ਅੰਮ੍ਰਿਤਸਰ: ਦਲ ਖ਼ਾਲਸਾ ਦੇ ਮੋਢੀ ਆਗੂ ਗਜਿੰਦਰ ਸਿੰਘ ਜੋ ਬੀਤੇ ਦਿਨੀਂ ਪਾਕਿਸਤਾਨ ਅੰਦਰ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਲ ਖ਼ਾਲਸਾ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸੰਬੋਧਨ ਕੀਤਾ ਗਿਆ। ਇਸ ਦੌਰਾਨ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਲਗਾਇਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਤਿੰਨ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ 'ਚ ਲਗਾਉਣ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਤਿੰਨ ਤਸਵੀਰਾਂ 'ਚ ਕੈਨੇਡਾ 'ਚ ਕਤਲ ਹੋਏ ਹਰਦੀਪ ਸਿੰਘ ਨਿੱਝਰ, ਪਾਕਿਸਤਾਨ 'ਚ ਕਤਲ ਹੋਏ ਪਰਮਜੀਤ ਸਿੰਘ ਪੰਜਵੜ ਅਤੇ ਜਲਾਵਤਨੀ ਸਿੰਘ ਗਜਿੰਦਰ ਸਿੰਘ ਦੇ ਨਾਮ ਸ਼ਾਮਿਲ ਹਨ।
ਕੇਂਦਰੀ ਸਿੱਖ ਅਜਾਇਬ ਘਰ 'ਚ ਇੰਨ੍ਹਾਂ ਦੀ ਤਸਵੀਰ: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੋਲਦਿਆਂ ਕਿਹਾ ਕਿ, "ਪਿਛਲੇ ਦਿਨਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਚਾਰ ਕੀਤੀ ਜਾ ਰਹੀ ਹੈ। ਕੈਨੇਡਾ 'ਚ ਭਾਰਤੀ ਏਜੰਸੀਆਂ ਦੁਆਰਾ ਹਰਦੀਪ ਸਿੰਘ ਨਿੱਝਰ ਉਨ੍ਹਾਂ ਦੀ ਸ਼ਹਾਦਤ ਹੋਈ। ਇਸ ਦੇ ਨਾਲ ਹੀ, ਪਾਕਿਸਤਾਨ 'ਚ ਪਰਮਜੀਤ ਸਿੰਘ ਪੰਜਵੜ ਦੀ ਸ਼ਹਾਦਤ ਹੋਈ। ਉਨ੍ਹਾਂ ਦੀਆਂ ਤਸਵੀਰਾਂ ਤੇ ਨਾਲ ਹੀ ਜਲਾਵਤਨੀ ਸਿੰਘ ਭਾਈ ਗਜਿੰਦਰ ਸਿੰਘ ਦੀਆਂ ਤਸਵੀਰਾਂ ਨੂੰ ਸ਼੍ਰੋਮਣੀ ਕਮੇਟੀ ਫੈਸਲਾ ਕਰਕੇ ਕੇਂਦਰੀ ਸਿੱਖ ਅਜਾਇਬ ਘਰ 'ਚ ਸੁਸ਼ੋਭਿਤ ਕਰਨ ਦਾ ਯਤਨ ਜ਼ਰੂਰ ਕਰੇ।" ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗਜਿੰਦਰ ਸਿੰਘ ਸਣੇ ਇਹ ਦੋਵੇਂ ਉਸ ਪੰਥਕ ਸੰਘਰਸ਼ ਦੇ ਉਹ ਯੋਧੇ ਸਨ, ਜਿਨ੍ਹਾਂ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਕੌਮ ਦੇ ਲੇਖੇ ਲਾਇਆ ਹੈ।
ਖਾਲਿਸਤਾਨ ਲਹਿਰ ਦੇ ਸਰਗਰਮ ਆਗੂ: ਖਾਲਿਸਤਾਨ ਕਮਾਂਡੋ ਫੋਰਸ (ਕੇਸੀਐਫ) ਦੇ ਮੁਖੀ ਪਰਮਜੀਤ ਸਿੰਘ ਪੰਜਵੜ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅਪਰਾਧੀਆਂ ਵਿੱਚੋਂ ਇੱਕ ਸਨ। ਇੰਨ੍ਹਾਂ ਦਾ ਲਾਹੌਰ ਵਿੱਚ 6 ਮਈ 2023 ਨੂੰ ਬਾਈਕ ਸਵਾਰਾਂ ਵਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ 18 ਜੂਨ 2023 ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ 'ਚ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਇਲਾਵਾ ਦਲ ਖਾਲਸਾ ਦੇ ਸੰਸਥਾਪਕ ਗਜਿੰਦਰ ਸਿੰਘ ਦੀ ਕੁਝ ਦਿਨ ਪਹਿਲਾਂ 3 ਜੁਲਾਈ ਨੂੰ ਪਾਕਿਸਤਾਨ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਗਜਿੰਦਰ ਸਿੰਘ ਨੇ ਖਾਲਿਸਤਾਨੀ ਅੱਤਵਾਦੀਆਂ ਦੇ ਸਮੂਹ ਦੀ ਅਗਵਾਈ ਕੀਤੀ ਸੀ, ਜੋ 1981 ਵਿੱਚ ਇੰਡੀਅਨ ਏਅਰਲਾਈਨਜ਼ ਦੇ ਜਹਾਜ਼ ਨੂੰ ਹਾਈਜੈਕ ਕਰਕੇ ਲਾਹੌਰ ਲੈ ਗਏ ਸਨ।
ਭਾਰਤ ਅਤੇ ਕੈਨੇਡਾ ਸਬੰਧ: ਕਾਬਿਲੇਗੌਰ ਹੈ ਕਿ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੀ ਚਰਚਾ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਖਟਾਸ ਆ ਗਈ ਸੀ। ਪਿਛਲੇ ਸਾਲ ਸਤੰਬਰ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਭਾਰੀ ਤਣਾਅ ਆ ਗਿਆ ਸੀ। ਭਾਰਤ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਅਤੇ ਅੰਤਰਰਾਸ਼ਟਰੀ ਮੰਚਾਂ 'ਤੇ ਵੀ ਮੁੱਦਾ ਉਠਾਇਆ।
- ਮੌੜ ਕਤਲ ਕਾਂਡ ਮਾਮਲੇ ਵਿੱਚ ਪੁਲਿਸ ਨੇ ਇੱਕ ਔਰਤ ਸਣੇ ਚਾਰ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ - Maur murder case Update
- ਕਦੇ ਇਸ ਸਕੂਲ 'ਚ ਬੱਚੇ ਭੇਜਣ ਤੋਂ ਕੰਨੀ ਕਤਰਾਉਂਦੇ ਸੀ ਮਾਪੇ, ਹੁਣ ਇਹ ਟੈਸਟ ਪਾਸ ਕਰਵਾਉਣ ਲਈ ਬਣਿਆ 'ਸਪੈਸ਼ਲ ਸਕੂਲ' - Govt Primary School Giana Village
- ਸੂਬੇ ਦੇ 7 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ 'ਤੇ ਰੱਖੇ: ਹਰਜੋਤ ਬੈਂਸ - Changes Schools named