ਬਠਿੰਡਾ : ਜ਼ਿਲ੍ਹਾ ਬਠਿੰਡਾ ਦੇ ਰੇਲਵੇ ਜੰਕਸ਼ਨ ਨੇੜੇ ਮਾਲ ਰੋਡ ਦੇ ਫੁੱਟਪਾਥ 'ਤੇ ਨਾਜਾਇਜ਼ ਕਬਜ਼ੇ ਕਰਕੇ ਕਾਰੋਬਾਰ ਕਰਨ ਵਾਲੇ ਲੋਕਾਂ 'ਤੇ ਕਾਰਵਾਈ ਕਰਦਿਆਂ ਅੱਜ ਨਗਰ ਨਿਗਮ ਵੱਲੋਂ ਪੀਲਾ ਪੰਜਾ ਚਲਾਇਆ ਗਿਆ । ਵੱਡੀ ਗਿਣਤੀ ਵਿੱਚ ਪੁਲਿਸ ਬਲ ਲੈ ਕੇ ਪਹੁੰਚੇ ਨਗਰ ਨਿਗਮ ਅਧਿਕਾਰੀਆਂ ਵੱਲੋਂ ਕਬਜ਼ਾਧਾਰੀਆਂ ਨੂੰ ਦੋ ਘੰਟੇ ਦਾ ਸਮਾਂ ਦਿੱਤਾ ਗਿਆ ਅਤੇ ਆਪਣਾ ਸਮਾਨ ਚੁੱਕਣ ਦੀ ਹਿਦਾਇਤ ਦਿੱਤੀ ਗਈ। ਇਸ ਦੌਰਾਨ ਕੁਝ ਦੁਕਾਨਦਾਰਾਂ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਗਿਆ ਪਰ ਪੁਲਿਸ ਪ੍ਰਸ਼ਾਸਨ ਵੱਲੋਂ ਜੇਸੀਬੀ ਮਸ਼ੀਨ ਨਾਲ ਨਾਜਾਇਜ਼ ਕਬਜ਼ੇ ਹਟਾਏ ਗਏ ।
ਪਹਿਲਾਂ ਹੀ ਨਾਜਾਇਜ਼ ਕਬਜ਼ਿਆਂ ਸਬੰਧੀ ਦਿੱਤਾ ਗਿਆ ਨੋਟਿਸ
ਇਸ ਮੌਕੇ ਨਗਰ ਨਿਗਮ ਅਧਿਕਾਰੀਆਂ ਦਾ ਕਹਿਣਾ ਸੀ ਕਿ ਇਨ੍ਹਾਂ ਕਬਜ਼ਾਧਾਰੀਆਂ ਨੂੰ ਪਹਿਲਾਂ ਹੀ ਨੋਟਿਸ ਦੇ ਦਿੱਤਾ ਗਿਆ ਸੀ । ਅਦਾਲਤ ਵਿੱਚੋਂ ਕੇਸ ਜਿੱਤਣ ਉਪਰੰਤ ਅੱਜ ਉਨ੍ਹਾਂ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ । ਕੁਝ ਲੋਕਾਂ ਦੇ ਵਿਰੋਧ ਕੀਤੇ ਜਾਣ 'ਤੇ ਬੋਲਦਿਆਂ ਅਧਿਕਾਰੀਆਂ ਨੇ ਕਿਹਾ ਕਿ ਉਨ੍ਹ ਵੱਲੋਂ ਪਹਿਲਾਂ ਹੀ ਨਜਾਇਜ਼ ਕਬਜ਼ਿਆਂ ਸਬੰਧੀ ਨੋਟਿਸ ਦਿੱਤਾ ਗਿਆ ਸੀ ਅਤੇ ਹੁਣ ਵੀ ਸਮਾਂ ਦਿੱਤਾ ਗਿਆ ਹੈ ਕਿ ਜਿਸ ਵਿਅਕਤੀ ਨੇ ਆਪਣਾ ਸਮਾਨ ਚੁੱਕਣਾ ਹੈ, ਉਹ ਚੁੱਕ ਸਕਦਾ ਹੈ । ਫਿਲਹਾਲ ਉਨ੍ਹਾਂ ਵੱਲੋਂ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਕਾਰਵਾਈ ਕੀਤੀ ਜਾ ਰਹੀ ਹੈ ।
ਪੁਲਿਸ ਵੱਲੋਂ ਮਾਰ ਰੋਡ ਉੱਪਰ ਸਥਿਤ ਨਾਜਾਇਜ਼ ਕਬਜ਼ੇ ਹਟਾਏ
ਪੁਲਿਸ ਅਧਿਕਾਰੀ ਏਐਸਆਈ ਰਜੀਵ ਕੁਮਾਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਅੱਜ ਪੁਲਿਸ ਵੱਲੋਂ ਮਾਰ ਰੋਡ ਉੱਪਰ ਸਥਿਤ ਨਾਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ । ਉਨ੍ਹਾਂ ਨੇ ਕਿਹਾ ਕਿ ਅਦਾਲਤੀ ਹੁਕਮਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਨਗਰ ਨਿਗਮ ਦੀ ਇਸ ਕਾਰਵਾਈ ਵਿੱਚ ਸਹਿਯੋਗ ਦੇਣ ।