ਲੁਧਿਆਣਾ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਲੁਧਿਆਣਾ ਦੇ ਡੀਐਮਸੀ ਹਸਪਤਾਲ ਦੇ ਵਿੱਚੋਂ ਹੀ ਭੁੱਖ ਹੜਤਾਲ ਜਾਰੀ ਹੈ। ਬੀਤੇ ਦਿਨ ਉਨ੍ਹਾਂ ਨੇ ਭੁੱਖ ਹੜਤਾਲ 'ਤੇ ਬੈਠਣਾ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਡੱਲੇਵਾਲ ਨੂੰ ਹਿਰਾਸਤ ਦੇ ਵਿੱਚ ਲੈ ਲਿਆ। ਇਥੋਂ ਤੱਕ ਕਿ ਡੱਲੇਵਾਲ ਦੀ ਕੋਈ ਫਾਈਲ ਵੀ ਹਾਲੇ ਤੱਕ ਡੀਐਮਸੀ ਹਸਪਤਾਲ ਦੇ ਵਿੱਚ ਨਹੀਂ ਬਣਾਈ ਗਈ ਹੈ। ਦੱਸ ਦੇਈਏ ਕਿ ਡੱਲੇਵਾਲ ਨੇ ਐਲਾਨ ਕੀਤਾ ਸੀ ਕਿ ਉਹ ਮਰਨ ਵਰਤ 'ਤੇ ਬੈਠ ਜਾਣਗੇ। ਭੁੱਖ ਹੜਤਾਲ ਅਣਮਿੱਥੇ ਸਮੇਂ ਲਈ ਕਰਨ ਦਾ ਉਨ੍ਹਾਂ ਨੇ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਦੇ ਵਿੱਚ ਲੈ ਕੇ ਡੀਐਮਸੀ ਹਸਪਤਾਲ ਦਾਖਲ ਕਰਵਾ ਦਿੱਤਾ ਹੈ। ਡੀਐਮਸੀ ਹਸਪਤਾਲ ਦੇ ਵਿੱਚ ਹੀ ਡੱਲੇਵਾਲ ਵੱਲੋਂ ਆਪਣੀ ਭੁੱਖ ਹੜਤਾਲ ਜਾਰੀ ਰੱਖੀ ਗਈ ਹੈ। ਜਿਸ ਨੂੰ ਲੈ ਕੇ ਸਿਆਸੀ ਆਗੂ ਵੀ ਉਨ੍ਹਾਂ ਦੇ ਹੱਕ ਵਿੱਚ ਬੋਲ ਰਹੇ ਹਨ।
ਜਾਇਜ਼ ਹਨ ਕਿਸਾਨਾਂ ਦੀਆਂ ਮੰਗਾਂ
ਉੱਥੇ ਹੀ ਲੁਧਿਆਣਾ ਤੋਂ ਸਾਬਕਾ ਐਮਐਲਏ ਅਤੇ ਕਾਂਗਰਸ ਦੇ ਸੀਨੀਅਰ ਆਗੂ ਕੁਲਦੀਪ ਵੈਦ ਨੇ ਕਿਹਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਐਮਐਸਪੀ ਦਿੱਤੀ ਜਾਵੇਗੀ। ਇਨ੍ਹਾਂ ਦੇ ਕੈਬਨਿਟ ਮੰਤਰੀ ਦਾ ਬਿਆਨ ਸਾਹਮਣੇ ਆਇਆ ਸੀ। ਉਨ੍ਹਾਂ ਨੇ ਕਿਹਾ ਕਿ ਹੁਣ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਗੌਰ ਫਰਮਾਉਣੀ ਚਾਹੀਦੀ ਹੈ।
ਪ੍ਰਦਰਸ਼ਨ ਕਰਨਾ ਲੋਕਤੰਤਰਿਕ ਅਧਿਕਾਰ ਹੈ
ਸੀਨੀਅਰ ਆਗੂ ਕੁਲਦੀਪ ਵੈਦ ਨੇ ਕਿਹਾ ਕਿ ਕੈਪਟਨ ਸਰਕਾਰ ਵੇਲੇ ਕਿਸਾਨਾਂ ਦਾ ਕਰਜ਼ਾ ਮਾਫ ਕੀਤਾ ਗਿਆ ਸੀ ਅਸੀਂ ਜੋ ਕਿਹਾ ਸੀ ਉਹ ਕਰਕੇ ਵਿਖਾਇਆ ਸੀ। ਕੁਲਦੀਪ ਵੈਦ ਨੇ ਇਹ ਵੀ ਕਿਹਾ ਕਿ ਪ੍ਰਦਰਸ਼ਨ ਕਰਨਾ ਲੋਕਤੰਤਰਿਕ ਅਧਿਕਾਰ ਹੈ ਇਸ ਨੂੰ ਰੋਕਿਆ ਨਹੀਂ ਜਾ ਸਕਦਾ। ਡੱਲੇਵਾਲ ਨੂੰ ਇਸ ਤਰ੍ਹਾਂ ਡੀਐਮਸੀ ਦੇ ਵਿੱਚ ਰੱਖਣ ਦੀ ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਹੈ, ਨਾਲ ਹੀ ਕਿਹਾ ਕਿ ਜੋ ਸ਼ੰਭੁ ਬਾਰਡਰ ਕਿਸਾਨਾਂ ਵੱਲੋਂ ਬੰਦ ਕੀਤਾ ਗਿਆ ਹੈ। ਉਸ ਨੂੰ ਖੋਲ ਦੇਣਾ ਚਾਹੀਦਾ ਹੈ ਕਿਉਂਕਿ ਪੰਜਾਬ ਤੋਂ ਦਿੱਲੀ ਜਾਣ ਵਾਲੇ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਪਰੇਸ਼ਾਨ ਕਰਕੇ ਮਸਲੇ ਦੇ ਹੱਲ ਨਹੀਂ ਹੋਣੇ ਨਹੀਂ ਕਾਫੀ ਧਰਨਿਆਂ ਦੇ ਬੈਠ ਜਾਂਦੇ ਹਨ।