ਚੰਡੀਗੜ੍ਹ: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਖਰੜ ਸੀਆਈਏ ਦਫ਼ਤਰ ਅੰਦਰ ਹੋਈ ਇੰਟਰਵਿਊ ਦੇ ਮਾਮਲੇ ਵਿੱਚ ਬਰਖ਼ਾਸਤ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਨ ਨੂੰ ਖਤਰਾ ਦੱਸਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਸੁਣਵਾਈ ਦੌਰਾਨ ਗੁਰਸ਼ੇਰ ਸੰਧੂ ਨੇ ਆਪਣੀ ਅਰਜ਼ੀ ਦਾਖਲ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਗੈਂਗਸਟਰਾਂ ਕੋਲੋਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਖਤਰਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਦਿੱਤੀ ਗਈ ਉਨ੍ਹਾਂ ਦੀ ਸੁਰੱਖਿਆ ਹੁਣ ਵਾਪਿਸ ਲੈ ਲਈ ਗਈ ਹੈ, ਜੋ ਕਿ ਗ਼ਲਤ ਹੈ। ਗੁਰਸ਼ੇਰ ਸੰਧੂ ਦੇ ਵਕੀਲ ਨੇ ਮਾਣਯੋਗ ਹਾਈ ਕੋਰਟ ਵਿੱਚ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਅਜੇ ਵੀ ਖਤਰਾ ਹੈ ਅਤੇ ਖਤਰੇ ਦਾ ਅੰਦਾਜ਼ਾ ਲਾਏ ਬਿਨਾਂ ਉਨ੍ਹਾਂ ਦੀ ਸੁਰੱਖਿਆ ਵਾਪਿਸ ਲੈਣਾ ਨਜਾਇਜ਼ ਹੈ। ਉਨ੍ਹਾਂ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਨੂੰ ਬਹਾਲ ਕੀਤਾ ਜਾਏ।
ਡੀਜੀਪੀ ਪ੍ਰਬੋਧ ਕੁਮਾਰ ਨੂੰ ਜਾਂਚ ਜਾਰੀ ਰੱਖਣ 'ਤੇ ਵਿਵਾਦ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੱਛਿਆ ਕਿ ਕੀ ਡੀਜੀਪੀ ਪ੍ਰਬੋਧ ਕੁਮਾਰ ਨੂੰ ਇਸ ਮਾਮਲੇ ਦੀ ਜਾਂਚ ਅੱਗੇ ਜਾਰੀ ਰੱਖ ਸਕਦੇ ਹਨ, ਕਿਉਂਕਿ ਉਹ ਇਸ ਮਹੀਨੇ ਸੇਵਾਮੁਕਤ ਹੋਣ ਜਾ ਰਹੇ ਹਨ। ਪੰਜਾਬ ਸਰਕਾਰ ਨੇ ਇਸ ਸਵਾਲ 'ਤੇ ਵਿਚਾਰ ਕਰਨ ਲਈ ਸਮਾਂ ਮੰਗਿਆ ਹੈ। ਵਕੀਲ ਤਨੂ ਬੇਦੀ ਨੇ ਸੁਝਾਅ ਦਿੱਤਾ ਕਿ ਜਾਂਚ ਨੂੰ ਪ੍ਰਬੋਧ ਕੁਮਾਰ ਵੱਲੋਂ ਹੀ ਜਾਰੀ ਰੱਖਣਾ ਬੇਹਤਰ ਹੋਵੇਗਾ ਕਿਉਂਕਿ ਉਹ ਮਾਮਲੇ ਨੂੰ ਚੰਗੀ ਤਰ੍ਹਾਂ ਸਮਝਦੇ ਹਨ।
ਸੁਰੱਖਿਆ ਦੇ ਮੁੱਦੇ 'ਤੇ ਵੱਖਰੀ ਪਟੀਸ਼ਨ ਦਾਇਰ ਕਰਨ ਦੇ ਹੁਕਮ
ਮਾਣਯੋਗ ਹਾਈ ਕੋਰਟ ਨੇ ਗੁਰਸ਼ੇਰ ਸੰਧੂ ਦੇ ਵਕੀਲ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਆ ਚਾਹੀਦੀ ਹੈ ਤਾਂ ਉਹ ਇਸ ਲਈ ਵੱਖਰੀ ਪਟੀਸ਼ਨ ਦਾਖਲ ਕਰਨ। ਹਲਾਂਕਿ, ਵਕੀਲ ਨੇ ਬੇਨਤੀ ਕੀਤੀ ਕਿ ਸਰਕਾਰ ਕੋਲੋਂ ਜਵਾਬ ਮੰਗਿਆ ਜਾਏ ਕਿ ਉਨ੍ਹਾਂ ਦੇ ਪਰਿਵਾਰ ਨੂੰ ਅਜੇ ਵੀ ਖਤਰਾ ਹੈ ਜਾਂ ਨਹੀਂ। ਹਾਈ ਕੋਰਟ ਨੇ ਸੁਣਵਾਈ ਨੂੰ ਦੋ ਦਿਨ ਲਈ ਮੁਅੱਤਲ ਕਰ ਦਿੱਤਾ ਹੈ ਅਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਜਵਾਬ ਦੇਣ ਲਈ ਕਿਹਾ ਹੈ।