ਚੰਡੀਗੜ੍ਹ: ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਨੂੰ ਹਥਿਆਰਾਂ ਦੇ ਤਸਕਰਾਂ ਦੀਆਂ ਗਤੀਵਿਧੀਆਂ ਬਾਰੇ ਖੁਫ਼ੀਆ ਜਾਣਕਾਰੀ ਮਿਲੀ ਸੀ। ਜਿੱਥੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਮਨਜੋਤ ਸਿੰਘ ਵਾਸੀ ਚਕਰ, ਲੁਧਿਆਣਾ, ਕੁਲਦੀਪ ਸਿੰਘ ਉਰਫ਼ ਮਾਣਕ ਵਾਸੀ ਪਿੰਡ ਲਹਿਰਾ, ਲੁਧਿਆਣਾ, ਸੁਖਚੈਨ ਸਿੰਘ ਵਾਸੀ ਪਿੰਡ ਮੂਮ,ਬਰਨਾਲਾ ਅਤੇ ਸੰਦੀਪ ਸਿੰਘ ਵਾਸੀ ਪਿੰਡ ਭੈਣੀ ਗੁੱਜਰਾਂ ਲੁਧਿਆਣਾ ਵਜੋਂ ਹੋਈ ਹੈ।
ਦੋਵੇਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ: ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਉਰਫ਼ ਮਾਣਕ ਅਤੇ ਗੁਰਮਨਜੋਤ ਸਿੰਘ ਸਾਲ 2016 ਵਿੱਚ ਲੁਧਿਆਣਾ ਜ਼ੇਲ੍ਹ ਵਿੱਚ ਇੱਕ-ਦੂਜੇ ਨੂੰ ਮਿਲੇ ਸਨ। ਦੋਵੇਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ, ਜਿਨ੍ਹਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਅਸਲਾ ਐਕਟ, ਲੁੱਟ-ਖਸੁੱਟ, ਚੋਰੀ ਆਦਿ ਵਰਗੇ ਕਈ ਕੇਸ ਦਰਜ ਹਨ ਅਤੇ ਦੋਵੇਂ ਮੁਲਜ਼ਮ ਇਸ ਸਮੇਂ ਜ਼ਮਾਨਤ 'ਤੇ ਬਾਹਰ ਸਨ। ਦੱਸਣਯੋਗ ਹੈ ਕਿ ਮੁਲਜ਼ਮ ਗੁਰਮਨਜੋਤ ਸਾਲ 2022 ਦੌਰਾਨ ਲੁਧਿਆਣਾ ਜੇਲ੍ਹ ਵਿੱਚ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੇ ਤਸਕਰਾਂ ਦੇ ਸੰਪਰਕ ਵਿੱਚ ਆਇਆ ਸੀ।
ਨਗਰ ਦੀਆਂ ਪੁਲਿਸ ਟੀਮਾਂ ਨੇ ਪਟਿਆਲਾ ਦੇ ਪਾਤੜਾਂ-ਖਨੌਰੀ ਰੋਡ 'ਤੇ ਲਗਾਇਆ ਨਾਕਾ: ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਹਥਿਆਰਾਂ ਦੇ ਤਸਕਰਾਂ ਦੀਆਂ ਗਤੀਵਿਧੀਆਂ ਬਾਰੇ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਉਹ ਮੱਧ ਪ੍ਰਦੇਸ਼ ਦੇ ਬੜਵਾਨੀ ਜ਼ਿਲ੍ਹੇ ਦੇ ਸੇਂਧਵਾਂ ਤੋਂ ਗੈਰ-ਕਾਨੂੰਨੀ ਹਥਿਆਰ ਅਤੇ ਗੋਲੀ-ਸਿੱਕਾ ਲਿਆ ਕੇ ਸੂਬੇ ਵਿੱਚ ਆਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੀ ਫ਼ਿਰਾਕ ਵਿੱਚ ਹਨ, ਜਿਸ ਉਪਰੰਤ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐੱਸ.ਐੱਸ.ਓ.ਸੀ.) ਐੱਸ.ਏ.ਐੱਸ. ਨਗਰ ਦੀਆਂ ਪੁਲਿਸ ਟੀਮਾਂ ਨੇ ਪਟਿਆਲਾ ਦੇ ਪਾਤੜਾਂ-ਖਨੌਰੀ ਰੋਡ 'ਤੇ ਨਾਕਾ ਲਗਾਇਆ।
ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਚਿੱਟੇ ਰੰਗ ਦੀ ਸਵਿਫਟ ਕਾਰ (ਪੀਬੀ 10 ਜੀਜੀ 9014) ਵਿੱਚ ਸਵਾਰ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 9 ਪਿਸਤੌਲਾਂ, ਜਿਨ੍ਹਾਂ ‘ਤੇ ‘ਸਟਾਰ’ ਦਾ ਨਿਸ਼ਾਨ ਬਣਿਆ ਹੋਇਆ ਸੀ, ਅਤੇ ਕਾਰ ਬਰਾਮਦ ਕਰ ਲਈ ਹੈ।
ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛ-ਗਿੱਛ ਤੋਂ ਪਤਾ ਚੱਲਿਆ ਹੈ ਕਿ ਫੜੇ ਗਏ ਮੁਲਜ਼ਮਾਂ ਵੱਲੋਂ ਇਨ੍ਹਾਂ ਵਿੱਚੋਂ ਕੁਝ ਹਥਿਆਰਾਂ ਦੀ ਵਰਤੋਂ ਟਾਰਗੇਟਿਡ ਸੰਗਠਿਤ ਅਪਰਾਧਾਂ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ ਅਤੇ ਬਾਕੀ ਹਥਿਆਰ ਗਰੋਹ ਦੇ ਹੋਰ ਮੈਂਬਰਾਂ ਨੂੰ ਵੰਡੇ ਜਾਣੇ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਾਰੇ ਮੁਲਜ਼ਮ ਪੰਜਾਬ ਦੇ ਨਾਲ-ਨਾਲ ਗੁਆਂਢੀ ਰਾਜਾਂ ਵਿੱਚ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਨ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ।
ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ: ਡੀਆਈਜੀ ਕਾਊਂਟਰ ਇੰਟੈਲੀਜੈਂਸ ਜੇ ਏਲੈਂਚੇਜ਼ੀਅਨ ਨੇ ਦੱਸਿਆ ਕਿ ਇਸ ਮਾਡਿਊਲ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਮੱਧ ਪ੍ਰਦੇਸ਼-ਅਧਾਰਤ ਹਥਿਆਰਾਂ ਦੇ ਤਸਕਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।
ਦੱਸਿਆ ਗਿਆ ਹੈ ਕਿ ਇਸ ਸਬੰਧੀ ਥਾਣਾ ਐਸ.ਐਸ.ਓ.ਸੀ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120 ਬੀ ਤਹਿਤ ਐਫਆਈਆਰ ਨੰ. 9 ਮਿਤੀ 30.03.2024 ਦਰਜ ਹੈ।