ਬਰਨਾਲਾ: ਝੋਨੇ ਦੀ ਖਰੀਦ ਨਾ ਹੋਣ 'ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਬਰਨਾਲਾ-ਮੋਗਾ ਕੌਮੀ ਮਾਰਗ ਉਪਰ ਮੱਲ੍ਹੀਆਂ ਅਤੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਉਪਰ ਟoਲ ਪਲਾਜ਼ਾ ਨੂੰ ਅਣਮਿੱਥੇ ਸਮੇਂ ਲਈ ਪਰਚੀ ਮੁਕਤ ਕਰਕੇ ਸੰਘਰਸ਼ ਸ਼ੁਰੂ ਕਰ ਦਿੱਤਾ ਗਿਆ। ਕਿਸਾਨਾਂ ਵਲੋਂ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਉਥੇ ਭਲਕੇ ਕਿਸਾਨ ਸੰਸਦ ਮੈਂਬਰ ਮੀਤ ਹੇਅਰ ਦੇ ਘਰ ਨੂੰ ਘੇਰਨਗੇ।
ਕਿਸਾਨਾਂ ਨੇ ਟੋਲ ਕੀਤੇ ਮੁਫ਼ਤ
ਇਸ ਮੌਕੇ ਪ੍ਰਦਰਸ਼ਨਕਾਰੀ ਕਿਸਾਨ ਆਗੂਆਂ ਦਰਸ਼ਨ ਸਿੰਘ ਚੀਮਾ, ਗੁਰਨਾਮ ਸਿੰਘ ਫੌਜੀ ਅਤੇ ਬੁੱਕਣ ਸਿੰਘ ਸੱਦੋਵਾਲ ਨੇ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਇੱਕ ਅਕਤੂਬਰ ਤੋਂ ਸ਼ੁਰੂ ਹੋਣੀ ਸੀ, ਪ੍ਰੰਤੂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਝੋਨੇ ਦੀ ਖਰੀਦ ਸਬੰਧੀ ਕੋਈ ਪੁਖ਼ਤਾ ਪ੍ਰਬੰਧ ਨਹੀਂ ਹੋਏ। ਜਿਸ ਕਰਕੇ ਕਿਸਾਨ ਮੰਡੀਆਂ ਵਿੱਚ ਝੋਨਾ ਲੈ ਕੇ ਖੱਜਲ ਖ਼ੁਆਰ ਹੋ ਰਹੇ ਹਨ। ਉਹਨਾਂ ਕਿਹਾ ਕਿ ਅਜੇ ਤੱਕ ਸੈਲਰਾਂ ਵਿੱਚੋਂ ਪੁਰਾਣਾ ਝੋਨਾ ਹੀ ਨਹੀਂ ਚੱਕਿਆ ਗਿਆ।
ਸਾਂਸਦ ਦੇ ਘਰ ਦਾ ਕਰਨਗੇ ਘਿਰਾਓ
ਉੱਥੇ ਆੜਤੀਆਂ ਅਤੇ ਸ਼ੈਲਰ ਮਾਲਕਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ। ਜਿਸ ਕਰਕੇ ਅੱਜ ਕਿਸਾਨ ਜਥੇਬੰਦੀ ਦੇ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਪੂਰੇ ਪੰਜਾਬ ਵਿੱਚ ਟੋਲ ਪਲਾਜ਼ਿਆਂ ਨੂੰ ਫ੍ਰੀ ਕੀਤਾ ਗਿਆ ਹੈ। ਕਿਸੇ ਵੀ ਗੱਡੀ ਦੀ ਟੋਲ ਪਰਚੀ ਨਹੀਂ ਕੱਟਣ ਦਿੱਤੀ ਜਾ ਰਹੀ। ਉਹਨਾਂ ਕਿਹਾ ਕਿ ਭਲਕੇ 18 ਅਕਤੂਬਰ ਨੂੰ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਬਰਨਾਲਾ ਵਿਖੇ ਘਰ ਅੱਗੇ ਵੀ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਸਮਾਂ ਮੰਡੀਆਂ ਵਿੱਚੋਂ ਝੋਨੇ ਦੀ ਸਹੀ ਤਰੀਕੇ ਖਰੀਦ ਸ਼ੁਰੂ ਨਹੀਂ ਹੁੰਦੀ, ਉਨਾਂ ਸਮਾਂ ਉਹਨਾਂ ਦੇ ਇਹ ਧਰਨੇ ਲਗਾਤਾਰ ਦਿਨ ਰਾਤ ਜਾਰੀ ਰਹਿਣਗੇ।