ਇਹ ਖ਼ਬਰ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਬਹੁਤ ਅਹਿਮ ਹੈ। ਜੇਕਰ ਤੁਸੀਂ ਵੀ ਆਉਣ ਵਾਲੇ ਦਿਨਾਂ 'ਚ ਘੁੰਮਣ ਦਾ ਜਾਂ ਕੋਈ ਹੋਰ ਪ੍ਰੋਗਰਾਮ ਬਣਾ ਰਹੇ ਹੋ ਤਾਂ ਜ਼ਰਾ ਧਿਆਨ ਨਾਲ ਕਿਉਂਕਿ ਹੁਣ ਜੇਕਰ ਤੁਸੀਂ ਕੰਡਕਟਰਾਂ ਦੀ ਗੱਲ ਨੂੰ ਅਣਸੁਣਿਆ ਕਰ ਦਿੱਤਾ ਤਾਂ ਤੁਸੀਂ ਮੁਸ਼ਕਿਲ 'ਚ ਆ ਸਕਦੇ ਹੋ। ਇਸ ਕਰਕੇ ਹੁਣ ਜਦੋਂ ਤੁਹਾਨੂੰ ਬੱਸ ਕੰਡਕਟਰ ਵੱਲੋਂ ਟਿਕਟ ਦਿੱਤੀ ਜਾਵੇਗੀ ਤਾਂ ਨਾਲ ਹੀ ਸਾਵਧਾਨ ਵੀ ਕੀਤਾ ਜਾਵੇਗਾ ਕਿ ਤੁਸੀਂ ਆਉਣ ਵਾਲੀ 30 ਦਸੰਬਰ ਨੂੰ ਘਰੋਂ ਬਾਹਰ ਨਾ ਨਿਕਲਣਾ। ਦਰਅਸਲ ਹੁਣ ਪੰਜਾਬ ਦੇ ਵੱਖ-ਵੱਖ ਅਦਾਰਿਆਂ ਵੱਲੋਂ ਵੀ ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਪੰਜਾਬ ਬੰਦ ਦੀ ਕਾਲ ਨੂੰ ਸਫ਼ਲ ਬਣਾਉਣ ਲਈ ਪੂਰਾ ਹੁੰਗਾਰਾ ਦਿੱਤਾ ਗਿਆ ਹੈ।
30 ਦਸੰਬਰ ਨੂੰ ਪੰਜਾਬ ਬੰਦ
ਕਿਸਾਨਾਂ ਨੇ ਅੱਜ ਹਰਿਆਣਾ-ਪੰਜਾਬ ਦੀ ਸਰਹੱਦ ਖਨੌਰੀ ਵਿਖੇ ਮੀਟਿੰਗ ਕਰਕੇ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਾਰੀਆਂ ਰੇਲ ਗੱਡੀਆਂ, ਬੱਸਾਂ ਅਤੇ ਸਰਕਾਰੀ ਅਤੇ ਨਿੱਜੀ ਅਦਾਰੇ ਬੰਦ ਰਹਿਣਗੇ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਇਸ ਦੌਰਾਨ ਸੜਕੀ ਅਤੇ ਰੇਲ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੇਗੀ। ਮੀਟਿੰਗ ਵਿੱਚ ਟੀਚਿੰਗ, ਟਰਾਂਸਪੋਰਟ, ਬਿਜਲੀ ਮੁਲਾਜ਼ਮਾਂ, ਆਸ਼ਾ ਵਰਕਰਾਂ, ਸਾਬਕਾ ਸੈਨਿਕਾਂ, ਪ੍ਰੋਫੈਸਰਾਂ, ਪੱਤਰਕਾਰ ਸੰਘ, ਵਪਾਰ ਮੰਡਲ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ।
#WATCH | Khanauri Border: Farmer leader of Kisan Mazdoor Sanghrash Committee-Punjab, Sarvan Singh Pandher says, " punjab bandh will be observed on 30th december from 7 am to 4 pm. we have received support from many unions and groups. both punjab govt and private offices will… pic.twitter.com/rDTxxNUaMZ
— ANI (@ANI) December 26, 2024
ਪੰਜਾਬ ਬੰਦ ਸਬੰਧੀ ਭਲਕੇ ਜ਼ਿਲ੍ਹਿਆਂ ਵਿੱਚ ਮੀਟਿੰਗ
ਇਸ ਦੇ ਨਾਲ ਹੀ ਭਲਕੇ ਬਾਅਦ ਦੁਪਹਿਰ 3 ਵਜੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਬੰਦ ਸਬੰਧੀ ਮੀਟਿੰਗ ਹੋਵੇਗੀ। ਇਸ ਦੌਰਾਨ ਸਾਰੇ ਟੋਲ ਪਲਾਜ਼ਿਆਂ 'ਤੇ ਬੰਦ ਸਬੰਧੀ ਬੈਨਰ ਲਗਾਏ ਜਾਣਗੇ। ਬੱਸਾਂ ਦੇ ਕੰਡਕਟਰ ਟਿਕਟ ਦੇਣ ਤੋਂ ਪਹਿਲਾਂ ਲੋਕਾਂ ਨੂੰ ਪੰਜਾਬ ਬੰਦ ਬਾਰੇ ਜਾਣਕਾਰੀ ਦੇਣਗੇ। ਪਿੰਡਾਂ ਦੇ ਸਾਰੇ ਗੁਰਦੁਆਰੇ ਬੰਦ ਰੱਖਣ ਦੀ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ। ਪੰਜਾਬ ਬੰਦ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਰਹੇਗਾ। ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ 'ਤੇ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਅੱਜ (ਵੀਰਵਾਰ) 31ਵਾਂ ਦਿਨ ਹੈ। ਉਸ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਹੁਣ ਉਹ ਗੱਲ ਕਰਨ ਦੇ ਵੀ ਯੋਗ ਨਹੀਂ ਰਿਹਾ। ਉਹ ਇਸ਼ਾਰਿਆਂ ਰਾਹੀਂ ਹੀ ਗੱਲਬਾਤ ਕਰ ਰਿਹਾ ਹੈ।
ਡੱਲੇਵਾਲ ਨਾਲ ਮੁਲਾਕਾਤ
ਉਧਰ ਦੂਜੇ ਪਾਸੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਆਖਿਆ ਕਿ ਪੰਜਾਬ ਸਰਕਾਰ ਤਾਂ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਹੈ। ਗੱਲ ਤਾਂ ਕੇਂਦਰ ਸਰਕਾਰ ਦੀ ਹੈ ਕਿ ਜਿਸ ਨੂੰ ਜਲਦ ਤੋਂ ਜਲਦ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ। ਸਪੀਕਰ ਸਾਹਿਬ ਨੇ ਆਖਿਆ ਕਿ ਕਿਸਾਨਾਂ ਨੂੰ ਐਮਐਸਪੀ ਦੇ ਕਿ ਹੀ ਕੇਂਦਰ ਦਾ ਸਰਨਾ ਹੈ, ਇਸ ਨਾਲ ਪੰਜਾਬ ਹੀ ਨਹੀਂ ਪੂਰਾ ਦੇਸ਼ ਮਜ਼ਬੂੂਤ ਹੋਵੇਗਾ। ਪੰਜਾਬ ਸਰਕਾਰ ਵੱਲੋਂ ਲਗਾਤਾਰ ਕੇਂਦਰ ਨਾਲ ਸਪੰਰਕ ਕੀਤਾ ਜਾ ਰਿਹਾ ਪਰ ਕੋਈ ਹੱਲ ਨਹੀਂ ਨਿਕਲ ਰਿਹਾ। ਇਸ ਦੇ ਨਾਲ ਹੀ ਉਨ੍ਹਾਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਪ੍ਰਤੀ ਵੀ ਚਿੰਤਾ ਜ਼ਾਹਿਰ ਕੀਤੀ।
ਸਰਕਾਰੀ ਡਾਕਟਰ ਵੀ ਟੈਸਟ ਕਰਵਾਉਣ
ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਬਹੁਤ ਚਿੰਤਾਜਨਕ ਹੈ। ਉਸਨੇ 31 ਦਿਨਾਂ ਤੋਂ ਕੁਝ ਨਹੀਂ ਖਾਧਾ ਅਤੇ ਪਾਣੀ ਤੋਂ ਇਲਾਵਾ ਕੁਝ ਨਹੀਂ ਪੀਤਾ, ਹੱਥ ਪੀਲੇ ਪੈ ਗਏ ਹਨ। ਉਹ ਹੁਣ ਬੋਲਣ ਦੇ ਵੀ ਯੋਗ ਨਹੀਂ। ਇਸ ਦੇ ਨਾਲ ਹੀ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਕਿਹਾ ਹੈ ਕਿ ਕੇਂਦਰ ਸਰਕਾਰ, ਰਾਜ ਸਰਕਾਰਾਂ ਅਤੇ ਕਿਸੇ ਵੀ ਸੰਵਿਧਾਨਕ ਅਦਾਰੇ ਨੂੰ ਕੋਈ ਭੁਲੇਖਾ ਨਾ ਰਹੇ, ਜਗਜੀਤ ਸਿੰਘ ਡੱਲੇਵਾਲ ਦੀ ਕੀਟੋਨ ਬਾਡੀ ਸਮੇਤ ਸਾਰੇ ਟੈਸਟ ਸਰਕਾਰੀ ਡਾਕਟਰਾਂ ਤੋਂ ਕਰਵਾਏ ਜਾਣ ਅਤੇ ਉਨ੍ਹਾਂ ਦੀ ਰਿਪੋਰਟ ਦੇਸ਼ ਨਾਲ ਸਾਂਝਾ ਕੀਤੀ ਜਾਵੇ।
MSP ਨੂੰ ਲੈ ਕੇ ਹਰਿਆਣਾ ਸਰਕਾਰ ਨੂੰ ਸਵਾਲ
ਕਿਸਾਨ ਆਗੂਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਕੁਝ ਦਿਨ ਪਹਿਲਾਂ ਨੋਟੀਫਿਕੇਸ਼ਨ ਜਾਰੀ ਕਰਕੇ ਕਿਹਾ ਸੀ ਕਿ ਅਸੀਂ ਘੱਟੋ-ਘੱਟ ਸਮਰਥਨ ਮੁੱਲ 'ਤੇ 24 ਫਸਲਾਂ ਦੀ ਖਰੀਦ ਦੀ ਗਰੰਟੀ ਦੇਣ ਦਾ ਫੈਸਲਾ ਲੈ ਰਹੇ ਹਾਂ। ਦੋਵਾਂ ਮੋਰਚਿਆਂ ਦੇ ਆਗੂ ਹਰਿਆਣਾ ਸਰਕਾਰ ਤੋਂ ਪੁੱਛਣਾ ਚਾਹੁੰਦੇ ਹਨ ਕਿ ਕੀ ਕੋਈ ਵੀ ਸੂਬਾ ਸਰਕਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਫਸਲਾਂ ਖਰੀਦਣ ਲਈ ਆਪਣੇ ਪੱਧਰ 'ਤੇ ਵਿੱਤੀ ਸਾਧਨਾਂ ਦਾ ਪ੍ਰਬੰਧ ਕਰ ਸਕਦੀ ਹੈ?
ਕਿਸਾਨ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਏਜੰਸੀਆਂ ਜ਼ਿਆਦਾਤਰ ਕੇਂਦਰੀ ਪੂਲ ਦੀ ਖਰੀਦ ਕਰਦੀਆਂ ਹਨ। ਇਸ ਦਾ ਬਜਟ ਕੇਂਦਰ ਸਰਕਾਰ ਤੋਂ ਆਉਂਦਾ ਹੈ। ਕੀ ਕੋਈ ਸੂਬਾ ਸਰਕਾਰ ਕੇਂਦਰ ਸਰਕਾਰ ਦੇ ਸਹਿਯੋਗ ਤੋਂ ਬਿਨਾਂ ਘੱਟੋ-ਘੱਟ ਸਮਰਥਨ ਮੁੱਲ 'ਤੇ ਸਾਰੀਆਂ ਫਸਲਾਂ ਖਰੀਦ ਸਕਦੀ ਹੈ? ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ।