ਬਠਿੰਡਾ: ਕਿਸਾਨ ਅੰਦੋਲਨ ਦੌਰਾਨ 21 ਫਰਵਰੀ ਨੂੰ ਪੰਜਾਬ ਹਰਿਆਣਾ ਬਾਰਡਰ ਖਨੌਰੀ ਵਿਖੇ ਗੋਲੀ ਦਾ ਸ਼ਿਕਾਰ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦਾ ਭਾਵੇਂ ਐਫਆਈਆਰ ਦਰਜ ਕਰਨ ਤੋਂ ਬਾਅਦ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ ਪਰ ਇੱਕ ਵਾਰ ਫਿਰ ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਸ਼ੁੱਭਕਰਨ ਸਿੰਘ ਮਾਮਲੇ ਵਿੱਚ ਆਹਮੋ ਸਾਹਮਣੇ ਨਜ਼ਰ ਆ ਰਹੀਆਂ ਹਨ। ਸ਼ੁੱਭਕਰਮ ਸਿੰਘ ਦੀ ਅੰਤਿਮ ਅਰਦਾਸ ਤਿੰਨ ਮਾਰਚ ਭਾਵ ਅੱਜ ਪਿੰਡ ਬੱਲੋ ਦੀ ਦਾਣਾ ਮੰਡੀ ਵਿਖੇ ਰੱਖੀ ਗਈ ਹੈ।
ਸਰਕਾਰੀ ਐਲਾਨ ਦੇ ਬਾਵਜੂਦ ਨਹੀਂ ਮਿਲੀ ਮਦਦ: ਅੰਤਿਮ ਅਰਦਾਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਸ਼ੁੱਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਆਰਥਿਕ ਮਦਦ ਅਤੇ ਉਸਦੀ ਭੈਣ ਅਮਨਦੀਪ ਕੌਰ ਨੂੰ ਦਿੱਤੀ ਗਈ ਸਰਕਾਰੀ ਨੌਕਰੀ ਦੀ ਜੁਆਇਨਿੰਗ ਲੈਟਰ ਦੇਣ ਦੀ ਮੰਗ ਕਰ ਰਹੇ ਹਨ। ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ੁੱਭਕਰਨ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਅਤੇ ਇੱਕ ਕਰੋੜ ਰੁਪਏ ਆਰਥਿਕ ਮਦਦ ਅਤੇ ਉਸਦੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਸ਼ੁੱਭਕਰਨ ਸਿੰਘ ਦੇ ਪਰਿਵਾਰ ਨੂੰ ਆਰਥਿਕ ਮਦਦ ਅਤੇ ਉਸਦੀ ਭੈਣ ਨੂੰ ਸਰਕਾਰੀ ਨੌਕਰੀ ਦਾ ਜੁਆਇਨਿੰਗ ਲੈਟਰ ਨਹੀਂ ਦਿੱਤਾ ਗਿਆ। ਇਸ ਦੇ ਚੱਲਦੇ ਕਿਸਾਨ ਜਥੇਬੰਦੀਆਂ ਵਿੱਚ ਕਿਤੇ ਨਾ ਕਿਤੇ ਰੋਸ ਵੇਖਣ ਨੂੰ ਮਿਲ ਰਿਹਾ ਹੈ।
ਕਿਸਾਨਾਂ ਦੀ ਥਾਂ ਕੇਂਦਰ ਦਾ ਪੱਖ ਪੂਰ ਰਹੀ ਪੰਜਾਬ ਸਰਕਾਰ: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕੇਂਦਰ ਦਾ ਪੱਖ ਪੂਰ ਰਹੀ ਹੈ, ਜਦੋਂ ਕਿ ਕਿਸਾਨਾਂ ਦੀ ਲੜਾਈ ਕੇਂਦਰ ਸਰਕਾਰ ਨਾਲ ਹੈ ਅਤੇ ਪੰਜਾਬ ਸਰਕਾਰ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਕੇਂਦਰ ਸਰਕਾਰ ਦਾ ਪੱਖ ਪੂਰ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਵੱਲੋਂ ਸ਼ੁੱਭਕਰਨ ਸਿੰਘ ਦੇ ਮਾਮਲੇ ਵਿੱਚ ਐਫਆਈਆਰ ਵਿੱਚ ਦੇਰੀ ਕੀਤੀ ਗਈ ਹੈ ਤੇ ਹੁਣ ਜਦੋਂ ਐਫੳਈਆਰ ਦਰਜ ਕੀਤੀ ਗਈ ਤਾਂ ਉਹ ਵੀ ਅਣਪਛਾਤਿਆਂ ਖਿਲਾਫ਼ ਜ਼ੀਰੋ ਐਫਆਈਆਰ ਦਰਜ ਕੀਤੀ ਗਈ ਹੈ।
ਪ੍ਰਿਤਪਾਲ ਸਿੰਘ ਦੇ ਮਾਮਲੇ 'ਚ ਨਹੀਂ ਕੀਤੀ ਕੋਈ ਕਾਰਵਾਈ: ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਸਰਕਾਰ ਨਾਲ ਗੱਲਬਾਤ ਹੋਣ ਦੇ ਬਾਵਜੂਦ ਹਰਿਆਣਾ ਪੁਲਿਸ ਵੱਲੋਂ ਕਿਡਨੈਪ ਕਰਕੇ ਪ੍ਰਿਤਪਾਲ ਸਿੰਘ ਦੀ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿੱਚ ਮਾਮਲਾ ਦਰਜ ਨਹੀਂ ਕੀਤਾ ਗਿਆ। ਜਦਕਿ ਹਰਿਆਣਾ ਵੱਲੋਂ ਲਗਾਤਾਰ ਪੀਜੀਆਈ ਵਿੱਚੋਂ ਇਲਾਜ ਕਰਵਾ ਰਹੇ ਪ੍ਰਿਤਪਾਲ ਸਿੰਘ ਨੂੰ ਲਿਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਪ੍ਰਿਤਪਾਲ ਸਿੰਘ ਨੂੰ ਅਗਵਾਹ ਕਰਕੇ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਇਹ ਬਹੁਤ ਮੰਦਭਾਗੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ੁੱਭਕਰਨ ਸਿੰਘ ਦੇ ਪਰਿਵਾਰ ਨੂੰ ਹਾਲੇ ਤੱਕ ਬਣਦੀ ਆਰਥਿਕ ਮਦਦ ਅਤੇ ਉਸਦੀ ਭੈਣ ਨੂੰ ਸਰਕਾਰੀ ਨੌਕਰੀ ਦਾ ਜੁਆਇਨਿੰਗ ਲੈਟਰ ਨਹੀਂ ਦਿੱਤਾ ਗਿਆ।