ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਦੇ ਨਿਰਮਾਣ ਦਾ ਰਾਹ ਪੂਰੀ ਤਰ੍ਹਾਂ ਸਾਫ਼ ਹੋ ਗਿਆ ਹੈ। ਕੇਂਦਰੀ ਵਾਤਾਵਰਣ ਮੰਤਰਾਲੇ ਤੋਂ ਪੂਰੇ ਮਾਮਲੇ ਵਿੱਚ ਐਨਓਸੀ ਪ੍ਰਾਪਤ ਹੋ ਗਈ ਹੈ, ਜਿਸ ਤੋਂ ਬਾਅਦ ਹੁਣ ਹਰਿਆਣਾ ਨੂੰ ਵਿਧਾਨ ਸਭਾ ਦੀ ਨਵੀਂ ਇਮਾਰਤ ਮਿਲੇਗੀ ਪਰ ਦੂਜੇ ਪਾਸੇ ਕਾਂਗਰਸ ਦੇ ਸੀਨੀਅਰ ਆਗੂ ਰਾਜ ਕੁਮਾਰ ਵੇਰਕਾ ਨੇ ਇਸ ਦਾ ਵਿਰੋਧ ਕੀਤਾ ਹੈ ਕਿਉਂਕਿ ਹਰਿਆਣਾ ਨੂੰ ਨਵੀਂ ਇਮਾਰਤ ਬਣਾਉਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕੀਤੀ ਗਈ ਹੈ। ਵੇਰਕਾ ਮੁਤਾਬਿਕ ਨਵੀਂ ਵਿਧਾਨ ਸਭਾ ਪੰਚਕੂਲੇ ਵਿੱਚ ਬਣਨੀ ਚਾਹੀਦੀ ਸੀ ਚੰਡੀਗੜ੍ਹ ਵਿੱਚ ਇਸ ਨੂੰ ਬਣਾ ਕੇ ਪੰਜਾਬ ਦੇ ਹੱਕਾਂ ਉੱਤੇ ਡਾਕਾ ਮਾਰਿਆ ਜਾ ਰਿਹਾ ਹੈ।
ਹਰਿਆਣਾ ਨੂੰ ਮਿਲੇਗੀ ਨਵੀਂ ਵਿਧਾਨ ਸਭਾ ਇਮਾਰਤ
ਤੁਹਾਨੂੰ ਦੱਸ ਦੇਈਏ ਕਿ ਹਰਿਆਣਾ ਵਿੱਚ ਵਿਧਾਨ ਸਭਾ ਦੀ ਜ਼ਮੀਨ ਦੀ ਥਾਂ 12 ਏਕੜ ਜ਼ਮੀਨ ਦਿੱਤੀ ਜਾਣੀ ਹੈ, ਜਿਸ ਵਿੱਚ ਈਕੋ-ਸੈਂਸਟਿਵ ਜ਼ੋਨ ਨੂੰ ਲੈ ਕੇ ਕਈ ਰੁਕਾਵਟਾਂ ਸਨ, ਜੋ ਹੁਣ ਦੂਰ ਹੋ ਗਈਆਂ ਹਨ। ਚੰਡੀਗੜ੍ਹ ਵਿੱਚ ਹੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਲਈ ਸਾਬਕਾ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਨੇ ਯਤਨ ਸ਼ੁਰੂ ਕਰ ਦਿੱਤੇ ਸਨ। ਚੰਡੀਗੜ੍ਹ ਪ੍ਰਸ਼ਾਸਨ ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਜ਼ਮੀਨ ਦੇਣ ਦੀ ਤਜਵੀਜ਼ ਨੂੰ ਮਨਜ਼ੂਰੀ ਦਿੱਤੀ ਸੀ ਪਰ ਵਾਤਾਵਰਣ ਅਤੇ ਜੰਗਲਾਤ ਦੀ ਮਨਜ਼ੂਰੀ ਕਾਰਨ ਇਹ ਸਾਰੀ ਪ੍ਰਕਿਰਿਆ ਠੱਪ ਹੋ ਗਈ ਸੀ। ਇਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਕੇਂਦਰੀ ਵਾਤਾਵਰਣ ਮੰਤਰਾਲੇ ਨੂੰ ਬਦਲਾਅ ਦਾ ਪ੍ਰਸਤਾਵ ਭੇਜਿਆ ਸੀ। ਹੁਣ ਕੇਂਦਰ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸ ਕਾਰਨ ਸਾਰੀਆਂ ਰੁਕਾਵਟਾਂ ਖਤਮ ਹੋ ਗਈਆਂ ਹਨ।
ਅਮਿਤ ਸ਼ਾਹ ਨੇ ਦਿੱਤੀ ਮਨਜ਼ੂਰੀ
ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਲਈ ਜ਼ਮੀਨ ਦੇਣ ਦੇ ਪ੍ਰਸਤਾਵ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਸੀ। ਹਰਿਆਣਾ ਵਿੱਚ ਨਵੀਂ ਵਿਧਾਨ ਸਭਾ ਲਈ ਰੇਲਵੇ ਸਟੇਸ਼ਨ ਤੋਂ ਆਈਟੀ ਪਾਰਕ ਨੂੰ ਜਾਂਦੀ ਸੜਕ ਦੇ ਨੇੜੇ ਚੰਡੀਗੜ੍ਹ ਵੱਲੋਂ 10 ਏਕੜ ਜ਼ਮੀਨ ਦਿੱਤੀ ਗਈ ਹੈ। ਬਦਲੇ ਵਿੱਚ ਹਰਿਆਣਾ ਤੋਂ 12 ਏਕੜ ਜ਼ਮੀਨ ਲਈ ਜਾਵੇਗੀ। ਇਹ ਜ਼ਮੀਨ ਈਕੋ-ਸੰਵੇਦਨਸ਼ੀਲ ਜ਼ੋਨ ਵਿੱਚ ਆਉਂਦੀ ਹੈ ਪਰ ਕੇਂਦਰੀ ਵਾਤਾਵਰਨ ਮੰਤਰਾਲੇ ਨੇ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕਰਕੇ ਬਦਲਾਅ ਕੀਤਾ ਹੈ। ਨੋਟੀਫਿਕੇਸ਼ਨ ਜਾਰੀ ਹੋਣ 'ਤੇ ਹਰਿਆਣਾ ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ।