਟ੍ਰੇਨਰ ਲੋਕਾਂ ਨੂੰਯੋਗਾ ਕਰਵਾ ਰਹੇ ਹਨ।